ਮਨੀਸ਼ ਤਿਵਾੜੀ ਕਹਿੰਦੇ, ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਪਾਕਿਸਤਾਨ ਹੋਵੇਗਾ ਖੁਸ਼
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਲੰਘੇ ਕੱਲ੍ਹ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਆ ਗਿਆ ਹੈ। ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਉਹ ਹੱਕ – ਸੱਚ ਦੀ ਲੜਾਈ ਲੜਦੇ ਰਹਿਣਗੇ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਨਹੀਂ, ਮੁੱਦਿਆਂ ਦੀ ਲੜਾਈ ਲੜੀ ਹੈ ਅਤੇ ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਿੱਧੂ ਨੇ ਆਰੋਪ ਲਗਾਇਆ ਕਿ ਦਾਗ਼ੀ ਲੀਡਰਾਂ ਅਤੇ ਅਫ਼ਸਰਾਂ ਨੂੰ ਕਾਂਗਰਸ ’ਚ ਦੋਬਾਰਾ ਲਿਆਂਦਾ ਗਿਆ ਹੈ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਸਿੱਧੂ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਤਿਵਾੜੀ ਨੇ ਕਿਹਾ ਕਿ ਪੰਜਾਬ ਕਾਂਗਰਸ ’ਚ ਛਿੜੇ ਵਿਵਾਦ ਨਾਲ ਪਾਕਿਸਤਾਨ ਸਭ ਤੋਂ ਵੱਧ ਖੁਸ਼ ਹੋਵੇਗਾ। ਤਿਵਾੜੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਕਾਂਗਰਸ ’ਚ ਜੋ ਕੁਝ ਵਾਪਰਿਆ, ਉਹ ਮੰਦਭਾਗਾ ਹੈ। ਤਿਵਾੜੀ ਨੇ ਇਹ ਵੀ ਕਿਹਾ ਕੈਪਟਨ ਅਮਰਿੰਦਰ ਵਲੋਂ ਕਹੀਆਂ ਗੱਲਾਂ ਸੱਚ ਸਾਬਤ ਹੋ ਰਹੀਆਂ ਹਨ।