‘ਮੇਰਾ ਕੰਮ ਮੇਰਾ ਮਾਣ’ ਯੋਜਨਾ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਦੀ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੇ ਹੁਨਰ ’ਚ ਨਿਖਾਰ ਲਿਆਉਣ ਅਤੇ ਰੁਜ਼ਗਾਰ ਵਧਾਉਣ ਲਈ ‘ਮੇਰਾ ਕੰਮ ਮੇਰਾ ਮਾਣ’ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ। ਇਸ ਸਕੀਮ ਤਹਿਤ ਟ੍ਰੇਨਿੰਗ ਲੈਣ ਵਾਲੇ ਨੌਜਵਾਨਾਂ ਨੂੰ 2500 ਰੁਪਏ ਮਹੀਨਾ ਭੱਤਾ ਵੀ ਦਿੱਤਾ ਜਾਵੇਗਾ। ਇਸ ਪਾਇਲਟ ਪ੍ਰੋਜੈਕਟ ਤਹਿਤ 90 ਕਰੋੜ ਰੁਪਏ ਦੀ ਲਾਗਤ ਨਾਲ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਮਿਲੇਗਾ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਲੰਪਿਕ ਖੇਡਾਂ, ਏਸ਼ੀਆਈ ਖੇਡਾਂ ਅਤੇ ਰਾਸ਼ਟਰ ਮੰਡਲ ਖੇਡਾਂ ਦੇ ਨਾਲ-ਨਾਲ ਵਿਸ਼ਵ ਕੱਪ ਟੂਰਨਾਮੈਂਟਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਕੋਟੇ ਤਹਿਤ ਵੱਖ-ਵੱਖ ਵਿਭਾਗਾਂ ਵਿਚ ਨੌਕਰੀ ਦਿੱਤੀ ਜਾਵੇਗੀ। ਉਲੰਪਿਕ ਖੇਡਾਂ ਵਿਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਿਤ ਕਰਨ ਮੌਕੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਖਿਡਾਰੀਆਂ ਲਈ ਰੁਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਨਿਯਮਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ ਹੈ।
ਦੂਜੇ ਪਾਸੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਤੱਕ ਵਧਾਈ ਗਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੇ ਅਪ੍ਰੈਲ 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਹੈ ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62,743 ਨੌਜਵਾਨ ਸ਼ਾਮਲ ਹਨ।