ਗੁਰਮੀਤ ਸਿੰਘ ਪਲਾਹੀ
ਭਾਰਤ ਵਿਚ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ ਹੁਣ ਆਪਣੇ ਚੋਣ ਮੈਨੀਫੈਸਟੋ ਅੱਗੇ ਰੱਖ ਕੇ ਨਹੀਂ, ਸਗੋਂ ਉਸ ਸੂਬੇ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਅਧਾਰ ‘ਤੇ ਲੜਨ ਲੱਗ ਪਈਆਂ ਹਨ। ਇਸ ਤੋਂ ਵੀ ਅਗਲੀ ਗੱਲ ਇਹ ਹੈ ਕਿ ਲਗਭਗ ਸਾਰੀਆਂ ਪਾਰਟੀਆਂ ਹੀ ਆਪਣੇ ਵਰਕਰਾਂ, ਹੇਠਲੇ ਜ਼ਮੀਨੀ ਪੱਧਰ ਦੇ ਨੇਤਾਵਾਂ ਦੀ ਹਕੀਕੀ ਰਾਏ ਨਾਲੋਂ ਵੱਧ ਆਪਣੀ ਸਿਆਸੀ ਪਾਰਟੀ ਲਈ ਕਰੋੜਾਂ ਰੁਪਏ ਦੇ ਕਿਰਾਏ ‘ਤੇ ਰੱਖੇ ਚੋਣਾਂ ਲੜਾਉਣ ਵਾਲੇ ਮਾਹਰਾਂ ਵਲੋਂ ਤਿਆਰ ਸਮੱਗਰੀ, ਚੋਣ ਨਾਅਰੇ, ਚੋਣ ਯੁਗਤਾਂ ਨੂੰ ਅੰਤਿਮ ਮੰਨ ਕੇ ਅੱਗੇ ਤੁਰਦੇ ਹਨ। ਬਹੁਤੀਆਂ ਪਾਰਟੀਆਂ ਇਹਨਾਂ ਕਾਰਪੋਰੇਟੀ ਮਾਹਿਰਾਂ ਦੀ ਸਲਾਹ ਨੂੰ ਤਰਜ਼ੀਹ ਦੇ ਕੇ ਆਪਣੇ ਵਰਕਰਾਂ, ਨੇਤਾਵਾਂ ਨੂੰ ਵਿਧਾਇਕੀ ਟਿਕਟਾਂ ਦੇ ਕੇ ਚੋਣਾਂ ਲੜਾਉਂਦੀਆਂ ਹਨ। ਪੰਜਾਬ ਦੇ ਮੌਜੂਦਾ ਹਾਲਾਤ ਵੇਖੋ, ਅਕਾਲੀ ਦਲ ਬਾਦਲ ਅਤੇ ਬਸਪਾ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ ਦੇ ਚਿਹਰੇ ਲਈ ਮੁਕਾਬਲੇਬਾਜ਼ੀ ਹੈ, ਕਿਉਂਕਿ ਕਾਂਗਰਸ ਹਾਈਕਮਾਂਡ ਨੇ ਹੀ ਤਹਿ ਕਰਨਾ ਹੈ ਕਿ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦਾ ਕਾਂਗਰਸੀ ਚਿਹਰਾ ਕੌਣ ਹੋਵੇ। ਭਾਜਪਾ ਨੇ ਕਿਸੇ ਐਸ.ਸੀ. ਵਰਗ ਦੇ ਨੇਤਾ ਜਾਂ ਸਖਸ਼ੀਅਤ ਨੂੰ ਅੱਗੇ ਕਰਕੇ ਚੋਣ ਲੜਨੀ ਹੈ। ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਦੀ ਚਾਹਤ ਮੁੱਖ ਮੰਤਰੀ ਦਾ ਚਿਹਰਾ ਬਨਣ ਦੀ ਹੈ, ਜਦਕਿ ਆਪ ਪਾਰਟੀ ਦੇ ਰਾਸ਼ਟਰੀ ਇੰਚਾਰਜ ਅਰਵਿੰਦ ਕੇਜਰੀਵਾਲ ਨੇ ਕਿਸੇ ਹੋਰ ਸਿੱਖ ਚੇਹਰੇ ਨੂੰ ਚੋਣਾਂ ‘ਚ ਮੁੱਖ ਮੰਤਰੀ ਦਾ ਚਿਹਰਾ ਬਨਾਉਣ ਦਾ ਐਲਾਨ ਕੀਤਾ ਹੋਇਆ ਹੈ। ਸ਼ਾਇਦ ਭਗਵੰਤ ਮਾਨ ਸਿੱਖ ਚਿਹਰੇ ਵਜੋਂ ਨਹੀਂ ਢੁੱਕ ਰਿਹਾ।
ਲੋਕਤੰਤਰਿਕ ਪ੍ਰੰਪਰਾਵਾਂ ਤਾਂ ਇਹ ਕਹਿੰਦੀਆਂ ਹਨ ਕਿ ਚੋਣਾਂ ਹੋਣ, ਸਿਆਸੀ ਪਾਰਟੀਆਂ ਆਪੋ-ਆਪਣੇ ਉਮੀਦਵਾਰ ਐਲਾਨਣ, ਆਪਣਾ ਚੋਣ ਮੈਨੀਫੈਸਟੋ, ਚੋਣ ਵਾਅਦੇ ਸਪਸ਼ਟ ਕਰਨ। ਆਪਣੇ ਚੁਣੇ ਹੋਏ ਵਿਧਾਇਕਾਂ ਜਾਂ ਮੈਂਬਰਾਂ ਵਿਚੋਂ ਸਰਬਸੰਮਤੀ ਜਾਂ ਬਹੁ ਸੰਮਤੀ ਨਾਲ ਕਿਸੇ ਨੇਤਾ ਨੂੰ ਆਪਣਾ ਮੁਖੀ ਨੀਅਤ ਕਰਨ ਅਤੇ ਜਿਹੜੀ ਧਿਰ ਵੱਧ ਮੈਂਬਰਾਂ ਵਾਲੀ ਹੋਵੇ ਉਸਦਾ ਮੁੱਖੀ ਸੂਬੇ ਦਾ ਮੁੱਖ ਮੰਤਰੀ ਬਣੇ। ਪਰ ਇਹ ਭਾਰਤੀ ਪਰੰਪਰਾਵਾਂ ਲੰਮੇ ਸਮੇਂ ਤੋਂ ਸਿਆਸੀ ਰੰਗ ਮੰਚ ਤੋਂ ਆਲੋਪ ਹੋ ਚੁੱਕੀਆਂ ਹਨ। ਪਾਰਟੀਆਂ ਦੀਆਂ ਹਾਈ ਕਮਾਡਾਂ ਉਪਰੋਂ ਨਿਰਣੇ ਕਰਦੀਆਂ ਹਨ ਅਤੇ ਆਪਦੇ ਭਰੋਸੇਮੰਦ ਵਿਅਕਤੀ ਨੂੰ ਮੁੱਖ ਮੰਤਰੀ ਨੀਅਤ ਕਰਦੀਆਂ ਹਨ ਅਤੇ ਉਹਨਾਂ ਦੇ ਨਾਮ ਉੱਤੇ ਕੇਂਦਰੀ ਵੱਡੇ ਨੇਤਾ ਰਾਜ ਭਾਗ ਸੰਭਾਲਦੇ ਹਨ। ਬਹੁਤੀਆਂ ਇਲਾਕਾਈ ਵੱਡੇ ਪਾਰਟੀਆਂ ਨੂੰ ਤਾਂ ਪਰਿਵਾਰ ਚਲਾਉਂਦੇ ਹਨ, ਜਿਹੜੇ ਆਪ ਪਾਰਟੀ ਮੁੱਖ ਮੰਤਰੀ ਬਣ ਕੇ ਬਾਕੀ ਕੁਨਬੇ ਨੂੰ ਨਾਲ ਤੋਰਦੇ ਹਨ। ਇਹਨਾਂ ਪਾਰਟੀਆਂ ਦੀ ਨਾ ਕੋਈ ਅੰਦਰੂਨੀ ਚੋਣ ਹੁੰਦੀ ਹੈ, ਨਾ ਹੀ ਇਥੇ ਵਿਰੋਧੀ ਅਵਾਜ਼ ਨੂੰ ਸੁਣਿਆ ਜਾਂਦਾ ਹੈ। ਬਸ ਜੋ ਉਪਰਲਾ ਮਾਲਕ ਕਹੇ, ਉਹ ਹੀ ਪ੍ਰਵਾਨ ਹੈ, ਵਾਲੀ ਬਿਰਤੀ ਹੈ।
ਨੇਤਾਗਿਰੀ ਦੀ ਮੁੱਖ ਮੰਤਰੀ ਦੀ ਕੁਰਸੀ ਲਿਫਾਫੇ ਵਿਚੋਂ ਕੱਢਣ ਦੀ ਪਰੰਪਰਾ ਕਾਂਗਰਸ ਨੇ ਸ਼ੁਰੂ ਕੀਤੀ। ਭਾਰਤੀ ਜਨਤਾ ਪਾਰਟੀ ਨੇ ਇਸ ਨੂੰ ਅੱਗੇ ਤੋਰਿਆ। ਪਿਛਲੇ ਕੁਝ ਮਹੀਨਿਆਂ ਵਿਚ ਕਈ ਰਾਜਾਂ ਦੇ ਮੁੱਖ ਮੰਤਰੀ ਬਦਲ ਦਿੱਤੇ ਗਏ ਹਨ। ਇਸ ਤੋਂ ਸਪਸ਼ਟ ਹੈ ਕਿ ਭਾਜਪਾ ਵਿਚ ਵੀ ਰਾਜਾਂ ਦੇ ਮਾਮਲੇ ਵਿੱਚ ਕੇਂਦਰੀ ਹਾਈ ਕਮਾਂਡ ਦੀ ਭੂਮਿਕਾ ਮਹੱਤਵਪੂਰਨ ਹੋ ਗਈ ਹੈ, ਜਿਵੇਂ ਕਿ ਕਾਂਗਰਸ ਵਿਚ ਵੇਖਿਆ ਜਾਂਦਾ ਸੀ। ਕਾਂਗਰਸ ਵਿਚ ਹਾਈ ਕਮਾਂਡ ਦੇ ਇਸ਼ਾਰੇ ਉੱਤੇ ਮੁੱਖ ਮੰਤਰੀ ਰਾਜਾਂ ਵਿਚ ਹਕੂਮਤ ਚਲਾਉਂਦੇ ਸਨ। ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਸਮੇਂ ‘ਚ ਇਹੋ ਹੁੰਦਾ ਰਿਹਾ ਸੀ ਅਤੇ ਸੋਨੀਆ ਦੇ ਕਾਂਗਰਸ ਪ੍ਰਧਾਨ ਬਨਣ ਦੇ ਬਾਅਦ ਵੀ ਇਹ ਸਿਲਸਿਲਾ ਜਾਰੀ ਰਿਹਾ। ਹੁਣ ਇਹੋ ਸਾਰਾ ਕੁਝ ਭਾਜਪਾ ਵਿਚ ਦਿਖਾਈ ਦਿੰਦਾ ਹੈ। ਫ਼ਰਕ ਇਹ ਹੈ ਕਿ ਕਾਂਗਰਸ ਹੁਣ ਤਿੰਨ ਰਾਜਾਂ ਤੱਕ ਸਿਮਟ ਚੁੱਕੀ ਹੈ ਜਦਕਿ ਭਾਜਪਾ 17 ਰਾਜਾਂ ਵਿਚ ਆਪਣੇ ਦਮ-ਖਮ ਜਾਂ ਸਹਿਯੋਗੀ ਦਲਾਂ (ਐਨ ਡੀ ਏ) ਦੇ ਨਾਲ ਸਰਕਾਰਾਂ ਬਣਾਈ ਬੈਠੀ ਹੈ ਅਤੇ ਮਨਮਰਜ਼ੀ ਦੇ ਨੇਤਾ ਮੁੱਖ ਮੰਤਰੀ ਬਣਾਈ ਬੈਠੀ ਹੈ।
ਕੁਲ ਮਿਲਾ ਕੇ ਵੇਖਿਆ ਜਾਵੇ ਤਾਂ ਇਹ ਲਗਦਾ ਹੈ ਕਿ ਭਾਰਤੀ ਰਾਜਨੀਤੀ ਵਿੱਚ ਜੋ ਪਾਰਟੀ ਤਾਕਤਵਰ ਹੁੰਦੀ ਹੈ, ਉਹ ਰਾਜਾਂ ਵਿਚ ਵੀ ਆਪਣਾ ਦਖ਼ਲ ਜਾਰੀ ਰੱਖਦੀ ਹੈ ਅਤੇ ਇਹ ਭਾਰਤੀ ਰਾਜਨੀਤੀ ਦਾ ਸਭਿਆਚਾਰ ਬਣ ਚੁੱਕਾ ਹੈ। ਲੇਕਿਨ ਕਾਂਗਰਸ ਅਤੇ ਭਾਜਪਾ ਵਿੱਚ ਤਾਕਤ ਤਬਦੀਲੀ ਵਿਚ ਅੰਤਰ ਹੈ। ਕਾਂਗਰਸ ਵਿਚ ਜਿਥੇ ਹਾਈ ਕਮਾਨ ਦੀ ਵਫ਼ਾਦਾਰੀ ਦੇ ਆਧਾਰ ‘ਤੇ ਤਬਦੀਲੀ ਹੁੰਦੀ ਹੈ, ਉਥੇ ਭਾਜਪਾ ਵਿਚ ਆਉਣ ਵਾਲੀਆਂ ਚੋਣਾਂ ਦੀਆਂ ਲੋੜਾਂ ਅਤੇ ਅਜੰਡਾ ਲਾਗੂ ਕਰਨ ਲਈ ਤਬਦੀਲੀਆਂ ਬਿਨਾਂ ਵਿਰੋਧ ਹੁੰਦੀਆਂ ਹਨ। ਅਸਾਮ ਵਿਚ ਸਰਬਾਨੰਦ ਸੋਨੇਵਾਲ ਨੂੰ ਹਟਾ ਕੇ ਬਿਸਵਾ ਸ਼ਰਮਾ ਨੂੰ ਮੁੱਖ ਮੰਤਰੀ ਬਣਾਇਆ ਗਿਆ। ਉਤਰਾਖੰਡ ਵਿਚ ਦੋ-ਤਿੰਨ ਤਬਦੀਲੀਆਂ ਤੋਂ ਬਾਅਦ ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਬਣਾ ਦਿੱਤੇ ਗਏ।
ਕਰਨਾਟਕ ਵਿਚ ਯੈਦੀਅਰੱਪਾ ਨੂੰ ਬਾਹਰ ਦਾ ਰਸਤਾ ਦਿਖਾ ਕੇ ਬਸਵਰਾਜ ਬੋਮਈ ਨੂੰ ਕੁਰਸੀ ਸੰਭਾਲ ਦਿੱਤੀ ਗਈ। ਹੁਣੇ ਜਿਹੇ ਗੁਜਰਾਤ ਵਿਚ ਮੁੱਖ ਮੰਤਰੀ ਬਦਲ ਕੇ ਭੁਪੇਂਦਰ ਪਟੇਲ ਨੂੰ ਮੁੱਖ ਮੰਤਰੀ ਦੀ ਕੁਰਸੀ ਦੇ ਦਿੱਤੀ ਗਈ ਹੈ। ਇਹਨਾਂ ਸਾਰੀਆਂ ਭਾਜਪਾ ਤਬਦੀਲੀਆਂ ਵਿਚ ਕਿਸੇ ਵੀ ਨੇਤਾ ਨੇ ਆਪਣੀ ਕੁਰਸੀ ਛੱਡਣ ਲੱਗਿਆ ਕੋਈ ਵਿਰੋਧ ਨਹੀਂ ਕੀਤਾ ਨਾ ਹੀ ਕੋਈ ਬਗਾਵਤ ਹੋਈ। ਪਰ ਕਾਂਗਰਸ ਵਿੱਚ ਜਿਥੇ ਕਿਧਰੇ ਵੀ ਤਬਦੀਲੀ ਦੀ ਗੱਲ ਹਾਈ ਕਮਾਂਡ ਨੇ ਕੀਤੀ, ਉਥੇ ਬਗਾਵਤ ਵੀ ਹੋਈ ਵਿਰੋਧ ਵੀ। ਸੂਬਿਆਂ ‘ਚ ਚੋਣਾਂ ਜਿੱਤਣ ਲਈ ਰਾਸ਼ਟਰੀ ਪਾਰਟੀਆਂ ਦੀ ਮੁੱਖ ਮੰਤਰੀ ਦੇ ਨਾਮ ਉੱਤੇ ਚੋਣ ਲੜਨਾ ਇਕ ਮਜ਼ਬੂਰੀ ਬਣ ਚੁੱਕੀ ਹੈ। ਉਸਦਾ ਵੱਡਾ ਕਾਰਨ ਖੇਤਰੀ ਪਾਰਟੀਆਂ ਦਾ ਸੂਬਿਆਂ ਵਿਚ ਵੱਧ ਰੋਹਬ ਦਾਬ ਹੋਣਾ ਹੈ। ਇਹਨਾਂ ਖੇਤਰੀ ਪਾਰਟੀਆਂ ਉੱਤੇ ਆਮ ਤੌਰ ‘ਤੇ ਪਰਿਵਾਰਾਂ ਦਾ ਕਬਜ਼ਾ ਹੈ। ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਉਤੇ ਬਾਦਲ ਪਰਿਵਾਰ ਕਾਬਜ਼ ਹੈ, ਜਿਹੜਾ ਪੰਜਾਬ ਦੀ ਤਾਕਤ ਹਥਿਆਉਣ ਲਈ ਕਦੇ ਭਾਜਪਾ ਕਦੇ ਬਸਪਾ (ਬਹੁਜਨ ਸਮਾਜ ਪਾਰਟੀ) ਨਾਲ ਸਮਝੌਤਾ ਕਰਦਾ ਹੈ। ਉਸਦਾ ਨਿਸ਼ਾਨਾ ਇਕੋ ਹੈ- ਮੁੱਖ ਮੰਤਰੀ ਦੀ ਕੁਰਸੀ ਪ੍ਰਾਪਤ ਕਰਨਾ। ਉਸ ਅਨੁਸਾਰ ਹੀ ਉਹ ਆਪਣਾ ਅਜੰਡਾ ਤਹਿ ਕਰਦਾ ਹੈ। ਕਦੇ ਵੱਧ ਅਧਿਕਾਰਾਂ ਦੀ ਪ੍ਰਾਪਤੀ ਲਈ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਸਾਹਮਣੇ ਲਿਆ ਕੇ ਕਾਂਗਰਸੀ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲਿਆ। ਬਾਵਜੂਦ ਇਸ ਗੱਲ ਦੇ ਕਿ ਭਾਜਪਾ ਉਸਦੇ ਇਸ ਅਜੰਡੇ ਨਾਲ ਸਹਿਮਤ ਨਹੀਂ ਸੀ ਤਦ ਵੀ ਕੁਰਸੀ ਪ੍ਰਾਪਤੀ ਲਈ ਭਾਜਪਾ ਨਾਲ ਸਾਂਝ ਪਾਈ ਉਸ ਨਾਲ ਰਲ ਕੇ ਰਾਜ ਕੀਤਾ।
ਸੂਬਿਆਂ ਲਈ ਵੱਧ ਅਧਿਕਾਰਾਂ ਦੀ ਬਾਤ ਪਾਉਣੀ ਛੱਡ ਦਿੱਤੀ। ਹੁਣ ਜਦੋਂ ਕਿਸਾਨ ਅੰਦੋਲਨ ਸਮੇਂ ਭਾਜਪਾ ਨਾਲ ਸਾਂਝ ਮਹਿੰਗੀ ਪੈਂਦੀ ਦਿਸੀ ਉਹਨਾਂ ਨਾਲੋਂ ਸਾਂਝ ਤੋੜ ਲਈ ਤੇ ਬਸਪਾ ਨਾਲ ਸਾਂਝ ਪਾ ਲਈ। ਮੰਤਵ ਇਕੋ ਹੈ- ਕੁਰਸੀ ਦੀ ਪ੍ਰਾਪਤੀ। ਅਕਾਲੀ ਦਲ ਵਲੋਂ ਤੇਰਾਂ ਨੁਕਤੀ ਰਿਆਇਤੀ ਅਜੰਡਾ ਵੋਟਾਂ ਬਟੋਰਨ ਲਈ ਛਾਇਆ ਕਰ ਦਿੱਤਾ ਗਿਆ।
ਕਾਂਗਰਸ ਨੂੰ ਜਦੋਂ ਜਾਪਿਆ ਕਿ ਪਿਛਲੇ ਵਰਿਆਂ ‘ਚ ਅਮਰਿੰਦਰ ਸਿੰਘ ਨੇ ਚੋਣ ਮੈਨੀਫੈਸਟੋ ਅਨੁਸਾਰ ਕੀਤੇ ਵਾਇਦੇ ਪੂਰੇ ਨਹੀਂ ਕੀਤੇ। ਨਸ਼ੇ ਪੰਜਾਬ ‘ਚੋਂ ਖਤਮ ਨਹੀਂ ਹੋਏ। ਬੇਰੁਜ਼ਗਾਰੀ ਨੂੰ ਠੱਲ ਨਹੀਂ ਪਾਈ। ਮਾਫੀਆ ਰਾਜ ਅਤੇ ਕੁਰੱਪਸ਼ਨ ਦਾ ਬੋਲ ਬਾਲਾ ਰਿਹਾ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਬਾਂਹ ਮਰੋੜਨ ਲਈ ਤੇਜ਼-ਤਰਾਰ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਲਿਆਂਦਾ ਗਿਆ।
ਆਮ ਆਦਮੀ ਪਾਰਟੀ ਜਿਸ ਤੋਂ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿਚ ਕੁਝ ਨਵਾਂ ਹੋਣ ਦੀਆਂ ਆਸਾਂ ਸਨ, ਉਹ ਦਿੱਲੀ ਹਾਈਕਮਾਂਡ ਦੀਆਂ ਗਲਤੀਆਂ ਕਾਰਨ ਪੂਰੀਆਂ ਨਾ ਹੋ ਸਕੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕੱਦਵਾਰ ਨੇਤਾਵਾਂ ਸੁਖਪਾਲ ਸਿੰਘ ਖਹਿਰਾ, ਸੁੱਚਾ ਸਿੰਘ ਛੋਟੇਪੁਰ, ਕੰਵਰ ਸੰਧੂ, ਐਮਪੀ ਧਰਮਵੀਰ ਗਾਂਧੀ ਪਟਿਆਲਾ ਆਦਿ ਨੂੰ ਜੋ ਪੰਜਾਬ ਹਿਤੈਸ਼ੀ ਅਜੰਡੇ ਨੂੰ ਲਾਗੂ ਕਰਨਾ ਚਾਹੁੰਦੇ ਸਨ ਅਤੇ ਇਥੋਂ ਦੀਆਂ ਸਥਿਤੀਆਂ ਅਨੁਸਾਰ ਪਾਰਟੀ ਦੀ ਸੰਚਾਲਨਾ ਚਾਹੁੰਦੇ ਸਨ, ਦਿੱਲੀ ਹਾਈ ਕਮਾਂਡ ਨੇ ਆਪਣੇ ਤੁਗਲਕੀ ਫ਼ੈਸਲਿਆਂ ਕਾਰਨ ਨਾ ਚੱਲਣ ਦਿੱਤਾ, ਸਗੋਂ ਉਹਨਾਂ ਦੇ ਮੂੰਹ ਬੰਦ ਕਰ ਦਿੱਤੇ ਗਏ। ਸਿੱਟਾ ‘ਆਪ’ ਪੰਜਾਬ ਵਿਚ ਆਪਣਾ ਅਧਾਰ ਬਨਾਉਣ ‘ਚ ਕਾਮਯਾਬ ਨਾ ਹੋ ਸਕੀ। ਪਾਰਟੀ ਦੇ ਵਲੋਂ ਰਿਵਾਇਤੀ ਪਾਰਟੀਆਂ ਵਾਂਗਰ ‘ਮੁੱਖ ਮੰਤਰੀ’ ਦੀ ਸਿੱਖ ਚਿਹਰੇ ਦੀ ਤਲਾਸ਼ ਵਿੱਚ ਵੱਖੋ- ਵੱਖਰੀਆਂ ਪਾਰਟੀਆਂ ਦੇ ਨੇਤਾਵਾਂ ਉਤੇ ਡੋਰੇ ਸੁਟੇ ਜਾ ਰਹੇ ਹਨ। ਦੁਬਈ ਸਥਿਤ ਪੰਜਾਬੀ ਸਿੱਖ ਹੋਟਲ ਕਾਰੋਬਾਰੀ ਡਾ: ਐਸ.ਪੀ.ਸਿੰਘ ਉਬਰਾਏ ਦਾ ਨਾਂ ਵੀ ਮੁੱਖ ਮੰਤਰੀ ਦੇ ਅਹੁਦੇ ਲਈ ਚਰਚਾ ਵਿਚ ਆਇਆ।