ਪੰਜਾਬ ’ਚ ਮਹਿੰਗੀ ਬਿਜਲੀ ਦੇ ਹੱਲ ਲਈ ਦਿੱਤੇ ਸੁਝਾਅ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਸਵੇਰੇ ਵੀਡੀਓ ਸੰਦੇਸ਼ ਜਾਰੀ ਕਰਕੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਅਪੀਲ ਕੀਤੀ ਗਈ। ਸਿੱਧੂ ਨੇ ਕਿਹਾ ਕਿ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਸੂਬੇ ਦੀ ਜਨਤਾ ਦੇ ਹਿੱਤ ਵਿਚ ਬਿਜਲੀ ਦੇ ਬਿੱਲਾਂ ਦੀ ਸਮੀਖਿਆ ਕਰੇ, ਜੋ ਨਿੱਜੀ ਪਾਵਰ ਪਲਾਂਟਾਂ ਨੂੰ ਭੁਗਤਾਏ ਜਾਂਦੇ ਹਨ। ਸਿੱਧੂ ਨੇ ਇਸ ਸਬੰਧੀ ਕਿਹਾ ਕਿ ਵਿਧਾਨ ਸਭਾ ਦੇ ਸੱਦੇ ਗਏ ਇਜਲਾਸ ਵਿਚ ਨਵਾਂ ਕਾਨੂੰਨ ਲਿਆ ਕੇ ਨੁਕਸਦਾਰ ਪੀ.ਪੀ.ਏ. ਨੂੰ ਹਟਾਇਆ ਜਾਵੇ। ਸਿੱਧੂ ਨੇ ਇਨ੍ਹਾਂ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਨਵਾਂ ਕਾਨੂੰਨ ਬਣਾਉਣ ਖਾਤਰ 5 ਤੋਂ 7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਪਾਣੀਆਂ ਦੀ ਵੰਡ ਖਾਤਰ ਸਮਝੌਤੇ ਨੂੰ ਰੱਦ ਕਰਨ ਵਾਂਗ ਹੀ ਇਸ ਇਜਲਾਸ ਦੌਰਾਨ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ, ਜੋ ਇਕ ਦਿਨ ਦੇ ਇਜਲਾਸ ਦੌਰਾਨ ਹੱਲ ਨਹੀਂ ਹੋ ਸਕਦੇ।