ਰਾਜਪਾਲ ਨੇ ਰਸਮੀ ਵਿਦਾਇਗੀ ਸਮਾਰੋਹ ਮਗਰੋਂ ਅਹੁਦੇ ਦਾ ਚਾਰਜ ਛੱਡਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਸੋਮਵਾਰ ਨੂੰ ਆਪਣੇ ਅਹੁਦੇ ਦਾ ਚਾਰਜ ਛੱਡ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।
ਬਦਨੌਰ ਨੇ 22 ਅਗਸਤ 2016 ਨੂੰ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ ਸੀ। ਬਦਨੌਰ ਨੇ ਆਪਣੇ ਵਿਦਾਇਗੀ ਭਾਸ਼ਣ ਵਿੱਚ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਰਾਜ ਭਵਨ, ਪੰਜਾਬ ਸਰਕਾਰ ਤੇ ਯੂਟੀ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਪੂਰਨ ਸਹਿਯੋਗ ਲਈ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਵੱਲੋਂ ਇਨ੍ਹਾਂ ਪੰਜ ਸਾਲਾਂ ਦੌਰਾਨ ਦਿੱਤੇ ਗਏ ਸਹਿਯੋਗ ਤੇ ਪਿਆਰ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਦਨੌਰ ਵੱਲੋਂ ਭੇਟ ਕੀਤੀ ਗਈ ਕੌਫੀ ਟੇਬਲ ਪੁਸਤਕ ‘ਦਿ ਰਾਜ ਭਵਨ ਪੰਜਾਬ- ਏ ਗਲੋਰੀਅਸ ਜਰਨੀ’ ਵੀ ਰਿਲੀਜ਼ ਕੀਤੀ, ਜਿਸ ਦੀ ਇੱਕ ਕਾਪੀ ਮੁੱਖ ਮੰਤਰੀ ਨੂੰ ਭੇਟ ਕੀਤੀ ਗਈ। ਇਸ ਕਿਤਾਬ ਵਿੱਚ 1947 ਤੋਂ ਹੁਣ ਤੱਕ ਦੇ ਰਾਜਪਾਲਾਂ ਦੇ ਸਾਰੇ ਮਹੱਤਵਪੂਰਨ ਕਾਰਜ ਤੇ ਹੋਰ ਵੇਰਵੇ ਸ਼ਾਮਲ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੂੰ ‘ਪੰਜਾਬ ਰਾਜ ਭਵਨ, ਮਿਨੀ ਰੌਕ ਗਾਰਡਨ-ਪਦਮਸ਼੍ਰੀ ਨੇਕ ਚੰਦ ਨੂੰ ਸ਼ਰਧਾਂਜਲੀ’ ਨਾਂ ਦੀ ਇੱਕ ਹੋਰ ਕਿਤਾਬ ਵੀ ਭੇਟ ਕੀਤੀ ਗਈ। ਬਦਨੌਰ ਅਤੇ ਉਨ੍ਹਾਂ ਦੀ ਪਤਨੀ ਅਲਕਾ ਸਿੰਘ ਨੂੰ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ ਨੇ ਰਸਮੀ ਵਿਦਾਇਗੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇਐੱਮ ਬਾਲਾਮੁਰਗਨ, ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …