ਨਿੱਜੀ ਬੱਸ ਕੰਪਨੀਆਂ ਨੂੰ ਲਾਭ – ਲੋਕਾਂ ਦੀ ਵਧੀ ਖੱਜਲ ਖੁਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ 8ਵੇਂ ਦਿਨ ਵੀ ਜਾਰੀ ਰਹੀ। ਧਿਆਨ ਰਹੇ ਕਿ ਇਹ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਹੜਤਾਲ ’ਤੇ ਹਨ। ਇਸ ਹੜਤਾਲ ਕਾਰਨ ਨਿੱਜੀ ਬੱਸ ਕੰਪਨੀਆਂ ਨੂੰ ਲਾਭ ਪਹੁੰਚ ਰਿਹਾ ਹੈ, ਪਰ ਲੋਕਾਂ ਦੀ ਖੱਜਲ ਖੁਆਰੀ ਵਧ ਗਈ ਹੈ। ਹੜਤਾਲ ਕਰ ਰਹੇ ਕਾਮਿਆਂ ਨੇ ਪੰਜਾਬ ਭਰ ਵਿਚ ਅੱਜ ਵੀ ਰੋਸ ਰੈਲੀਆਂ ਕੀਤੀਆਂ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈੇ। ਇਸੇ ਦੌਰਾਨ ਪੀਆਰਟੀਸੀ ਡਿਪੂ ਚੰਡੀਗੜ੍ਹ ਦੇ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਵਿਚ ਜ਼ੀਰਕਪੁਰ ’ਚ ਪੈਦਲ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਅਤੇ ਸਕੱਤਰ ਲਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮਾਫੀਆ ਖਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਗਏ ਸਨ। ਜਿਹੜੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਧਿਆਨ ਰਹੇ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਪੱਕੇ ਮੁਲਾਜ਼ਮਾਂ ਵਲੋਂ ਹੀ ਡਿਊਟੀ ਦਿੱਤੀ ਜਾ ਰਹੀ ਹੈ ਅਤੇ ਕੱਚੇ ਕਾਮੇ ਹੜਤਾਲ ’ਤੇ ਹਨ ਅਤੇ ਅਜੇ ਤੱਕ ਪੰਜਾਬ ਸਰਕਾਰ ਨਾਲ ਸਹਿਮਤੀ ਨਹੀਂ ਬਣ ਸਕੀ।