Breaking News
Home / ਭਾਰਤ / ਸਿੰਘੂ ਬਾਰਡਰ ’ਤੇ ਦੋ ਦਿਨਾ ਕੌਮੀ ਕਿਸਾਨ ਸੰਮੇਲਨ

ਸਿੰਘੂ ਬਾਰਡਰ ’ਤੇ ਦੋ ਦਿਨਾ ਕੌਮੀ ਕਿਸਾਨ ਸੰਮੇਲਨ

ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਨੂੰ ਹੋ ਗਏ 9 ਮਹੀਨੇ
ਨਵੀਂ ਦਿੱਲੀ/ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 9 ਮਹੀਨੇ ਪੂਰੇ ਹੋ ਗਏ ਹਨ, ਪਰ ਮੋਦੀ ਸਰਕਾਰ ਦੇ ਕੰਨ ’ਤੇ ਅਜੇ ਤੱਕ ਵੀ ਜੂੰ ਨਹੀਂ ਸਰਕੀ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਕਰਵਾਏ ਜਾ ਰਹੇ ਕੌਮੀ ਸੰਮੇਲਨ ਦੀ ਅੱਜ ਸ਼ੁਰੂਆਤ ਹੋਈ। ਇਸ ਮੌਕੇ ਪਹੁੰਚੇ ਵੱਡੀ ਗਿਣਤੀ ਕਿਸਾਨਾਂ ਨੂੰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਇਸ ਦੋ ਦਿਨਾ ਸਮਾਗਮ ਵਿੱਚ ਕਿਸਾਨ-ਮਜ਼ਦੂਰ ਸੰਗਠਨਾਂ ਦੇ 1500 ਡੈਲੀਗੇਟ ਹਿੱਸਾ ਲੈ ਰਹੇ ਹਨ। ਇਸ ਸੰਮੇਲਨ ਦਾ ਉਦੇਸ਼ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਤੇਜ਼ ਅਤੇ ਹੋਰ ਵਿਆਪਕ ਕਰਨ ਲਈ ਰਣਨੀਤੀ ਉਲੀਕਣਾ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਨੂੰ 9 ਮਹੀਨੇ ਹੋ ਗਏ ਹਨ, ਪਰ ਸਰਕਾਰ ਗੱਲਬਾਤ ਕਰਨ ਨੂੰ ਹਾਲੇ ਵੀ ਤਿਆਰ ਨਹੀਂ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਸਿਰਫ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰਾਂਗੇ ਕਿਉਂਕਿ ਭਾਜਪਾ ਨੇ ਕਾਨੂੰਨ ਬਣਾਏ ਹਨ ਅਤੇ ਹੋਰ ਪਾਰਟੀਆਂ ਸਾਡੀ ਹਮਾਇਤ ਵਿਚ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ 25 ਸਤੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾਵੇਗੀ ਅਤੇ ਪੰਜਾਬ ਤੇ ਹਰਿਆਣਾ ਵਿਚ ਭਾਜਪਾ ਨੇਤਾਵਾਂ ਦਾ ਵਿਰੋਧ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ। ਧਿਆਨ ਰਹੇ ਕਿ 22 ਜਨਵਰੀ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਆਖਰੀ ਗੱਲਬਾਤ ਹੋਈ ਸੀ, ਉਸ ਤੋਂ ਬਾਅਦ ਸਰਕਾਰ ਨੇ ਕੋਈ ਹੱਥ ਪੱਲਾ ਨਹੀਂ ਫੜਾਇਆ।

 

Check Also

ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ

ਕਿਹਾ : ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ‘ਡਬਲ ਇੰਜਣ’ ਸਰਕਾਰ ਦਾ ਹੋਣ ਜਾ ਰਿਹਾ ਹੈ ਅੰਤ …