21.8 C
Toronto
Sunday, October 5, 2025
spot_img
Homeਪੰਜਾਬਸੁਮੇਧ ਸੈਣੀ ਨੂੰ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ

ਸੁਮੇਧ ਸੈਣੀ ਨੂੰ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ

ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਕੀਤੀ ਹੈ ਪਟੀਸ਼ਨ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ 7 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਪਟੀਸ਼ਨ ਦਾਇਰ ਕਰਕੇ ਸੈਣੀ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਸੋਮਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਕਾਰ ਬਹਿਸ ਹੋਈ।
ਪੰਜਾਬ ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਸਾਬਕਾ ਡੀਜੀਪੀ ‘ਤੇ ਅਦਾਲਤ ਦੇ ਹੁਕਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਨਾ ਕਰਨ ਦਾ ਇਲਜ਼ਾਮ ਲਗਾਇਆ ਹੈ। ਵਿਜੀਲੈਂਸ ਬਿਊਰੋ ਨੇ ਸੁਮੇਧ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਬਣਾਉਣ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਅਮੀਰ ਬਣਾਉਣ ਅਤੇ ਦੋਵਾਂ ਦੇ ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਦੋਸ਼ ਲਾਏ ਹਨ।
ਸਰਕਾਰੀ ਵਕੀਲ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਲੰਘੀ 12 ਅਗਸਤ ਨੂੰ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ 7 ਦਿਨਾਂ ਦੇ ਅੰਦਰ-ਅੰਦਰ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਸਾਬਕਾ ਡੀਜੀਪੀ 7 ਦਿਨਾਂ ਦੀ ਮਿਆਦ ਦੇ ਆਖਰੀ ਦਿਨ ਦੇਰ ਰਾਤ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਪਹੁੰਚੇ ਸਨ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸੈਣੀ ਨੇ ਅਦਾਲਤ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨਹੀਂ ਕੀਤੀ। ਸਰਕਾਰੀ ਵਕੀਲ ਨੇ ਸੈਣੀ ਦੀ ਗ੍ਰਿਫ਼ਤਾਰੀ ਨੂੰ ਬਿਲਕੁਲ ਜਾਇਜ਼ ਦਸਦਿਆਂ ਕਿਹਾ ਕਿ ਸਾਬਕਾ ਡੀਜੀਪੀ ਨੂੰ ਦਿੱਤੀ ਅਗਾਊਂ ਜ਼ਮਾਨਤ ਰੱਦ ਕੀਤੀ ਜਾਵੇ ਤਾਂ ਜੋ ਉਸ ਨੂੰ ਹਿਰਾਸਤ ਵਿੱਚ ਲੈ ਕੇ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਸਕੇ। ਉਧਰ, ਬਚਾਅ ਪੱਖ ਦਾ ਕਹਿਣਾ ਸੀ ਕਿ ਅਦਾਲਤ ਦੇ ਹੁਕਮਾਂ ‘ਤੇ ਸੁਮੇਧ ਸੈਣੀ ਵਿਜੀਲੈਂਸ ਕੋਲ ਜਾਂਚ ਵਿੱਚ ਸ਼ਾਮਲ ਹੋਣ ਗਏ ਸਨ ਪ੍ਰੰਤੂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਕਿਸੇ ਹੋਰ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

 

RELATED ARTICLES
POPULAR POSTS