6.5 C
Toronto
Wednesday, November 26, 2025
spot_img
Homeਪੰਜਾਬਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਸੁਖਜਿੰਦਰ ਰੰਧਾਵਾ ਤੇ ਓਪੀ ਸੋਨੀ ਬਣਾਏ ਗਏ ਡਿਪਟੀ ਸੀਐਮ
ਚੰਡੀਗੜ੍ਹ/ਬਿਊਰੋ ਨਿਊਜ਼ : ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਪਹੁੰਚ ਕੇ ਸੋਮਵਾਰ ਨੂੰ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ ਜੋ ਕਿ ਉਪ ਮੁੱਖ ਮੰਤਰੀ ਬਣਾਏ ਗਏ ਹਨ। ਪੰਜਾਬ ਦੇ ਸਿਆਸੀ ਇਤਿਹਾਸ ‘ਚ ਪਹਿਲੀ ਵਾਰ ਕਿਸੇ ਦਲਿਤ ਆਗੂ ਨੂੰ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਠਾਇਆ ਗਿਆ ਹੈ। ਇਸ ਤੋਂ ਪਹਿਲਾਂ ਚੰਨੀ ਕੈਪਟਨ ਅਮਰਿੰਦਰ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਸਹੁੰ ਚੁੱਕ ਸਮਾਗਮ ਦੌਰਾਨ ਰਾਹੁਲ ਗਾਂਧੀ ਪਹੁੰਚੇ ਅਤੇ ਉਨ੍ਹਾਂ ਤਿੰਨੋਂ ਆਗੂਆਂ ਨੂੰ ਵਧਾਈ ਦਿੱਤੀ। ਧਿਆਨ ਰਹੇ ਕਿ ਅਪਮਾਨਿਤ ਹੋ ਕੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਮਜਬੂਰ ਹੋਏ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿਚ ਹਾਜ਼ਰ ਨਹੀਂ ਹੋਏ। ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੰਨੀ ਨੂੰ ਵਧਾਈ ਦਿੱਤੀ।
ਚਰਨਜੀਤ ਸਿੰਘ ਚੰਨੀ ਨੇ ਹਲਫ਼ ਲੈਂਦਿਆਂ ਸਾਰ ਹੀ ਆਪਣਾ ਕੰਮ ਸੰਭਾਲ ਲਿਆ ਹੈ। ਉਨ੍ਹਾਂ ਨੇ ਬਿਨਾਂ ਕੋਈ ਪਲ ਗੁਆਏ ਪੰਜਾਬ ਪ੍ਰਤੀ ਆਪਣੀ ਮਨਸ਼ਾ ਨੂੰ ਸਾਫ ਕਰ ਦਿੱਤਾ ਅਤੇ ਫੈਸਲੇ ਲੈਣ ਦਾ ਮਹੂਰਤ ਕਰ ਦਿੱਤਾ। ਹਲਫ਼ਦਾਰੀ ਸਮਾਗਮ ‘ਚ ਪਹਿਲੋਂ ਉਪ ਮੁੱਖ ਮੰਤਰੀ ਵਜੋਂ ਬ੍ਰਹਮ ਮਹਿੰਦਰਾ ਨੂੰ ਵੀ ਸਹੁੰ ਚੁਕਾਈ ਜਾਣੀ ਸੀ, ਪਰ ਰਾਤੋ-ਰਾਤ ਫੇਰਬਦਲ ਕਰਕੇ ਉਨ੍ਹਾਂ ਦੀ ਥਾਂ ਓ.ਪੀ.ਸੋਨੀ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ।
ਕਾਂਗਰਸ ਹਾਈਕਮਾਨ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਤਵਾਜ਼ਨ ਬਿਠਾਉਣ ਦੀ ਕੋਸ਼ਿਸ਼ ਕੀਤੀ ਹੈ। ਦਲਿਤ ਭਾਈਚਾਰੇ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ ਜਦੋਂ ਕਿ ਹਿੰਦੂ ਭਾਈਚਾਰੇ ‘ਚੋਂ ਓ.ਪੀ.ਸੋਨੀ ਅਤੇ ਜੱਟ ਸਿੱਖ ਵਰਗ ‘ਚੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਰਾਜ ਭਵਨ ਵਿਚ ਹੋਏ ਸਮਾਗਮ ਵਿੱਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਹਰੀਸ਼ ਚੌਧਰੀ, ਅਜੈ ਮਾਕਨ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਡੈਨੀ ਤੋਂ ਇਲਾਵਾ ਪਾਰਟੀ ਦੇ ਵਿਧਾਇਕ ਤੇ ਸਾਬਕਾ ਵਜ਼ੀਰ ਵੀ ਸ਼ਾਮਲ ਸਨ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਰਾਜ ਭਵਨ ‘ਚ ਦੇਰ ਨਾਲ ਪਹੁੰਚੇ ਜਦੋਂ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੌਕੇ ਗੈਰਹਾਜ਼ਰ ਰਹੇ। ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਰਾਹੁਲ ਗਾਂਧੀ ਸਮੇਤ ਸਾਰੇ ਆਗੂਆਂ ਨੇ ਵਧਾਈ ਦਿੱਤੀ।
ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਤੋਹਫਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਘਰੇਲੂ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ ਹੋਣਗੇ ਅਤੇ ਰਾਜ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ 18 ਨੁਕਾਤੀ ਏਜੰਡੇ ਦੀ ਗੱਲ ਕਰਦਿਆਂ ਕਿਹਾ ਕਿ ਡਿਫਾਲਟਰ ਹੋਣ ਕਰਕੇ ਕਿਸੇ ਗਰੀਬ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਉਨ੍ਹਾਂ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ‘ਚ ਕੁੱਦੇ ਕਿਸਾਨਾਂ ਨਾਲ ਖੜ੍ਹਨ ਦਾ ਵਚਨ ਦਿੱਤਾ ਅਤੇ ਇੱਥੋਂ ਤੱਕ ਕਿਹਾ ਕਿ ਕਿਸਾਨੀ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਖੇਤੀ ਕਾਨੂੰਨ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਮੁੱਖ ਮੰਤਰੀ ਚੰਨੀ ਨੇ ਮਾਫੀਆ ਰਾਜ ਦੇ ਖਾਤਮੇ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਰੇਤ ਮਾਫੀਆ ਦੇ ਲੋਕ ਨਾ ਆਉਣ। ਮੁੱਖ ਮੰਤਰੀ ਨੇ ਪੰਜਾਬ ਦੇ ਅੰਦੋਲਨਕਾਰੀ ਮੁਲਾਜ਼ਮਾਂ ਨੂੰ ਹੜਤਾਲ ਤੋਂ ਵਾਪਸ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਮੁਲਾਜ਼ਮਾਂ ਦੇ ਬਕਾਏ ਕਲੀਅਰ ਕੀਤੇ ਜਾਣਗੇ, ਪਰ ਉਨ੍ਹਾਂ ਮੁਲਾਜ਼ਮ ਵਰਗ ਤੋਂ ਥੋੜ੍ਹਾ ਸਮਾਂ ਮੰਗਿਆ ਹੈ।

RELATED ARTICLES
POPULAR POSTS