Breaking News
Home / ਪੰਜਾਬ / ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ‘ਚ ਗਰੀਬਾਂ ਨੂੰ ਰਾਹਤ ਦੇਣ ਵਾਲੇ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ‘ਚ ਗਰੀਬਾਂ ਨੂੰ ਰਾਹਤ ਦੇਣ ਵਾਲੇ ਫੈਸਲੇ

ਫੈਸਲਿਆਂ ਦੀ ਸ਼ੁਰੂਆਤ 2 ਅਕਤੂਬਰ ਤੋਂ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿਚ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਵਾਲੇ ਫੈਸਲੇ ਲਏ ਗਏ ਹਨ। ਇਨ੍ਹਾਂ ਗਰੀਬ ਪੱਖੀ ਫੈਸਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉੱਤੇ 2 ਅਕਤੂਬਰ ਤੋਂ ਕੀਤੀ ਜਾਵੇਗੀ। ਪਲੇਠੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣਾ ਲੋਕ ਪੱਖੀ ਤੇ ਗਰੀਬ ਪੱਖੀ ਅਸਰ ਛੱਡਣ ਦੀ ਕੋਸ਼ਿਸ਼ ਕੀਤੀ ਹੈ ਅਤੇ ਮੀਟਿੰਗ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ.ਸੋਨੀ ਵੀ ਸ਼ਾਮਲ ਹੋਏ। ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫਤ ਬਿਜਲੀ ਦੇ ਯੂਨਿਟ 200 ਤੋਂ ਵਧਾ ਕੇ 300 ਯੂਨਿਟ ਕਰਨ ਉੱਤੇ ਵਿਚਾਰ ਚਰਚਾ ਕੀਤੀ ਹੈ। ਅਗਲੀ ਕੈਬਨਿਟ ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਇਸ ਸਬੰਧੀ ਤਜਵੀਜ਼ ਲਿਆਉਣ ਲਈ ਆਖਿਆ ਗਿਆ ਹੈ ਤਾਂ ਜੋ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ।
ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਰੇਤ ਮਾਫੀਏ ਨੂੰ ਠੱਲ ਪਾਉਣ ਲਈ ਠੇਕੇਦਾਰੀ ਵਿਵਸਥਾ ਖਤਮ ਕਰਨ ‘ਤੇ ਵੀ ਵਿਚਾਰ ਕੀਤੀ। ਕੈਬਨਿਟ ਨੇ ਵਿਚਾਰ ਕੀਤੀ ਕਿ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉੱਤੇ ਮੁਹੱਈਆ ਕਰਵਾਏ ਜਾਣਗੇ। ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫਤ ਸਪਲਾਈ ਵੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ‘ਤੇ ਵੀ ਚਰਚਾ ਕੀਤੀ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਂਦੀ ਜਾਵੇਗੀ।
ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੇ ਅਮਲ ਨੂੰ ਸੁਖਾਲਾ ਕਰਦਿਆਂ ਇਨ੍ਹਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸਮਿਤੀਆਂ ਨੂੰ ਦਿੱਤੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਦੋ ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿੱਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖਰੀਦਣ ਦੀ ਲੋੜ ਹੈ, ਉਥੇ ਇਸ ਉਦੇਸ਼ ਲਈ ਨੀਤੀ ਲਿਆਉਣ ਲਈ ਕਿਹਾ ਹੈ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ਉਤੇ ਦਿੱਤੇ ਜਾਣਗੇ। ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ ਕਾਬਜ਼ਕਾਰਾਂ ਨੂੰ ਵਾਜਬ ਕੀਮਤਾਂ ਉਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ।
ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ।
ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਵੇਰੇ 9 ਵਜੇ ਦਫ਼ਤਰ ਪੁੱਜਣ ਦੀ ਹਦਾਇਤ
ਅਮਲਾ ਵਿਭਾਗ ਨੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਇਕ ਪੱਤਰ ਜਾਰੀ ਕਰਕੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਸਵੇਰੇ 9 ਵਜੇ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਦਾਇਤ ਕੀਤੀ ਕਿ ਸਰਕਾਰੀ ਅਧਿਕਾਰੀ ਹੁਣ ਕੈਂਪ ਦਫਤਰਾਂ ਤੋਂ ਕੰਮ ਕਰਨ ਦੀ ਥਾਂ ਆਪਣੇ ਸਰਕਾਰੀ ਦਫਤਰਾਂ ਵਿਚ ਹਾਜ਼ਰ ਰਹਿਣਗੇ। ਆਉਂਦੇ ਦਿਨਾਂ ਵਿਚ ਵੱਡੀ ਪੱਧਰ ‘ਤੇ ਪ੍ਰਸ਼ਾਸਕੀ ਫੇਰਬਦਲ ਹੋਣ ਦੀ ਵੀ ਸੰਭਾਵਨਾ ਹੈ।
ਜਦੋਂ ਚੰਨੀ ਦੀਆਂ ਅੱਖਾਂ ਭਰ ਆਈਆਂ
ਮੁੱਖ ਮੰਤਰੀ ਚਰਨਜੀਤ ਚੰਨੀ ਆਪਣੇ ਪਿਛੋਕੜ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ। ਉਨ੍ਹਾਂ ਆਪਣੇ ਮਾਪਿਆਂ ਵੱਲੋਂ ਕੀਤੀ ਮਿਹਨਤ ਮੁਸ਼ੱਕਤ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਘਰ ‘ਚ ਉਹ ਪੈਦਾ ਹੋਏ ਹਨ, ਉਸ ਘਰ ਵਿਚ ਛੱਤ ਵੀ ਨਹੀਂ ਸੀ। ਚੰਨੀ ਨੇ ਇਸ ਮੌਕੇ ਆਪਣੇ ਆਪ ਨੂੰ ਰਿਕਸ਼ਾ ਚਲਾਉਣ ਵਾਲਿਆਂ ਦਾ ਨੁਮਾਇੰਦਾ ਵੀ ਆਖਿਆ। ਪੁਰਾਣੇ ਦਿਨਾਂ ਨੂੰ ਚੇਤੇ ਕਰਕੇ ਚੰਨੀ ਦੀਆਂ ਅੱਖਾਂ ਤੇ ਗੱਚ ਦੋਵੇਂ ਭਰ ਆਏ।

