ਐਸ. ਕਰੁਣਾ ਰਾਜੂ ਨੇ ਕਿਹਾ, ਪੰਜਾਬ ’ਚ ਸਾਰੇ ਬੂਥਾਂ ’ਤੇ ਵੀ.ਵੀ. ਪੈਟ ਮਸ਼ੀਨਾਂ ਦੀ ਹੋਵੇਗੀ ਵਰਤੋਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ’ਚ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਬੂਥਾਂ ’ਤੇ ਵੀ.ਵੀ. ਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਵਿਚ 24 ਹਜ਼ਾਰ ਤੋਂ ਵੀ ਵੱਧ ਪੋਲਿੰਗ ਬੂਥ ਨੇ ਅਤੇ ਪੰਜਾਬ ਕੋਲ ਲੋੜ ਤੋਂ ਵੱਧ ਮਸ਼ੀਨਾਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਕੁਝ ਰਿਜ਼ਰਵ ਮਸ਼ੀਨਾਂ ਦੀ ਵੀ ਲੋੜ ਹੈ। ਕੋਵਿਡ ਸਥਿਤੀ ਦਾ ਨੋਟਿਸ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਤੀ ਬੂਥ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਵੋਟਿੰਗ ਲਈ ਪੀਪੀਈ ਕਿੱਟਾਂ ਅਤੇ ਦਸਤਾਨੇ ਆਦਿ ਸਮੇਤ ਹੋਰ ਕੋਵਿਡ ਸੁਰੱਖਿਆ ਪ੍ਰਬੰਧ ਕਰੇਗਾ।