ਚੰਡੀਗੜ੍ਹ/ਬਿਊਰੋ ਨਿਊਜ਼
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 114ਵੇਂ ਜਨਮ ਦਿਨ ’ਤੇ ਦੇਸ਼ਾਂ-ਵਿਦੇਸ਼ਾਂ ਵਿਚ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਚੰਨੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਕ ਟਵੀਟ ਕੀਤਾ, ਜਿਸ ਵਿਚ ਉਨ੍ਹਾਂ ਲਿਖਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਭਗਤ ਸਿੰਘ ਦੀ ਸੋਚ ਉਤੇ ਚੱਲਣ ਅਤੇ ਉਨ੍ਹਾਂ ਦੀ ਹੋਂਦ ਨੂੰ ਹਮੇਸ਼ਾ ਅਮਰ ਰੱਖਣਾ ਸਾਡਾ ਪਹਿਲਾ ਫਰਜ਼ ਬਣਦਾ ਹੈ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਦੇਸ਼ ਦੀ ਆਜ਼ਾਦੀ ’ਚ ਬਹੁਤ ਵੱਡਾ ਯੋਗਦਾਨ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।