ਕਿਸਾਨਾਂ ਤੋਂ ਬਦਲਾ ਲੈਣ ਲੱਗੀ ਮੋਦੀ ਸਰਕਾਰ : ਸੰਧਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ਲਈ ਐਲਾਨੇ ਐਮ ਐਸ ਪੀ ਨੂੰ ਕਿਸਾਨਾਂ ਨਾਲ ਕੀਤਾ ਗਿਆ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਸੰਧਵਾਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀ 2022 ਤੱਕ ਆਮਦਨ ਦੁੱਗਣੀ ਕਰਨ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਕਣਕ ਦੇ ਮੁੱਲ ’ਚ ਮਹਿਜ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਅੰਦੋਲਨ ਕਰ ਰਹੇ ਕਿਸਾਨਾਂ ਤੋਂ ਬਦਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨੇ ਐਮ ਐਸ ਪੀ ਸਿਰਫ਼ ਐਲਾਨ ਹੀ ਹੈ ਕਿਉਂਕਿ ਕਿਸੇ ਵੀ ਫਸਲ ਦੇ ਨਿਰਧਾਰਤ ਮੁੱਲ ’ਤੇ ਖਰੀਦ ਕਰਨ ਦੀ ਕੋਈ ਗਰੰਟੀ ਹੀ ਨਹੀਂ ਹੈ, ਜਿਸ ਦੀ ਮੰਗ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਭਾਅ ਵਿਚ ਕੀਤੇ ਗਏ ਵਾਧੇ ਨੂੰ ਸਿਰੇ ਤੋਂ ਨਕਾਰਿਆ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਹ ਕਿਸਾਨਾਂ ਨਾਲ ਕੀਤਾ ਜਾਂਦਾ ਘਟੀਆ ਮਜ਼ਾਕ ਬੰਦ ਕਰੇ ਅਤੇ ਕੇਂਦਰ ਸਰਕਾਰ ਇਸ ਨਿਗੂਣੇ ਵਾਧੇ ’ਤੇ ਮੁੜ ਵਿਚਾਰ ਕਰੇ।