-9.7 C
Toronto
Monday, January 5, 2026
spot_img
Homeਪੰਜਾਬਮਾਲੀ ਤੇ ਗਰਗ ਨੇ ਮਘਾਈ ਸਿਆਸਤ

ਮਾਲੀ ਤੇ ਗਰਗ ਨੇ ਮਘਾਈ ਸਿਆਸਤ

ਨਵਜੋਤ ਸਿੱਧੂ ਨੇ ਮਾਲੀ ਤੇ ਗਰਗ ਨੂੰ ਕੀਤਾ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ ਤੋਂ ਬਾਅਦ ਸੂਬੇ ‘ਚ ਰਾਜਨੀਤੀ ਗਰਮਾ ਗਈ ਹੈ। ਇਸਦੇ ਚੱਲਦਿਆਂ ਨਵਜੋਤ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਤੇ ਡਾ.ਪਿਆਰੇ ਲਾਲ ਗਰਗ ਨੂੰ ਤਲਬ ਕਰ ਲਿਆ ਹੈ। ਇਨ੍ਹਾਂ ਦੋਵੇਂ ਸਲਾਹਕਾਰਾਂ ਨੇ ਪਾਕਿਸਤਾਨ ਅਤੇ ਕਸ਼ਮੀਰ ‘ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸ਼ੋਸ਼ਲ ਮੀਡੀਆ ‘ਤੇ ਇਨ੍ਹਾਂ ਦੀ ਕਿਰਕਿਰੀ ਵੀ ਹੋਈ। ਮਾਲੀ ਨੇ ਮਰਹੂਮ ਪੀਐੱਮ ਇੰਦਰਾ ਗਾਂਧੀ ਦਾ ਵਿਵਦਾਤ ਪੋਸਟਰ ਵੀ ਆਪਣੇ ਫੇਸਬੁੱਕ ਪੇਜ ‘ਤੇ ਲਾਇਆ ਸੀ। ਨਵਜੋਤ ਸਿੱਧੂ ਦੇ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਇਸ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਨੋਟਿਸ ਲਿਆ। ਕੈਪਟਨ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਤੋਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਤੇ ਸਥਿਰਤਾ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਕੈਪਟਨ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤਕ ਸੀਮਿਤ ਰੱਖਣ ਦੀ ਨਸੀਹਤ ਦਿੱਤੀ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਕੈਪਟਨ ਅਮਰਿੰਦਰ ਹੋਰਾਂ ਕਿਹਾ ਕਿ ਚੁਫੇਰਿਓਂ ਨਿੰਦਾ ਹੋਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ। ਮੁੱਖ ਮੰਤਰੀ ਨੇ ਗਰਗ ਦੀ ਟਿੱਪਣੀ ਨੂੰ ਵੀ ਤਰਕਹੀਣ ਅਤੇ ਨਾ-ਵਾਜਬ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਫ਼ੌਜੀ ਸਰਹੱਦਾਂ ‘ਤੇ ਪਾਕਿਸਤਾਨ ਦੀ ਹਮਾਇਤ ਹਾਸਲ ਤਾਕਤਾਂ ਹੱਥੋਂ ਜਾਨਾਂ ਗੁਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗਰਗ ਰਾਜਨੀਤੀ ਤੋਂ ਪ੍ਰੇਰਿਤ ਭੜਕਾਊ ਤੇ ਗੈਰ-ਜ਼ਿੰਮੇਵਾਰੀ ਵਾਲੇ ਬਿਆਨ ਦੇ ਰਹੇ ਹਨ।
ਸਿੱਧੂ ਤੋਂ ਵੱਧ ਸਲਾਹਕਾਰਾਂ ਦੇ ਚਰਚੇ
