ਜੋਅ ਬਾਈਡਨ ਪ੍ਰਸ਼ਾਸਨ ਨੇ ਨਵੀਂ ਅੰਤਰਰਾਸ਼ਟਰੀ ਯਾਤਰਾ ਨੀਤੀ ਦਾ ਕੀਤਾ ਐਲਾਨ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਜੋ ਬਾਈਡਨ ਪ੍ਰਸ਼ਾਸਨ ਨੇ ਕਰੋਨਾ ਮਹਾਂਮਾਰੀ ਦੇ ਘਟਦੇ ਕਹਿਰ ਨੂੰ ਦੇਖਦੇ ਹੋਏ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ’ਤੇ ਲੱਗੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਬਾਈਡਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਜਿਸ ਵਿਅਕਤੀ ਨੂੰ ਕਰੋਨਾ ਰੋਕੂ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ, ਉਹ ਵਿਅਕਤੀ ਹੁਣ ਨਵੰਬਰ ਮਹੀਨੇ ਤੋਂ ਅਮਰੀਕਾ ਆ ਸਕਣਗੇ। ਇਸ ਗੱਲ ਦੀ ਜਾਣਕਾਰੀ ਵ੍ਹਾਈਟ ਹਾਊਸ ਕੋਵਿਡ-19 ਦੇ ਕੋਆਰਡੀਨੇਟਰ ਜੈਫ ਜੀਏਂਟਸ ਨੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਸੰਯੁਕਤ ਰਾਸ਼ਟਰ ਅਮਰੀਕਾ ਦਾ ਦੌਰਾ ਕਰਨ ਵਾਲੇ ਪ੍ਰਵਾਸੀ ਨਾਗਰਿਕਾਂ ਨੂੰ ਯਾਤਰਾ ਸ਼ੁਰੂ ਕਰਨ ਦੇ ਤਿੰਨ ਦਿਨ ਦੇ ਅੰਦਰ ਕਰੋਨਾ ਦਾ ਨੈਗੇਟਿਵ ਟੈਸਟ ਕਰਵਾਉਣਾ ਹੋਵੇਗਾ ਅਤੇ ਟੀਕਾਕਰਨ ਦਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੈ, ਜਿਸ ਤੋਂ ਬਾਅਦ ਉਹ ਆਪਣੀ ਅਮਰੀਕਾ ਯਾਤਰਾ ਕਰ ਸਕਣਗੇ। ਕਰੋਨਾ ਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਕਾਰਨ ਵਿਦੇਸ਼ਾਂ ’ਚ ਬੈਠੇ ਵਿਅਕਤੀ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਚਿਰਾਂ ਤੋਂ ਤਰਸ ਰਹੇ ਸਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਬਾਈਡਨ ਪ੍ਰਸ਼ਾਸਨ ਨੇ ਯਾਤਰਾ ਤੋਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਕਾਫ਼ੀ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।