ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਸਿਆਸੀ ਹਲਕਿਆਂ ਵਿੱਚ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਵਿਚ ਉਨ੍ਹਾਂ ਆਖਿਆ ਕਿ ਸੂਬੇ ਦਾ ਮੁੱਖ ਮੰਤਰੀ ਹਿੰਦੂ ਜਾਂ ਸਿੱਖ ਹੋਵੇ ਪਰ ਇਸ ਤੋਂ ਪਹਿਲਾਂ ਉਹ ਇੱਕ ਬਿਹਤਰ ਇਨਸਾਨ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਬਿਆਨ ਤਲਵੰਡੀ ਸਾਬੋ ਵਿਚ ਮੀਡੀਆ ਨਾਲ ਗੱਲ ਕਰਦਿਆਂ ਦਿੱਤਾ ਸੀ। ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਕਾਂਗਰਸ ਦੇ ਸੁਨੀਲ ਜਾਖੜ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਦੇਖਿਆ ਜਾ ਰਿਹਾ ਸੀ। ਇਸ ਸਬੰਧੀ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪਸ਼ਟ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹਿੰਦੂ ਜਾਂ ਸਿੱਖ ਕੋਈ ਵੀ ਵਿਅਕਤੀ ਹੋ ਸਕਦਾ ਹੈ ਪਰ ਉਸ ਤੋਂ ਵੀ ਜ਼ਰੂਰੀ ਹੈ ਕਿ ਉਹ ਇੱਕ ਬਿਹਤਰ ਇਨਸਾਨ ਹੋਵੇ।