ਹੁਸਨ ਲਾਲ ਨੂੰ ਮੁੱਖ ਮੰਤਰੀ ਚੰਨੀ ਦਾ ਪ੍ਰਮੁੱਖ ਸਕੱਤਰ ਲਾਇਆ
ਰਾਹੁਲ ਤਿਵਾੜੀ ਹੋਣਗੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਆਈਏਐੱਸ ਅਧਿਕਾਰੀ ਹੁਸਨ ਲਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹੁਸਨ ਲਾਲ 1995 ਬੈਚ ਦੇ ਆਈਏਐੱਸ ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਉਨ੍ਹਾਂ ਕੋਲ ਇਨਵੈਸਟਮੈਂਟ ਪ੍ਰਮੋਸ਼ਨ, ਇੰਡਸਟਰੀਜ਼ ਤੇ ਕਮਰਸ ਅਤੇ ਸੂਚਨਾ ਤਕਨਾਲੋਜੀ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਦਾ ਚਾਰਜ ਸੀ। ਉਹ ਆਈਏਐੱਸ ਅਧਿਕਾਰੀ ਤੇਜਵੀਰ ਸਿੰਘ ਦੀ ਥਾਂ ਲੈਣਗੇ, ਜੋ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸਨ। ਇਸ ਦੌਰਾਨ ਇਕ ਹੋਰ ਆਈਏਐੱਸ ਅਧਿਕਾਰੀ ਰਾਹੁਲ ਤਿਵਾੜੀ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਤਿਵਾੜੀ, ਜੋ 2000 ਬੈਚ ਦੇ ਅਧਿਕਾਰੀ ਹਨ, ਗੁਰਕੀਰਤ ਕ੍ਰਿਪਾਲ ਸਿੰਘ ਦੀ ਥਾਂ ਲੈਣਗੇ। ਤਿਵਾੜੀ ਕੋਲ ਪਹਿਲਾਂ ਖੁਰਾਕ ਤੇ ਸਿਵਲ ਸਪਲਾਈਜ਼, ਐਂਪਲਾਇਮੈਂਟ ਜੈਨਰੇਸ਼ਨ ਤੇ ਟਰੇਨਿੰਗ ‘ਚ ਸਕੱਤਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਮਿਸ਼ਨ ਡਾਇਰੈਕਟਰ, ਐਂਟੀ ਡਰੱਗ ਕੰਪੇਨ ਦੇ ਨੋਡਲ ਅਧਿਕਾਰੀ ਤੇ ਗ੍ਰਹਿ ਮਾਮਲਿਆਂ ਵਿਭਾਗ ‘ਚ ਸਕੱਤਰ ਦਾ ਚਾਰਜ ਸੀ।

Check Also

ਭਾਜਪਾ ਆਗੂ ਤੀਕਸ਼ਣ ਸੂਦ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਚੁੱਕੇ ਸਵਾਲ

ਕਿਹਾ : ਨਜਾਇਜ਼ ਮਾਈਨਿੰਗ ਕਾਰਨ ਬਰਸਾਤੀ ਪਾਣੀ ਪਿੰਡਾਂ ’ਚ ਹੋ ਸਕਦਾ ਹੈ ਦਾਖਲ ਹੁਸ਼ਿਆਰਪੁਰ/ਬਿਊਰੋ ਨਿਊਜ਼ …