ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ
ਅੰਮਿ੍ਰਤਸਰ/ਬਿਊਰੋ ਨਿਊਜ਼
ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿੱਚ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦੌਰਾਨ ਮੂਲ ਸਰੂਪ ਨਾਲ ਕੀਤੀ ਗਈ ਛੇੜਛਾੜ ਦੇ ਰੋਸ ਵਜੋਂ ਅੱਜ ਅੰਮਿ੍ਰਤਸਰ ’ਚ ਜਨਤਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਵਿੱਚ ਕੀਤੇ ਗਏ ਬਦਲਾਅ ਨੂੰ ਰੱਦ ਕਰਦਿਆਂ ਇਸ ਨੂੰ ਪੁਰਾਤਨ ਸਰੂਪ ਦੇਣ ਦੀ ਮੰਗ ਕੀਤੀ। ਦੇਸ਼ ਭਗਤ ਯਾਦਗਾਰ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਜਿਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ ਤੱਕ ਰੋਸ ਮਾਰਚ ਕੀਤਾ ਅਤੇ ਧਰਨਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਜੱਲ੍ਹਿਆਂਵਾਲਾ ਬਾਗ ਹੱਦ ਅੰਦਰ ਦਫ਼ਾ 144 ਲਗਾਈ ਹੋਈ ਹੈ। ਇਸ ਕਰਕੇ ਯਾਦਗਾਰ ਕੈਂਪਸ ਦੇ ਅੰਦਰ ਰੋਸ ਰੈਲੀਆਂ, ਧਰਨੇ, ਵਿਖਾਵੇ ਤੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ ਹੈ। ਸ਼ਹੀਦ ਪਰਿਵਾਰਾਂ ਦੀ ਜਥੇਬੰਦੀ ਫਰੀਡਮ ਫਾਈਟਰਜ਼ ਫਾਊਂਡੇਸ਼ਨ ਦੇ ਆਗੂ ਸੁਨੀਲ ਕੁਮਾਰ ਨੇ ਆਖਿਆ ਕਿ ਪੁਲਿਸ ਪ੍ਰਸ਼ਾਸਨ ਨੇ ਬੈਰੀਕੇਡ ਲਾ ਕੇ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਹੈ।

