ਜਲੰਧਰ ਦੀ ਅਦਾਲਤ ਨੇ ਜਮਾਨਤ ਦੇਣ ਤੋਂ ਕੀਤਾ ਇਨਕਾਰ
ਜਲੰਧਰ/ਬਿਊਰੋ ਨਿਊਜ਼
ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਜਲੰਧਰ ਦੀ ਅਦਾਲਤ ਵਿਚ ਚੱਲ ਰਿਹਾ ਹੈ। ਇਸ ਮਾਮਲੇ ’ਚ ਅਗਾਊਂ ਜ਼ਮਾਨਤ ਲੈਣ ਲਈ ਗੁਰਦਾਸ ਮਾਨ ਵੱਲੋਂ ਲਗਾਈ ਗਈ ਅਰਜ਼ੀ ਨੂੰ ਜੱਜ ਮਨਜਿੰਦਰ ਸਿੰਘ ਨੇ ਰੱਦ ਕਰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀ ਹਨ। ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਗੁਰਦਾਸ ਮਾਨ ਨੇ ਸਾਂਈ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਗੁਰਦਾਸ ਮਾਨ ਦੇ ਖਿਲਾਫ਼ ਕੇਸ ਦਰਜ ਕਰਵਾਇਆ ਸੀ। ਇਸ ਮਾਮਲੇ ਨੂੰ ਲੰਘੇ ਕੱਲ੍ਹ ਵੀ ਜਲੰਧਰ ਦੀ ਅਦਾਲਤ ਵਿਚ ਸੁਣਵਾਈ ਹੋਈ ਸੀ, ਜਿਸ ਚਲਦਿਆਂ ਜੱਜ ਵੱਲੋਂ ਇਸ ਮਾਮਲੇ ’ਚ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਦਾ ਫੈਸਲਾ ਅੱਜ ਸੁਣਾਇਆ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੀ ਜ਼ਮਾਨਤ ਅਰਜੀ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ।