ਕਿਹਾ – ਅਫਸਰਸ਼ਾਹੀ ਨੂੰ ਸਰਕਾਰ ‘ਤੇ ਭਾਰੂ ਨਹੀਂ ਹੋਣ ਦਿਆਂਗੇ
ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦਾ ਹਲਫ਼ ਲੈਣ ਮਗਰੋਂ ਕਿਹਾ ਕਿ ਉਹ ਅਫ਼ਸਰਸ਼ਾਹੀ ਨੂੰ ਸਰਕਾਰ ‘ਤੇ ਭਾਰੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ ਸੁਥਰੀ ਸਮੇਤ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਿੱਤੀ ਜਾਵੇਗੀ।
ਸਰਕਾਰ ਵਿੱਚ ਹਰ ਕਿਸੇ ਦੀ ਸੁਣਵਾਈ ਹੋਵੇਗੀ ਅਤੇ ਤਹਿਸੀਲਾਂ, ਥਾਣਿਆਂ ਵਿਚਲੀ ਲੁੱਟ-ਖਸੁੱਟ ਬੰਦ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਅਧਿਕਾਰੀ ਸਬੰਧੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਸਮੇਤ ਸਬੂਤ ਮਿਲੇ ਤਾਂ ਤੁਰੰਤ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਗ਼ਰੀਬ ਪਰਿਵਾਰ ਵਿੱਚੋਂ ਹਨ ਅਤੇ ਹਰੇਕ ਗਰੀਬ ਤੱਕ ਅਫਸਰਸ਼ਾਹੀ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਅਫਸਰਸ਼ਾਹੀ ਨੂੰ ਸਰਕਾਰ ‘ਤੇ ਭਾਰੂ ਨਹੀਂ ਹੋਣ ਦਿੱਤਾ ਜਾਵੇਗਾ। ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਵੀ ਟੇਕਿਆ।