ਕੈਪਟਨ ਅਮਰਿੰਦਰ ਨੇ ਵਿਦੇਸ਼ੀ ਮੰਤਰੀ ਜੈਸ਼ੰਕਰ ਨੂੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ, ਜਿਨ੍ਹਾਂ ਵਿੱਚ ਉਨ੍ਹਾਂ ਦਾ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ, ਵਾਪਸ ਲਿਆਉਣ ਲਈ ਯੂਕੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।
ਮੁੱਖ ਮੰਤਰੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂਕੇ ਦੀ ਸਰਕਾਰ ਕੋਲ ਚੁੱਕਿਆ ਜਾਵੇ, ਤਾਂ ਜੋ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਭਾਰਤ ਸ਼ਹੀਦ ਨੂੰ ਆਪਣੀ ਸ਼ਰਧਾਂਜਲੀ ਭੇਟ ਕਰ ਸਕੇ। ਮੁੱਖ ਮੰਤਰੀ ਨੇ ਲਿਖਿਆ ਹੈ, ‘ਉਸੇ ਪਿਸਤੌਲ ਨਾਲ ਹੀ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿੱਚ ਮਾਈਕਲ ਓ’ਡਵਾਇਰ ਨੂੰ ਮਾਰ ਕੇ ਬਰਤਾਨਵੀ ਹਕੂਮਤ ਤੋਂ ਜੱਲ੍ਹਿਆਂਵਾਲਾ ਬਾਗ ਸਾਕੇ ਦਾ ਬਦਲਾ ਲਿਆ ਸੀ।’ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ।