Breaking News
Home / ਪੰਜਾਬ / ਸੁਖਬੀਰ ਬਾਦਲ ਦਾ ਬਾਘਾਪੁਰਾਣਾ ’ਚ ਡਟਵਾਂ ਵਿਰੋਧ

ਸੁਖਬੀਰ ਬਾਦਲ ਦਾ ਬਾਘਾਪੁਰਾਣਾ ’ਚ ਡਟਵਾਂ ਵਿਰੋਧ

ਕਿਸਾਨਾਂ ਨੇ ਸੁਖਬੀਰ ਬਾਦਲ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
ਬਾਘਾਪੁਰਾਣਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 100 ਦਿਨਾਂ ਯਾਤਰਾ ਸ਼ੁਰੂ ਕੀਤੀ ਹੋਈ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਕੱਢੀ ਜਾ ਰਹੀ ਇਸ ਯਾਤਰਾ ਦਾ ਅੱਜ ਬਾਘਾਪੁਰਾਣਾ ਵਿਖੇ ਵੀ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਬਾਘਾਪੁਰਾਣਾ ਵਿਖੇ ਸੁਖਬੀਰ ਦੇ ਆਉਣ ਤਂ ਪਹਿਲਾਂ ਹੀ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਤਿੱਖਾ ਵਿਰੋਧ ਕਰਦਿਆਂ ਧਰਨੇ ਲਗਾ ਕੇ ਸਾਰੇ ਰਸਤੇ ਰੋਕ ਲਏ ਸਨ। ਇਸੇ ਦੌਰਾਨ ਕਿਸਾਨ ਪੁਲਿਸ ਦੀਆਂ ਰੋਕਾਂ ਤੋੜ ਕੇ ਪੰਡਾਲ ਤੱਕ ਵੀ ਪੁੱਜ ਗਏ।
ਜ਼ਿਕਰਯੋਗ ਹੈ ਕਿ ਜਦੋਂ ਕਿਸਾਨ ਪੰਡਾਲ ਵਿੱਚ ਪੁੱਜੇ ਤਾਂ ਅਕਾਲੀ ਆਗੂ ਤੇ ਵਰਕਰ ਵੀ ਝੰਡੇ ਚੁੱਕ ਕੇ ਨਾਆਰੇਬਾਜ਼ੀ ਕਰਨ ਲੱਗ ਪਏ ਤਾਂ ਮਾਹੌਲ ਤਣਾਅ ਵਾਲਾ ਬਣ ਗਿਆ। ਇਸ ਮੌਕੇ ਦੋਵਾਂ ਧਿਰਾਂ ਵਿੱਚ ਤਿੱਖੇ ਸ਼ਬਦੀ ਹਮਲੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ, ਬਲਕਰਨ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯਨੀਅਨ ਦੇ ਆਗੂ ਬਲਦੇਵ ਸਿੰਘ ਜੀਰਾ ਦੀ ਅਗਵਾਈ ਵਿੱਚ ਸੈਂਕੜੇ ਕਿਸਾਨ ਬਾਘਾਪੁਰਾਣਾ ਪੁੱਜੇ ਹੋਏ ਸਨ।
ਇਸੇ ਦੌਰਾਨ ਸੁਖਬੀਰ ਬਾਦਲ ਨੇ ਰੈਲੀ ਦੌਰਾਨ ਬਾਘਾਪੁਰਾਣਾ ਤੋਂ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਅਕਾਲੀ ਦਲ-ਬਸਪਾ ਗਠਜੋੜ ਦਾ ਉਮੀਦਵਾਰ ਵੀ ਐਲਾਨ ਦਿੱਤਾ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਸਿਰਫ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ, ਪਰ ਫਿਰ ਵੀ ਭਾਜਪਾ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵੀ ਕਿਸਾਨ ਵਿਰੋਧ ਕਰ ਰਹੇ ਹਨ।

Check Also

ਪੰਜਾਬ ਪੁਲਿਸ ਨੇ ਇੰਟਰ ਸਟੇਟ ਸਾਈਬਰ ਗਿਰੋਹ ਫੜਿਆ

ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਪੁਲਿਸ …