ਕਿਹਾ, ਨਹੀਂ ਕੀਤੀ ਜਾ ਸਕਦੀ ਇਕ ਸਾਲ ਦੀ ਉਡੀਕ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕੁੜੀਆਂ ਨੂੰ ਐੱਨਡੀਏ ਦੀ ਪ੍ਰੀਖਿਆ ਅਗਲੇ ਸਾਲ ਦੇਣ ਦੀ ਇਜਾਜ਼ਤ ਮੰਗਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਨੈਸ਼ਨਲ ਡਿਫੈਂਸ ਅਕੈਡਮੀ ਮਹਿਲਾਵਾਂ ਨੂੰ ਅਗਲੇ ਸਾਲ ਯਾਨੀ ਮਈ 2022 ਵਿਚ ਦਾਖ਼ਲਾ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦੇਵੇਗੀ। ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਮੰਗ ਨੂੰ ਠੁਕਰਾਉਂਦਿਆਂ ਕਿਹਾ ਹੈ ਕਿ ਮਹਿਲਾਵਾਂ ਨੂੰ ਇਸ ਸਾਲ 14 ਨਵੰਬਰ ਨੂੰ ਹੋਣ ਵਾਲੀ ਐਨ.ਡੀ.ਏ. ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਧਿਆਨ ਰਹੇ ਕਿ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਮਹਿਲਾ ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਪ੍ਰੀਖਿਆ ਦੇਣ ਦੀ ਇਜਾਜ਼ਤ ਦੇਣ ਵਾਲਾ ਨੋਟੀਫਿਕੇਸ਼ਨ ਅਗਲੇ ਸਾਲ ਮਈ ਤੱਕ ਜਾਰੀ ਕਰ ਦਿੱਤਾ ਜਾਵੇਗਾ। ਜਸਟਿਸ ਐੱਸ.ਕੇ. ਕੌਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਇਕ ਸਾਲ ਦੀ ਉਡੀਕ ਨਹੀਂ ਕੀਤੀ ਜਾ ਸਕਦੀ।