Breaking News
Home / ਪੰਜਾਬ / ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਿਚਾਰ ਅਧੀਨ : ਕੈਪਟਨ

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਿਚਾਰ ਅਧੀਨ : ਕੈਪਟਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਸ ਸਬੰਧੀ ਕੀਤੀ ਮੰਗ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਨੇ ਅਜਿਹਾ ਹੀ ਮੰਗ ਪੱਤਰ ਬੀਤੇ ਮਹੀਨੇ ਇਕ ਹੋਰ ਕਾਂਗਰਸੀ ਨੇਤਾ ਪਾਸੋਂ ਪ੍ਰਾਪਤ ਕੀਤਾ ਸੀ ਅਤੇ ਉਹ ਮਾਮਲੇ ਨੂੰ ਵਿਚਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਕੁਝ ਰਿਪੋਰਟਾਂ ਵੀ ਇਹ ਦਰਸਾਉਂਦੀਆਂ ਹਨ ਕਿ ਬਟਾਲਾ ਦੇ ਵਾਸੀਆਂ ਨੇ ਵੀ ਜਨਤਕ ਤੌਰ ਉਤੇ ਆਪਣੇ ਖੇਤਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਨਾ ਤਾਂ ਤ੍ਰਿਪਤ ਬਾਜਵਾ ਤੇ ਨਾ ਹੀ ਸੁਖਜਿੰਦਰ ਰੰਧਾਵਾ ਨੇ ਜਨਤਕ ਤੌਰ ਉਤੇ ਉਠੀ ਇਸ ਮੰਗ ਬਾਰੇ ਰਿਪੋਰਟਾਂ ਨੂੰ ਦੇਖਿਆ ਅਤੇ ਅਜਿਹੇ ਢੰਗ ਨਾਲ ਸਾਂਝਾ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਨਾਲ ਇਸ ਮੁੱਦੇ ਨੂੰ ਵਿਚਾਰਨਾ ਮੁਨਾਸਬ ਸਮਝਿਆ। ਦੋਵਾਂ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਹ ਮੇਰੇ ਕੋਲ ਆਏ ਹੁੰਦੇ ਅਤੇ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਨ੍ਹਾਂ ਨੂੰ ਦੱਸ ਦੇਣਾ ਸੀ ਕਿ ਮੈਂ ਇਸ ਮਾਮਲੇ ਨੂੰ ਪਹਿਲਾਂ ਹੀ ਵਿਚਾਰ ਰਿਹਾ ਹਾਂ ਅਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਵੀ ਕਰ ਲੈਂਦਾ।
ਬਟਾਲਾ ਨੂੰ 13 ਸਤੰਬਰ ਨੂੰ ਮਿਲ ਸਕਦਾ ਹੈ ਜ਼ਿਲ੍ਹੇ ਦਾ ਦਰਜ਼ਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਖ ਚੁੱਕੇ ਹਨ ਕਿ ਉਹ ਬਟਾਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਮਾਮਲਾ ਗੰਭੀਰਤਾ ਨਾਲ ਵਿਚਾਰ ਰਹੇ ਹਨ।
ਧਿਆਨ ਰਹੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 13 ਸਤੰਬਰ ਨੂੰ ਆ ਰਹੇ ਵਿਆਹ ਪੁਰਬ ਮੌਕੇ ਬਟਾਲਾ ਨੂੰ ਜ਼ਿਲ੍ਹਾ ਐਲਾਨੇ ਜਾਣ ਦੀ ਪੂਰੀ ਉਮੀਦ ਹੈ।
ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਗਵਾੜਾ ਨੂੰ ਜ਼ਿਲ੍ਹਾ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਚਿੱਠੀ ਵਿਚ ਲਿਖਿਆ ਕਿ ਸਰਕਾਰ ਨੇ ਜਿੱਥੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਫੈਸਲਾ ਕੀਤਾ ਹੈ, ਉਥੇ ਨੈਸ਼ਨਲ ਹਾਈਵੇ ਦੇ ਨਾਲ ਲਗਦੇ ਉਦਯੋਗਿਕ ਸ਼ਹਿਰ ਫਗਵਾੜਾ ਨੂੰ ਫਲੌਰ, ਗੁਰਾਇਆ ਅਤੇ ਬਹਿਰਾਮਪੁਰ ਇਲਾਕਿਆਂ ਨੂੰ ਮਿਲਾ ਕੇ ਨਵਾਂ ਜ਼ਿਲ੍ਹਾ ਬਣਾਇਆ ਜਾਵੇ।

Check Also

ਜ਼ਿਮਨੀ ਚੋਣਾਂ: ਪੰਜਾਬ ਵਿਚ ‘ਆਪ’ ਤਿੰਨ ਤੇ ਕਾਂਗਰਸ ਇਕ ਸੀਟ ‘ਤੇ ਕਾਬਜ਼

ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਬਰਨਾਲਾ …