Breaking News
Home / ਪੰਜਾਬ / ਅਸ਼ਵਨੀ ਸ਼ਰਮਾ ਕਿਸਾਨਾਂ ਤੋਂ ਡਰਦੇ ਸਾਰੀ ਰਾਤ ਜਲੰਧਰ ਦੇ ਸਰਕਟ ਹਾਊਸ ‘ਚ ਲੁਕੇ ਰਹੇ

ਅਸ਼ਵਨੀ ਸ਼ਰਮਾ ਕਿਸਾਨਾਂ ਤੋਂ ਡਰਦੇ ਸਾਰੀ ਰਾਤ ਜਲੰਧਰ ਦੇ ਸਰਕਟ ਹਾਊਸ ‘ਚ ਲੁਕੇ ਰਹੇ

ਜਲੰਧਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ, ਜਿਸ ਨੂੰ ਅੱਜ 9 ਮਹੀਨੇ ਹੋ ਗਏ ਨੇ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਭਾਜਪਾ ਆਗੂਆਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸਾਨ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ।
ਇਸੇ ਦੌਰਾਨ ਜਲੰਧਰ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਹੀ ਅਸ਼ਵਨੀ ਸ਼ਰਮਾ ਤੇ ਹੋਰ ਭਾਜਪਾ ਆਗੂਆਂ ਦੇ ਸਰਕਟ ਹਾਊਸ ਵਿਖੇ ਮੀਟਿੰਗ ਕਰਨ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਗਏ ਸਨ। ਇਸ ਦੌਰਾਨ ਕਿਸਾਨਾਂ ਨੇ ਅਸ਼ਵਨੀ ਸ਼ਰਮਾ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਅਸ਼ਵਨੀ ਸ਼ਰਮਾ ਸਾਰੀ ਰਾਤ ਸਰਕਟ ਹਾਊਸ ਵਿਚ ਲੁਕੇ ਰਹੇ ਅਤੇ ਬਾਹਰ ਕਿਸਾਨ ਵੀ ਧਰਨਾ ਲਗਾ ਕੇ ਬੈਠੇ ਰਹੇ। ਪੁਲਿਸ ਨੇ ਅੱਜ ਸਵੇਰੇ ਅਸ਼ਵਨੀ ਸ਼ਰਮਾ ਅਤੇ ਹੋਰ ਭਾਜਪਾ ਆਗੂਆਂ ਨੂੰ ਬੜੀ ਸਕੀਮ ਨਾਲ ਦੂਜੇ ਰਸਤਿਓਂ ਬਾਹਰ ਭੇਜ ਦਿੱਤਾ।
ਕਿਸਾਨ ਆਗੂ ਅਮਰਜੋਤ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਹੀ ਕਿਸਾਨ ਇੱਥੇ ਪੁੱਜੇ ਹਨ ਅਤੇ ਭਾਜਪਾ ਆਗੂਆਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸੇ ਦੌਰਾਨ ਕਿਸਾਨਾਂ ਨੇ ਭਾਜਪਾ ਆਗੂਆਂ ਖਿਲਾਫ ਸਰਕਟ ਹਾਊਸ ਤੋਂ ਲੈ ਕੇ ਡੀਸੀ ਦਫ਼ਤਰ ਤਕ ਰੋਸ ਮਾਰਚ ਵੀ ਕੱਢਿਆ।

 

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …