ਹਰਿਆਣਾ ਨਾਲ ਸਬੰਧਤ ਇਨ੍ਹਾਂ ਖਿਡਾਰਨਾਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ ਦੇ ਚੈਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਵਿੱਚ ਖੇਡਣ ਵਾਲੀਆਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਹਰਿਆਣਾ ਨਾਲ ਸਬੰਧਤ ਤਿੰਨ ਖਿਡਾਰਨਾਂ- ਨਵਜੋਤ ਕੌਰ, ਨਵਰੀਤ ਕੌਰ ਤੇ ਰਾਣੀ ਰਾਮਪਾਲ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸਿਰੋਪਿਆਂ ਨਾਲ ਸਨਮਾਨਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਕਾਂਸੇ ਦਾ ਤਗ਼ਮਾ ਜੇਤੂ ਭਾਰਤੀ ਮਰਦ ਹਾਕੀ ਟੀਮ ਦੇ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਇਨ੍ਹਾਂ ਖਿਡਾਰਨਾਂ ਦਾ ਸਨਮਾਨ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਭਾਰਤੀ ਹਾਕੀ ਨੂੰ ਦੁਬਾਰਾ ਵਿਸ਼ਵ ਕਤਾਰਬੰਦੀ ਵਿੱਚ ਸਿਖ਼ਰ ‘ਤੇ ਲਿਆਉਣ ਦਾ ਕੰਮ ਕੀਤਾ ਹੈ। ਉਨ੍ਹਾਂ ਲੜਕੀਆਂ ਦੀ ਹਾਕੀ ਟੀਮ ਦੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਦੇਸ਼ ਨੂੰ ਉਨ੍ਹਾਂ ਤੋਂ ਵੱਡੀਆਂ ਆਸਾਂ ਹਨ। ਹਰਿਆਣਾ ਦੀਆਂ ਹਾਕੀ ਟੀਮ ਦੀਆਂ ਤਿੰਨ ਖਿਡਾਰਨਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕਰਨ ਆਈਆਂ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਆ ਗਿਆ ਹੈ। ਉਨ੍ਹਾਂ ਖਿਡਾਰਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹਾਕੀ ਖਿਡਾਰਨਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ઑਹਾਕੀ ਚੰਡੀਗੜ੍ਹ ਤੇ ਟਾਇਨੌਰ ਨੇ ਖਿਡਾਰੀ ਸਨਮਾਨੇ
ਚੰਡੀਗੜ੍ਹ : ਹਾਕੀ ਚੰਡੀਗੜ੍ਹ ਤੇ ਟਾਇਨੌਰ ਨੇ ਹੋਟਲ ਵਿੱਚ ਸਨਮਾਨ ਸਮਾਗਮ ਦੌਰਾਨ ਟੋਕੀਓ ਓਲੰਪਿਕ ਦੇ ਭਾਰਤੀ ਹਾਕੀ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਪੰਜ ਖਿਡਾਰੀਆਂ ਨੂੰ ਪੰਜ-ਪੰਜ ਲੱਖ ਤੇ ਦੋ ਕੋਚਾਂ ਨੂੰ 2.5 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਸਨਮਾਨ ਸਮਾਗਮ ਮੌਕੇ ਹਾਕੀ ਖਿਡਾਰੀਆਂ ਨੂੰ ਵਧਾਈ ਦਿੱਤੀ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹਾਕੀ ਚੰਡੀਗੜ੍ਹ ਵੱਲੋਂ ਟੋਕੀਓ ਓਲੰਪਿਕ ਦੇ ਹਾਕੀ ਖਿਡਾਰੀਆਂ ਦਾ ਸਨਮਾਨ ਕਰਨਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਨਵੀਂਆਂ ਖੇਡ ਸਹੂਲਤਾਂ ਦਾ ਨਿਰਮਾਣ ਤੇ ਮੌਜੂਦਾ ਸੁਵਿਧਾਵਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਕਿਹਾ ਕਿ ਹਾਕੀ ਚੰਡੀਗੜ੍ਹ ਦਾ ਹਮੇਸ਼ਾਂ ਤੋਂ ਹੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।