ਨਵਜੋਤ ਸਿੱਧੂ ਨੇ ਮਾਲੀ ਤੇ ਗਰਗ ਨਾਲ ਕੀਤੀ ਮੀਟਿੰਗ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਚਰਚੇ ਸਿੱਧੂ ਤੋਂ ਵੀ ਜ਼ਿਆਦਾ ਹੋਣ ਲੱਗੇ ਹਨ। ਇਨ੍ਹਾਂ ਦੋਵਾਂ ਸਲਾਹਕਾਰਾਂ ਨੇ ਪਾਕਿਸਤਾਨ ਅਤੇ ਕਸ਼ਮੀਰ ਸਬੰਧੀ ਬਿਆਨ ਦਿੱਤੇ ਜੋ ਚਰਚਾ ਦਾ ਵਿਸ਼ਾ ਬਣ ਗਏ। ਇਸ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਸਿੱਧੂ ਦੇ ਸਲਾਹਕਾਰਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਿੱਧੂ ਦੇ ਸਲਾਹਕਾਰ ਵੀ ਉਸੇ ਤਰਜ਼ ‘ਤੇ ਬੋਲ ਰਹੇ ਹਨ, ਜਿਸ ਤਰ੍ਹਾਂ ਸਿੱਧੂ ਨੇ ਆਪਣੇ ਦੋਸਤ ਪੀ.ਐਮ. ਇਮਰਾਨ ਖਾਨ ਦੇ ਗੁਣਾਂ ਦੀ ਸ਼ਲਾਘਾ ਕੀਤੀ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੁ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਸਿੱਧੂ ਦੇ ਸਲਾਹਕਾਰਾਂ ‘ਤੇ ਕਈ ਸਵਾਲ ਖੜ੍ਹੇ ਕੀਤੇ। ਮਜੀਠੀਆ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਕਸ਼ਮੀਰ ਨੂੰ ਵੱਖਰਾ ਦੇਸ਼ ਹੋਣ ਸਬੰਧੀ ਬਿਆਨ ਦੇ ਕੇ ਭਾਰਤ ਵਿਰੋਧੀ ਕਾਰਵਾਈ ਕੀਤੀ ਹੈ। ਜਿਸ ਕਰਕੇ ਉਸ ‘ਤੇ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਨਵਜੋਤ ਸਿਧੂ ਦੇ ਸਲਾਹਕਾਰ ਪਾਕਿਸਤਾਨ ਦੇ ਪੱਖ ਵਿਚ ਬੋਲ ਰਹੇ ਹਨ, ਜੋ ਭਾਰਤ ਵਿਰੋਧੀ ਕਾਰਵਾਈ ਹੈ। ਮਜੀਠੀਆ ਨੇ ਕਿਹਾ ਕਿ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਦੀ ਬੋਲੀ ਹੁਣ ਸਿੱਧੂ ਦੇ ਸਲਾਹਕਾਰ ਬੋਲਣ ਲੱਗ ਪਏ ਹਨ। ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਬਿਆਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭੜਕਾਊ ਅਤੇ ਗੈਰ ਜ਼ਿੰਮੇਵਾਰੀ ਵਾਲੇ ਦੱਸਿਆ ਸੀ। ਇਸ ਦੇ ਚੱਲਦਿਆਂ ਨਵਜੋਤ ਸਿੱਧੂ ਨੇ ਆਪਣੇ ਇਨ੍ਹਾਂ ਦੋ ਸਲਾਹਕਾਰਾਂ ਡਾ. ਗਰਗ ਅਤੇ ਮਾਲੀ ਨਾਲ ਚਾਰ ਘੰਟਿਆਂ ਤੱਕ ਮੀਟਿੰਗ ਕੀਤੀ ਹੈ। ਸਿਆਸੀ ਹਲਕਿਆਂ ਵਿਚ ਵੀ ਚਰਚਾ ਚੱਲ ਰਹੀ ਹੈ ਜੇਕਰ ਸਿੱਧੂ ਦੇ ਸਲਾਹਕਾਰ ਇਸੇ ਤਰ੍ਹਾਂ ਦੀ ਬਿਆਨਬਾਜ਼ੀ ਕਰਦੇ ਰਹਿਣਗੇ ਤਾਂ ਸਿੱਧੂ ਲਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।

ਕੈਪਟਨ ਦੇ ਹਮਾਇਤੀ ਮੰਤਰੀਆਂ ਨੇ ਸਿੱਧੂ ਦੇ ਸਲਾਹਕਾਰਾਂ ਖਿਲਾਫ ਮੰਗੀ ਕਾਰਵਾਈ
