Breaking News
Home / ਪੰਜਾਬ / ਬੇਰੁਜ਼ਗਾਰਾਂ ਲਈ ਪੰਜਾਬ ਸਰਕਾਰ ਦੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਯੋਜਨਾ ਨੂੰ ਹਰੀ ਝੰਡੀ

ਬੇਰੁਜ਼ਗਾਰਾਂ ਲਈ ਪੰਜਾਬ ਸਰਕਾਰ ਦੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਯੋਜਨਾ ਨੂੰ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਦੀ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੇ ਹੁਨਰ ‘ਚ ਨਿਖਾਰ ਲਿਆਉਣ ਅਤੇ ਰੁਜ਼ਗਾਰ ਵਧਾਉਣ ਲਈ ‘ਮੇਰਾ ਕੰਮ ਮੇਰਾ ਮਾਣ’ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ। ਇਸ ਸਕੀਮ ਤਹਿਤ ਟ੍ਰੇਨਿੰਗ ਲੈਣ ਵਾਲੇ ਨੌਜਵਾਨਾਂ ਨੂੰ 2500 ਰੁਪਏ ਮਹੀਨਾ ਭੱਤਾ ਵੀ ਦਿੱਤਾ ਜਾਵੇਗਾ। ਇਸ ਪਾਇਲਟ ਪ੍ਰੋਜੈਕਟ ਤਹਿਤ 90 ਕਰੋੜ ਰੁਪਏ ਦੀ ਲਾਗਤ ਨਾਲ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਮਿਲੇਗਾ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਲੰਪਿਕ ਖੇਡਾਂ, ਏਸ਼ੀਆਈ ਖੇਡਾਂ ਅਤੇ ਰਾਸ਼ਟਰ ਮੰਡਲ ਖੇਡਾਂ ਦੇ ਨਾਲ-ਨਾਲ ਵਿਸ਼ਵ ਕੱਪ ਟੂਰਨਾਮੈਂਟਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਕੋਟੇ ਤਹਿਤ ਵੱਖ-ਵੱਖ ਵਿਭਾਗਾਂ ਵਿਚ ਨੌਕਰੀ ਦਿੱਤੀ ਜਾਵੇਗੀ। ਉਲੰਪਿਕ ਖੇਡਾਂ ਵਿਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਿਤ ਕਰਨ ਮੌਕੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਖਿਡਾਰੀਆਂ ਲਈ ਰੁਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਨਿਯਮਾਂ ‘ਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਤੱਕ ਵਧਾਈ ਗਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੇ ਅਪ੍ਰੈਲ 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਹੈ ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62,743 ਨੌਜਵਾਨ ਸ਼ਾਮਲ ਹਨ।
104 ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਨੌਕਰੀ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਆਨਲਾਈਨ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 104 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੌਕਰੀ ਦਿੱਤੀ ਜਾਵੇਗੀ। ਇਹ ਫੈਸਲਾ ਐਕਸ-ਪੋਸਟ ਫੈਕਟੋ ਪ੍ਰਵਾਨਗੀ ਤਹਿਤ ਲਿਆ ਗਿਆ। ਮੁੱਖ ਮੰਤਰੀ ਵਲੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਲੋੜ ਪੈਣ ‘ਤੇ ਭਵਿੱਖ ਵਿਚ ਵੀ ਅਜਿਹੀ ਰਾਹਤ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ, ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਵਿਚਾਰ ਹੋਵੇਗੀ।

Check Also

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ …