ਖੇਤੀ ਕਾਨੂੰਨਾਂ ਖਿਲਾਫ ਚੰਡੀਗੜ੍ਹ ’ਚ ਹੱਲਾ ਬੋਲ ਰੈਲੀ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਸੈਕਟਰ-25 ਦੀ ਗਰਾਊਂਡ ਵਿਚ ਹੱਲਾ-ਬੋਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਨੂੰ ਕਾਰਪੋਰੇਟ ਕੰਪਨੀਆਂ ਚਲਾ ਰਹੀਆਂ ਹਨ। ਮੋਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਕਾਰਪੋਰੇਟ ਕੰਪਨੀਆਂ ਦੇ ਹੱਕ ਵਿੱਚ ਫ਼ੈਸਲੇ ਲਏ ਜਾ ਰਹੇ ਹਨ, ਜਿਸ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ।
ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਜਪਾ ਵੱਲੋਂ ਕਈ ਵਾਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਗਏ। ਹੁਣ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ਵਿੱਚ ਪੰਜ ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ 9 ਮਹੀਨਿਆਂ ਤੋਂ ਸੰਘਰਸ਼ ਕਰ ਰਿਹਾ ਹੈ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲੈ ਲਏ ਜਾਂਦੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਲੜਨ ਸਬੰਧੀ ਗੁਰਨਾਮ ਸਿੰਘ ਚੜੂਨੀ ਵੱਲੋਂ ਦਿੱਤਾ ਬਿਆਨ ਉਨ੍ਹਾਂ ਦਾ ਵਿਅਕਤੀਗਤ ਬਿਆਨ ਹੈ। ਇਸ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ। ਧਿਆਨ ਰਹੇ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਮੋਰਚਿਆਂ ’ਤੇ ਇਸ ਅੰਦੋਲਨ ਨੂੰ 9 ਮਹੀਨੇ ਹੋ ਚੁੱਕੇ ਹਨ।