ਮਾਮਲਾ : ਕਿਸਾਨਾਂ ਦੀ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਵੱਡੀ ਪੱਧਰ ’ਤੇ ਸ਼ੰਘਰਸ਼ ਵਿੱਢੇਗਾ, ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਕੌਡੀਆਂ ਦੇ ਭਾਅ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਹ ਪੀੜਤ ਕਿਸਾਨ ਪਰਿਵਾਰਾਂ ਲਈ ਨਿਆਂ ਹਾਸਲ ਕਰਨ ਲਈ 29 ਸਤੰਬਰ ਨੂੰ ਮੋਹਾਲੀ ਤੋਂ ਮੁੱਖ ਮੰਤਰੀ ਚੰਨੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ। ਸ਼ੋ੍ਰਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਇਸ ਮਾਮਲੇ ਵਿਚ ਲੰਘੇ ਕੱਲ੍ਹ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਮਾਰਚ ਸਬੰਧੀ ਫੈਸਲਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪੰਜਾਬ ਰਾਜ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ। ਇਹ ਕਮੇਟੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਮੁਹਿੰਮ ਦੀ ਅਗਵਾਈ ਕਰ ਰਹੀ ਹੈ।