ਜ਼ਮਾਨਤ ਅਰਜ਼ੀ ਰੱਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਪਹੁੰਚੀਆਂ ਅਦਾਲਤ
ਜਲੰਧਰ/ਬਿਊਰੋ ਨਿਊਜ਼
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਪੰਜਾਬੀ ਗਾਇਕ ਗੁਰਦਾਸ ਮਾਨ ਵਿਵਾਦਾਂ ’ਚ ਘਿਰੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਗੁਰਦਾਸ ਮਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਗੁਰਦਾਸ ਮਾਨ ਵੱਲੋਂ ਜ਼ਮਾਨਤ ਅਰਜੀ ਵੀ ਦਾਇਰ ਕਰਵਾਈ ਗਈ ਸੀ, ਜਿਸ ’ਤੇ ਅੱਜ ਜਲੰਧਰ ਕੋਰਟ ਵਿਚ ਸੁਣਵਾਈ ਹੋਈ। ਮਾਣਯੋਗ ਜੱਜ ਮਨਜਿੰਦਰ ਸਿੰਘ ਦੀ ਅਦਾਲਤ ’ਚ ਲੰਮੀ ਬਹਿਸ ਤੋਂ ਬਾਅਦ ਮਾਣਯੋਗ ਜੱਜ ਨੇ ਫੈਸਲੈ ਨੂੰ ਕੱਲ੍ਹ ਤੱਕ ਸੁਰੱਖਿਅਤ ਰੱਖ ਲਿਆ ਹੈ। ਹੁਣ ਦੇਖਣਾ ਇਹ ਹੈ ਕਿ ਗੁਰਦਾਸ ਮਾਨ ਨੂੰ ਭਲਕੇ ਯਾਨੀ ਬੁੱਧਵਾਰ ਨੂੰ ਜ਼ਮਾਨਤ ਮਿਲਦੀ ਹੈ ਜਾਂ ਨਹੀਂ। ਅੱਜ ਜਦੋਂ ਕੋਰਟ ’ਚ ਸੁਣਵਾਈ ਚੱਲ ਰਹੀ ਸੀ ਤਾਂ ਇਸੇ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਅਦਾਲਤ ਦੇ ਬਾਹਰ ਗੁਰਦਾਸ ਮਾਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਹ ਹਾਈ ਕੋਰਟ ਤੱਕ ਵੀ ਪਹੁੰਚ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਗੁਰਦਾਸ ਮਾਨ ਨੇ ਸਾਂਈ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਗੁਰਦਾਸ ਮਾਨ ਦੇ ਖਿਲਾਫ਼ ਕੇਸ ਦਰਜ ਕਰਵਾਇਆ ਸੀ।