ਕਿਸਾਨਾਂ ਨੇ ਕੀਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਬਾਰਡਰਾਂ ’ਤੇ ਇਸ ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖਿਲਾਫ ਅੱਜ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਵਿਚ ਭਰਵਾਂ ਸਮਰਥਨ ਮਿਲਿਆ ਅਤੇ ਭਾਰਤ ਦੇ ਹੋਰ ਕਈ ਸੂਬਿਆਂ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤੇ ਗਏ। ਪੰਜਾਬ ਵਿਚ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਰਿਹਾ ਅਤੇ ਸੜਕਾਂ ਸੁੰਨੀਆਂ ਹੀ ਰਹੀਆਂ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਕਿਸਾਨਾਂ ਨੇ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਗਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਕਾਂਗਰਸ, ਆਰ ਜੇ ਡੀ, ਆਪ, ਬਸਪਾ, ਸਮਾਜਵਾਦੀ ਪਾਰਟੀ ਤੇ ਖੱਬੀਆਂ ਧਿਰਾਂ ਸਣੇ ਪ੍ਰਮੁੱਖ ਵਿਰੋਧੀ ਦਲਾਂ ਨੇ ਦਿੱਤਾ ਸਮਰਥਨ ਦਿੱਤਾ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ। ਉਨ੍ਹਾਂ ਕਿਹਾ ਕਿ ਹੁਣ ਭਵਿੱਖ ਦੀ ਅਗਲੀ ਰਣਨੀਤੀ ਸੰਯੁਕਤ ਕਿਸਾਨ ਮੋਰਚੇ ਵਲੋਂ ਬਣਾਈ ਜਾਵੇਗੀ।