ਮਾਲਵਿੰਦਰ ਸਿੰਘ ਮਾਲੀ ਤੇ ਡਾ. ਪਿਆਰੇ ਲਾਲ ਗਰਗ ਖਿਲਾਫ ਉਠੀ ਆਵਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਪੰਜ ਮੰਤਰੀਆਂ ਅਤੇ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਨਿਸ਼ਾਨੇ ‘ਤੇ ਲਿਆ ਹੈ, ਜਿਨ੍ਹਾਂ ਵੱਲੋਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਵਜ਼ੀਰਾਂ ਤੇ ਵਿਧਾਇਕਾਂ ਨੇ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗ ਵਿਰੁੱਧ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਾਲਵਿੰਦਰ ਮਾਲੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਫੇਸਬੁੱਕ ‘ਤੇ ਪਾਕਿਸਤਾਨੀ ਮਹਿਲਾ ਦੀਆਂ ਤਸਵੀਰਾਂ ਸਾਂਝੀਆਂ ਕਰ ਦਿੱਤੀਆਂ ਹਨ। ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੈਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਇਨ੍ਹਾਂ ਦੋਵਾਂ ਨਵ-ਨਿਯੁਕਤ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ ‘ਤੇ ਭਾਰਤ ਦੇ ਹਿਤਾਂ ਦੇ ਵਿਰੁੱਧ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਨਾਕ ਹਨ।
ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ ਪਾਰਟੀ ਅਤੇ ਦੇਸ਼ ਦੇ ਹਿੱਤ ਲਈ ਸਿੱਧੂ ਨੂੰ ਤੁਰੰਤ ਆਪਣੇ ਸਹਿਯੋਗੀਆਂ ‘ਤੇ ਲਗਾਮ ਲਗਾਉਣ ਦੇ ਨਿਰਦੇਸ਼ ਦਿੱਤੇ ਜਾਣ। ਮੰਤਰੀਆਂ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਦਾਅ ‘ਤੇ ਲਾਉਣ ਅਤੇ ਸਾਡੇ ਦੇਸ਼ ਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਅਜਿਹੇ ਬਿਆਨ ਖ਼ਾਸ ਤੌਰ ‘ਤੇ ਸਰਹੱਦੀ ਰਾਜ ਪੰਜਾਬ ਲਈ ਗੰਭੀਰ ਸਾਬਤ ਹੋ ਸਕਦੇ ਹਨ। ਵਜ਼ੀਰਾਂ ਨੇ ਸਿੱਧੂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਹਾਲਾਂਕਿ ਇਸ ਖਿਲਾਫ ਪਾਰਟੀ ਪੱਧਰ ‘ਤੇ ਵੀ ਆਵਾਜ਼ ਉੱਠੀ ਹੈ, ਪਰ ਇਸ ਮਾਮਲੇ ‘ਤੇ ਸਿੱਧੂ ਦੀ ਚੁੱਪ ਨੇ ਵਿਰੋਧੀ ਪਾਰਟੀਆਂ ਨੂੰ ਬੋਲਣ ਦਾ ਮੌਕਾ ਦਿੱਤਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਘਟਨਾਕ੍ਰਮ ਕਾਂਗਰਸ ਪਾਰਟੀ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ, ਜਿਨ੍ਹਾਂ ਵਿੱਚ ਛੇ ਮਹੀਨਿਆਂ ਤੋਂ ਵੀ ਘੱਟ ਸਮਾਂ ਹੈ , ਨੁਕਸਾਨ ਪਹੁੰਚਾ ਸਕਦਾ ਹੈ।

RELATED ARTICLES
POPULAR POSTS