ਫਤਹਿਗੜ੍ਹ ਸਾਹਿਬ: ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਡੇਰਾ ਪਿੰਡ ਦੁਫੇੜਾ ਵਿਚ ਮੱਥਾ ਟੇਕਿਆ ਅਤੇ ਬਾਬਾ ਰਾਮ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਾਈਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਜਿਹੜੇ ਹਾਲੇ ਤੱਕ ਪੂਰੇ ਨਹੀਂ ਹੋਏ, ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਬਾਬਾ ਗੰਢੂਆਂ ਵਾਲਿਆਂ ਵਰਗੇ ਮਹਾਪੁਰਸ਼ ਸਮਾਜ ਨੂੰ ਸੇਧ ਦਿੰਦੇ ਹਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਅਜਿਹੇ ਮਹਾਪੁਰਸ਼ਾਂ ਤੋਂ ਸੇਧ ਲਈ ਹੈ ਅਤੇ ਅੱਜ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਡੀਸੀ ਸੁਰਭੀ ਮਲਿਕ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ, ਐਸਡੀਐਮ ਯਸ਼ਪਾਲ ਸ਼ਰਮਾ ਆਦਿ ਹਾਜ਼ਰ ਸਨ।