Breaking News
Home / ਦੁਨੀਆ / ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਪਾਕਿਸਤਾਨ ਵੱਲੋਂ ਪ੍ਰਵਾਨਗੀ

ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਪਾਕਿਸਤਾਨ ਵੱਲੋਂ ਪ੍ਰਵਾਨਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਸਬੰਧੀ ਪੁਰਬ ਦੇ ਮੱਦੇਨਜ਼ਰ ਲਿਆ ਫ਼ੈਸਲਾ
ਇਸਲਾਮਾਬਾਦ : ਪਾਕਿਸਤਾਨ ਨੇ 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ 482ਵੇਂ ਪੁਰਬ ਮੌਕੇ ਮੁਕੰਮਲ ਕਰੋਨਾ ਟੀਕਾਕਰਨ ਕਰਵਾ ਚੁੱਕੀ ਸਿੱਖ ਸੰਗਤ ਨੂੰ ਸਖਤ ਕਰੋਨਾ ਨਿਯਮਾਂ ਤਹਿਤ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਆਉਣ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮਾਰਚ 2020 ‘ਚ ਕਰਤਾਰ ਸਾਹਿਬ ਗੁਰਦੁਆਰੇ ਦੀ ਯਾਤਰਾ ਬੰਦ ਕਰ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ‘ਚ ਦੱਸਿਆ ਗਿਆ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਯਾਤਰਾ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਨੈਸ਼ਨਲ ਕਮਾਂਡ ਅਤੇ ਅਪਰੇਸ਼ਨ ਸੈਂਟਰ (ਐੱਨਸੀਓਸੀ) ਵੱਲੋਂ ਲਿਆ ਗਿਆ ਹੈ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐੱਨਸੀਓਸੀ ਦੀ ਮੀਟਿੰਗ ਵਿੱਚ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕਰੋਨਾ ਨਿਯਮਾਂ ਤਹਿਤ ਅਗਲੇ ਮਹੀਨੇ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪ੍ਰਵਾਨਗੀ ਦੇਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ।
ਕਰਤਾਰਪੁਰ ਲਾਂਘਾ ਜਲਦੀ ਖੋਲ੍ਹਣ ਦੀ ਮੰਗ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਹ ਲਾਂਘਾ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦੇਵੇ। ਉਨ੍ਹਾਂ ਕਿਹਾ ਕਿ ਇਹ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਖ਼ਾਸ ਕਰਕੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦਿਹਾੜੇ ਤੋਂ ਪਹਿਲਾਂ ਇਸ ਸਬੰਧੀ ਫ਼ੈਸਲਾ ਲਿਆ ਜਾਵੇ।
ਕਰੋਨਾ ਦੀ ਨੈਗੇਟਿਵ ਰਿਪੋਰਟ ਲਾਜ਼ਮੀ
ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਸਮਾਉਣ ਦਿਵਸ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਤੇ ਹੋਰ ਮੁਲਕਾਂ ਤੋਂ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਕਰੋਨਾ ਸਬੰਧੀ ਟੀਕਾਕਰਨ ਤੇ 72 ਘੰਟੇ ਪੁਰਾਣੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਇਹ ਪ੍ਰੋਟੋਕੋਲ ਪਾਕਿਸਤਾਨ ਸਰਕਾਰ ਦੇ ਨੈਸ਼ਨਲ ਕਮਾਂਡ ਐਂਡ ਅਪਰੇਸ਼ਨ ਸੈਂਟਰ ਇਸਲਾਮਾਬਾਦ ਨੇ ਜਾਰੀ ਕੀਤਾ ਹੈ। ਡਾਇਰੈਕਟਰ ਮਜ਼ਹਰ ਅਜੈਬ ਨੇ ਆਖਿਆ ਕਿ ਜੋਤੀ ਜੋਤ ਦਿਵਸ ਮੌਕੇ ਭਾਰਤੀ ਸ਼ਰਧਾਲੂ ਵਾਹਗਾ ਸਰਹੱਦ ਤੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਆ ਸਕਦੇ ਹਨ। ਇੱਥੇ ਆਉਣ ਵਾਲੇ ਹਰੇਕ ਭਾਰਤੀ ਸ਼ਰਧਾਲੂ ਨੂੰ ਕਰੋਨਾ ਸਬੰਧੀ ਮੁਕੰਮਲ ਟੀਕਾਕਰਨ ਦਾ ਸਰਟੀਫਿਕੇਟ ਤੇ 72 ਘੰਟੇ ਪੁਰਾਣੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਧਾਲੂ ਕਰੋਨਾ ਪਾਜ਼ੇਟਿਵ ਆਉਂਦਾ ਹੈ ਤਾਂ ਉਸ ਨੂੰ ਤੁਰੰਤ ਵਾਪਸ ਭੇਜ ਦਿੱਤਾ ਜਾਵੇਗਾ।

 

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …