ਬਾਦਲਾਂ ਨੇ ਕੀਤੇ ਹੋਏ ਹਨ ਪ੍ਰਾਈਵੇਟ ਕੰਪਨੀਆਂ ਨਾਲ 122 ਸਮਝੌਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ। ਕਿਉਂਕਿ ਪੰਜਾਬ ਨੂੰ ਰੋਜ਼ਾਨਾ 14 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ ਅਤੇ ਅਸੀਂ ਬਿਜਲੀ ਖਰੀਦੇ ਬਿਨਾਂ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਜੇਕਰ ਅਸੀਂ ਸਾਰੇ ਬਿਜਲੀ ਸਮਝੌਤੇ ਰੱਦ ਕਰ ਦਿੰਦੇ ਹਾਂ ਤਾਂ ਅਸੀਂ ਪੰਜਾਬ ਦੇ ਲੋਕਾਂ ਦੀ ਮੰਗ ਅਨੁਸਾਰ ਬਿਜਲੀ ਕਿੱਥੋਂ ਖਰੀਦਾਂਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਿਜਲੀ ਨਾਲ ਸਬੰਧਤ ਕੁੱਲ 122 ਸਮਝੌਤੇ ਕੀਤੇ ਗਏ ਹਨ ਜਿਨ੍ਹਾਂ ਸਾਰਿਆਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਸਾਰੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਹ 122 ਬਿਜਲੀ ਸਮਝੌਤੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਵੱਲੋਂ ਕੀਤੇ ਗਏ ਸਨ।