4 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲਿਆਂ ਵਿੱਚ ਵਾਅਦਾ ਖਿਲਾਫੀ ਕਰਨ ਦੇ ਆਰੋਪ ਹੇਠ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਹੋਰ ਮੌਕਾ ਦਿੰਦਿਆਂ ਆਉਂਦੀ 4 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ। ਅੰਮਿ੍ਰਤਸਰ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਮੰਡ ਨੇ ਕਿਹਾ ਕਿ ਪੰਥਕ ਰਵਾਇਤਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਇਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ 4 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ। ਧਿਆਨ ਸਿੰਘ ਮੰਡ ਹੋਰਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਲਈ ਪੰਜ ਮੈਂਬਰੀ ਮੰਤਰੀਆਂ ਤੇ ਵਿਧਾਇਕਾਂ ਦੀ ਜੋ ਕਮੇਟੀ ਭੇਜੀ ਗਈ ਸੀ ਉਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਭੇਜਿਆ ਸੀ।