Breaking News
Home / ਪੰਜਾਬ / ਪ੍ਰਤਾਪ ਸਿੰਘ ਬਾਜਵਾ ਪੰਜਾਬ ਦੀ ਸਿਆਸਤ ਵਿਚ ਨਿਭਾਉਣਗੇ ਸਰਗਰਮ ਭੂਮਿਕਾ

ਪ੍ਰਤਾਪ ਸਿੰਘ ਬਾਜਵਾ ਪੰਜਾਬ ਦੀ ਸਿਆਸਤ ਵਿਚ ਨਿਭਾਉਣਗੇ ਸਰਗਰਮ ਭੂਮਿਕਾ

ਗੁਰਦਾਸਪੁਰ ਦੇ ਕਿਸੇ ਇੱਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ
ਬਟਾਲਾ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਅਤੇ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਬਾਜਵਾ ਨੇ ਕਿਹਾ ਕਿ ਪਾਰਟੀ ਇੱਕਜੁਟ ਹੈ ਅਤੇ 2022 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਮੁੜ ਸਰਕਾਰ ਬਣਾਵੇਗੀ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਚੋਣ ਲੜਨ ਸਬੰਧੀ ਵਿਧਾਨ ਸਭਾ ਹਲਕੇ ਬਾਰੇ ਫ਼ੈਸਲਾ ਹਾਈਕਮਾਨ ਕਰੇਗੀ। ਪ੍ਰਤਾਪ ਸਿੰਘ ਬਾਜਵਾ ਬਟਾਲਾ ਵਿਖੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਿੰਦਰ ਸਿੰਘ ਚੀਕੂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪਵਨ ਪੰਮਾ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਕਰੀਬੀ ਚੇਅਰਮੈਨ ਰਜਿੰਦਰ ਸਿੰਘ ਸਰੂਪਵਾਲੀ ਨੂੰ ਹਟਾ ਕੇ ਜਿੱਥੇ ਗੁਰਿੰਦਰ ਸਿੰਘ ਚੀਕੂ ਨੂੰ ਚੇਅਰਮੈਨ ਬਣਾਇਆ ਗਿਆ, ਉੱਥੇ ਹੀ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਪਵਨ ਪੰਮਾ ਨੂੰ ਬਣਾਇਆ ਗਿਆ ਹੈ। ਸਿਆਸੀ ਜੂਝ ਰੱਖਣ ਵਾਲੇ ਇਸ ਨੂੰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਧੜੇ ਦੀ ਖਹਿਬਾਜ਼ੀ ਨਾਲ ਜੋੜ ਕੇ ਦੇਖ ਰਹੇ ਹਨ। ਇਸ ਮੌਕੇ ਬਾਜਵਾ ਨੇ ਕਿਹਾ ਕਿ ਬਟਾਲਾ ਵਿੱਚ ਸਰਕਾਰ ਵੱਲੋਂ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਨਾਲ ਗੱਲ ਕਰ ਲਈ ਹੈ। ਬਾਜਵਾ ਨੇ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਨਾਲ ਹਨ।

 

Check Also

ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ …