11 ਤੋਂ 13 ਅਕਤੂਬਰ ਤੱਕ ਮੁੜ ਹੋਵੇਗੀ ਸੂਬਾ ਪੱਧਰੀ ਹੜਤਾਲ
ਚੰਡੀਗੜ੍ਹ : ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਹੜਤਾਲ 11 ਤੋਂ 13 ਅਕਤੂਬਰ ਤੱਕ ਹੋਵੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸਰਪ੍ਰਸਤ ਕਮਲ ਕੁਮਾਰ ਅਤੇ ਉਪ ਚੇਅਰਮੈਨ ਬਲਵਿੰਦਰ ਸਿੰਘ ਨੇ ਪੰਜਾਬ ਸਰਕਾਰ ‘ਤੇ ਆਰੋਪ ਲਗਾਇਆ ਹੈ ਕਿ ਉਹ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ 14 ਸਤੰਬਰ ਨੂੰ ਕੀਤੇ ਫੈਸਲੇ ਲਾਗੂ ਕਰਨ ਵਿੱਚ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਹੈ ਤਾਂ ਜੋ ਰਹਿੰਦੀਆਂ ਮੰਗਾਂ ਮਨਵਾਈਆਂ ਜਾ ਸਕਣ ਤੇ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾ ਸਕਣ। ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਭਲਕੇ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਕੀਤੇ ਜਾਣਗੇ ਅਤੇ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ‘ਚ ਸ਼ਮੂਲੀਅਤ ਕੀਤੀ ਜਾਵੇਗੀ।