ਪੰਜਾਬ ’ਚ ਅਸਥਿਰਤਾ ਦੇ ਮਾਹੌਲ ਨੂੰ ਦੱਸਿਆ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ, ਜਰਨੈਲ ਸਿੰਘ, ਰਾਘਵ ਚੱਢਾ, ਕੁਲਤਾਰ ਸਿੰਘ ਸੰਧਵਾਂ ਸਣੇ ਹੋਰ ‘ਆਪ’ ਆਗੂ ਵੀ ਹਾਜ਼ਰ ਰਹੇ। ਧਿਆਨ ਰਹੇ ਕਿ ਕੇਜਰੀਵਾਲ ਦੋ ਦਿਨਾਂ ਦੇ ਪੰਜਾਬ ਦੌਰੇ ’ਤੇ ਪਹੁੰਚੇ ਹਨ। ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ’ਚ ਬਣੇ ਅਸਥਿਰਤਾ ਦੇ ਮਾਹੌਲ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵੇਲੇ ਜਿਵੇਂ ਦੀ ਅਸਥਿਰਤਾ ਬਣੀ ਹੋਈ ਹੈ, ਅਜਿਹੇ ਵਿਚ ਆਮ ਆਦਮੀ ਪਾਰਟੀ ਹੀ ਇਮਾਨਦਾਰ ਤੇ ਸਥਿਰ ਸਰਕਾਰ ਦੇ ਸਕਦੀ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਪੰਜਾਬ ਦਾ ਵਿਕਾਸ ਹੋਵੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਵਿੰਨ੍ਹਦਿਆਂ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਨੇ ਪੰਜਾਬ ’ਚ ਹਰ ਘਰ ਇਕ ਸਰਕਾਰੀ ਨੌਕਰੀ ਦਾ ਵਾਅਦਾ ਕੀਤਾ ਸੀ ਤੇ ਨੌਕਰੀ ਨਾ ਮਿਲਣ ਦੀ ਸੂਰਤ ’ਚ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਨਵੀਂ ਯਾਨੀ ਚੰਨੀ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ। ਕੇਜਰੀਵਾਲ ਨੇ ਚੰਨੀ ਤੋਂ ਬਰਗਾੜੀ ਕਾਂਡ ਦੇ ਗੁਨਾਹਗਾਰਾਂ ਨੂੰ ਸਜ਼ਾ ਦਿਵਾਉਣ, ਦਾਗ਼ੀ ਮੰਤਰੀਆਂ ਤੇ ਅਫ਼ਸਰਾਂ ਨੂੰ ਹਟਾਉਣ ਸਮੇਤ ਕਈ ਪਹਿਲੂਆਂ ’ਤੇ ਕੰਮ ਕਰਨ ਨੂੰ ਕਿਹਾ।