ਕਿਹਾ, ਕਿਸੇ ਯੋਗ ਵਿਅਕਤੀ ਨੂੰ ਦਿੱਤੀ ਜਾਵੇ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਵਾਪਰੀ ਇੱਕ ਨੌਜਵਾਨ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੀ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਹਮਣੇ ਕਾਨੂੰਨ ਵਿਵਸਥਾ ਇੱਕ ਵੱਡੀ ਚੁਣੌਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਅਗਵਾ ਅਤੇ ਫਿਰੌਤੀ ਮੰਗਣ ਜਿਹੀਆਂ ਮਾੜੀਆਂ ਘਟਨਾਵਾਂ ਬਿਹਾਰ ਅਤੇ ਉਤਰ ਪ੍ਰਦੇਸ਼ ਦੀ ਤਰ੍ਹਾਂ ਵੱਧ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਹੈ ਕਿ ਅਪਰਾਧ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਕਿਸੇ ਯੋਗ ਮੰਤਰੀ ਨੂੰ ਦਿੱਤੀ ਜਾਵੇ ਅਤੇ ਸੂਬੇ ਦਾ ਪੁਲਿਸ ਮੁਖੀ ਕਿਸੇ ਕਾਬਲ ਅਧਿਕਾਰੀ ਨੂੰ ਬਣਾਇਆ ਜਾਵੇ।

