ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਨੇ ਅੱਜ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਚੰਡੀਗੜ੍ਹ ਵਿਚ ਵੱਖੋ-ਵੱਖਰੇ ਤੌਰ ’ਤੇ ਮੀਟਿੰਗਾਂ ਕੀਤੀਆਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਚਰਚਾ ਕੀਤੀ ਗਈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਕਰਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਸ ਤਰ੍ਹਾਂ ਦਾ ਵੀ ਹੁਕਮ ਲਾਉਣੀਆਂ, ਉਹ ਉਸ ਨੂੰ ਪ੍ਰਵਾਨ ਕਰਨਗੇ। ਇਸੇ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਵਲੋਂ ਸਿਆਸੀ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ’ਤੇ ਰੋਕ ਲਗਾਈ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਕਹਿਣ ਅਨੁਸਾਰ ਹੀ ਚੱਲਣਗੇ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਵੀ ਦਿਨੋਂ ਦਿਨ ਨੇੜੇ ਆਉਂਦਾ ਜਾ ਰਿਹਾ ਹੈ।