ਮਨਪ੍ਰੀਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਮਿੱਠਾਪੁਰ ਦੇ ਸਕੂਲ ਦਾ ਨਾਮ
ਚੰਡੀਗੜ੍ਹ/ਬਿਊਰੋ ਨਿਊਜ਼ : ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਿਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ ਹਨ। ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਟੋਕੀਓ ਓਲੰਪਿਕ-2020 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਦੇ ਨਾਂ ‘ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜੀ.ਐਸ.ਐਸ.ਐਸ) ਮਿੱਠਾਪੁਰ, ਜਲੰਧਰ ਦਾ ਨਾਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਹ ਸਕੂਲ ਹੁਣ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੰਮੋਵਾਲ, ਅੰਮ੍ਰਿਤਸਰ ਦਾ ਨਾਮ ਉਪ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਦਾ ਨਾਂ ਓਲੰਪੀਅਨ ਮਨਦੀਪ ਸਿੰਘ ਵਰੁਣ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਰੱਖਿਆ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਅੰਮ੍ਰਿਤਸਰ ਹੁਣ ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਜੋਂ ਜਾਣਿਆ ਜਾਵੇਗਾ ਅਤੇ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ਼ ਫ਼ਰੀਦਕੋਟ ਨੂੰ ਓਲੰਪੀਅਨ ਰੁਪਿੰਦਰਪਾਲ ਸਿੰਘ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ਼ ਫ਼ਰੀਦਕੋਟ ਦਾ ਨਾਮ ਦਿੱਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਨੂੰ ਓਲੰਪੀਅਨ ਹਾਰਦਿਕ ਸਿੰਘ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਦਾ ਨਾਂ ਦਿੱਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਖਲਿਹਰਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਗੁਰਜੰਟ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਲਿਹਰਾ, ਅੰਮ੍ਰਿਤਸਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਰੱਖਿਆ ਗਿਆ ਹੈ।
ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਨੂੰ ਓਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਦਾ ਨਾਮ ਦਿੱਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ., ਕਪੂਰਥਲਾ ਨੂੰ ਓਲੰਪੀਅਨ ਕ੍ਰਿਸ਼ਨ ਬੀ. ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ, ਕਪੂਰਥਲਾ ਦਾ ਨਾਂ ਦਿੱਤਾ ਗਿਆ ਹੈ।