Breaking News
Home / Special Story / ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਨੂੂੰ ਮਿਲਿਆ ਭਰਪੂਰ ਹੁੰਗਾਰਾ

ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਨੂੂੰ ਮਿਲਿਆ ਭਰਪੂਰ ਹੁੰਗਾਰਾ

ਕਿਸਾਨਾਂ ਨੇ ਕੀਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ – ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਪੰਜਾਬ, ਹਰਿਆਣਾ, ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕੇਰਲਾ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪਾਂਡੀਚੇਰੀ, ਰਾਜਸਥਾਨ, ਤਾਮਿਲਨਾਡੂ, ਤਿਲੰਗਾਨਾ, ਤ੍ਰਿਪੁਰਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ‘ਚ ਥਾਂ-ਥਾਂ ‘ਤੇ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਬਾਰਡਰਾਂ ‘ਤੇ ਇਸ ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖਿਲਾਫ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਸਣੇ ਭਾਰਤ ਭਰ ਵਿਚ ਭਰਵਾਂ ਸਮਰਥਨ ਮਿਲਿਆ। ਪੰਜਾਬ ਵਿਚ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਰਿਹਾ ਅਤੇ ਸੜਕਾਂ ਸੁੰਨੀਆਂ ਹੀ ਰਹੀਆਂ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਕਿਸਾਨਾਂ ਨੇ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਗਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਕਾਂਗਰਸ, ਆਰ ਜੇ ਡੀ, ਆਪ, ਬਸਪਾ, ਸਮਾਜਵਾਦੀ ਪਾਰਟੀ ਤੇ ਖੱਬੀਆਂ ਧਿਰਾਂ ਸਣੇ ਪ੍ਰਮੁੱਖ ਵਿਰੋਧੀ ਦਲਾਂ ਨੇ ਦਿੱਤਾ ਸਮਰਥਨ ਦਿੱਤਾ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ। ਉਨ੍ਹਾਂ ਕਿਹਾ ਕਿ ਹੁਣ ਭਵਿੱਖ ਦੀ ਅਗਲੀ ਰਣਨੀਤੀ ਸੰਯੁਕਤ ਕਿਸਾਨ ਮੋਰਚੇ ਵਲੋਂ ਬਣਾਈ ਜਾਵੇਗੀ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਜਾਰੀ ਅੰਦੋਲਨ ਨੂੰ 10 ਮਹੀਨੇ ਤੋਂ ਵੱਧ ਦਾ ਸਮਾਂ ਹੋਣ ਅਤੇ ਹੋਰ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਉੱਤਰ ਤੋਂ ਲੈ ਕੇ ਦੱਖਣੀ ਭਾਰਤ ਦੇ ਕਈ ਰਾਜਾ ਤੱਕ ਭਰਵਾਂ ਹੁੰਗਾਰਾ ਮਿਲਿਆ। ਦੇਸ਼ ‘ਚ 10 ਘੰਟਿਆਂ ਦੇ ਬੰਦ ਦੌਰਾਨ ਕਿਸਾਨਾਂ ਸਮੇਤ ਹੋਰ ਲੋਕਾਂ ਨੇ ਸੜਕਾਂ ਜਾਮ ਰੱਖੀਆਂ। ਬੰਦ ਕਾਰਨ ਸੜਕ ਅਤੇ ਰੇਲ ਆਵਾਜਾਈ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈ। ਉਂਜ ਬੰਦ ਪੂਰੀ ਤਰ੍ਹਾਂ ਨਾਲ ਸ਼ਾਂਤਮਈ ਰਿਹਾ ਪਰ ਕਈ ਥਾਵਾਂ ‘ਤੇ ਲੋਕਾਂ ਨੂੰ ਜ਼ਰੂਰ ਖੱਜਲ ਹੋਣਾ ਪਿਆ। ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ 23 ਤੋਂ ਵੱਧ ਰਾਜਾਂ ‘ਚ ਜ਼ੋਰਦਾਰ ਹਮਾਇਤ ਮਿਲੀ। ਮੋਰਚੇ ਵੱਲੋਂ ਇਸ ਤੋਂ ਪਹਿਲਾਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਵਾਰ ਬੰਦ ਜ਼ਿਆਦਾ ਵਿਆਪਕ ਰਿਹਾ। ਮੋਰਚੇ ਵੱਲੋਂ ਦਾਅਵਾ ਕੀਤਾ ਗਿਆ ਕਿ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕੇਰਲਾ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪਾਂਡੀਚੇਰੀ, ਰਾਜਸਥਾਨ, ਤਾਮਿਲਨਾਡੂ, ਤਿਲੰਗਾਨਾ, ਤ੍ਰਿਪੁਰਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ‘ਚ ਵੀ ਥਾਂ-ਥਾਂ ‘ਤੇ ਪ੍ਰਦਰਸ਼ਨ ਕੀਤੇ ਗਏ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਦਬਾਅ ਬਣਾਇਆ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਬੰਦ ਨੂੰ ਮਿਲੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਭਾਰਤ ਦੇ ਲੋਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਕਈ ਖੇਤਰਾਂ ਵਿੱਚ ਲੋਕ ਵਿਰੋਧੀ ਨੀਤੀਆਂ ਪ੍ਰਤੀ ਮੋਦੀ ਸਰਕਾਰ ਦੇ ਅੜੀਅਲ, ਗੈਰ-ਵਾਜਬ ਅਤੇ ਹਉਮੈ ਭਰੇ ਰੁਖ ਤੋਂ ਥੱਕ ਗਏ ਹਨ। ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਭਾਜਪਾ ਹਕੂਮਤ ਵਾਲੇ ਸੂਬਿਆਂ ਵਿੱਚ ਵੀ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ ਹੈ। ਬੰਦ ਨੂੰ ਮੋਰਚੇ ਵਿੱਚ ਸ਼ਾਮਲ 40 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ ਵੱਖ ਪਾਰਟੀਆਂ, ਮੁਲਾਜ਼ਮ ਜਥੇਬੰਦੀਆਂ, ਟਰਾਂਸਪੋਰਟ, ਟੈਕਸੀ, ਆਟੋ, ਬਾਰ ਐਸੋਸੀਏਸ਼ਨਾਂ, ਮਾਰਕਿਟ ਕਮੇਟੀਆਂ/ਸੰਸਥਾਵਾਂ ਅਤੇ ਵਪਾਰੀ ਸੰਗਠਨਾਂ ਦਾ ਸਮਰਥਨ ਹਾਸਲ ਸੀ।
ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ: ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੰਦ ਦੌਰਾਨ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਛੇਤੀ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ। ‘ਅਸੀਂ ਹਰ ਚੀਜ਼ ਨੂੰ ਸੀਲ ਨਹੀਂ ਕਰ ਸਕਦੇ ਹਾਂ ਇਸ ਕਰਕੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਵੀ ਦਿੱਤੀ ਗਈ ਹੈ। ਅਸੀਂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ, ਪਰ ਕੋਈ ਗੱਲਬਾਤ ਨਹੀਂ ਹੋ ਰਹੀ ਹੈ।’ ਟਿਕੈਤ ਨੇ ਬੰਦ ਕਾਰਨ ਲੋਕਾਂ ਨੂੰ ਹੋਈ ਤਕਲੀਫ਼ ‘ਤੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਇਕ ਦਿਨ ਆਈ ਦਿੱਕਤ ਨੂੰ ਭੁਲਾ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਆਪਣੇ ਘਰ-ਬਾਰ ਛੱਡ ਕੇ ਸੜਕਾਂ ‘ਤੇ ਹਨ ਪਰ ਬੋਲੀ ਅਤੇ ਅੰਨ੍ਹੀ ਸਰਕਾਰ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ ਅਤੇ ਨਾ ਹੀ ਉਹ ਕੁਝ ਸੁਣ ਰਹੀ ਹੈ।
ਕਿਸਾਨਾਂ ਨੇ ਸਭ ਦੇ ਮੂੰਹ ਬੰਦ ਕੀਤੇ: ਯੋਗੇਂਦਰ ਯਾਦਵ
ਸੰਯੁਕਤ ਕਿਸਾਨ ਮੋਰਚੇ ਦੇ ਮੋਢੀ ਆਗੂਆਂ ਵਿੱਚੋਂ ਇੱਕ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨਾਂ ਨੇ ਇਕ ਵਾਰ ਫਿਰ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ ਜੋ ਆਖ ਰਹੇ ਸਨ ਕਿ ਇਹ ਦੇਸ਼ ਦੇ ਕੁਝ ਹਿੱਸਿਆਂ ਦੇ ਕਿਸਾਨਾਂ ਦਾ ਹੀ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਬੰਦ ਰਿਹਾ। ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਅੰਦੋਲਨ ਦਾ ਸਮਰਥਨ ਕਰ ਦਿੱਤਾ। ਹਰਿਆਣਾ ਵਿੱਚ ਸਭ ਕੁਝ ਬੰਦ ਰਿਹਾ। ਉਨ੍ਹਾਂ ਕਿਹਾ ਕਿ ਬਿਹਾਰ ‘ਚ ਵੀ ਸਮਰਥਨ ਮਿਲਿਆ।
ਦਿੱਲੀ-ਐੱਨਸੀਆਰ ਵਿੱਚ ਲੱਗਿਆ ਭਾਰੀ ਜਾਮ
ਦਿੱਲੀ ਨਾਲ ਲਗਦੀਆਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਵੀ ਸੜਕਾਂ ਜਾਮ ਕਰਕੇ ਮੁਕੰਮਲ ਤੌਰ ‘ਤੇ ਬੰਦ ਰੱਖਿਆ ਗਿਆ। ਦਿੱਲੀ-ਐੱਨਸੀਆਰ ਖਿੱਤੇ ਗੁੜਗਾਉਂ, ਗਾਜ਼ੀਆਬਾਦ ਅਤੇ ਨੋਇਡਾ ‘ਚ ਆਵਾਜਾਈ ਰੋਕੇ ਜਾਣ ਕਾਰਨ ਸੜਕਾਂ ‘ਤੇ ਭਾਰੀ ਜਾਮ ਦੇਖਣ ਨੂੰ ਮਿਲੇ। ਕਈ ਥਾਵਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਜੋ ਸ਼ਾਮ ਨੂੰ 6 ਵਜੇ ਬੰਦ ਖੁੱਲ੍ਹਣ ਮਗਰੋਂ ਹੀ ਅੱਗੇ ਵਧ ਸਕੀਆਂ।
ਟਰੇਡ ਯੂਨੀਅਨਾਂ ਨੇ ਸਾਂਝੇ ਤੌਰ ‘ਤੇ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਮੋਰਚੇ ਦੀਆਂ ਯੂਨੀਅਨਾਂ ਵੱਲੋਂ ਕੇਐੱਮਪੀ ਮਾਰਗ ਨੂੰ ਸਿੰਘੂ ਬਾਰਡਰ ਨੇੜੇ ਅਤੇ ਗਾਜ਼ੀਪੁਰ ਵਿਖੇ ਡਾਸਨਾ ਕੋਲ ਰੋਕਿਆ ਗਿਆ। ਪਲਵਲ ਮੋਰਚੇ ‘ਤੇ ਬੈਠੇ ਕਿਸਾਨਾਂ ਨੇ ਦਿੱਲੀ-ਆਗਰਾ ਮਾਰਗ ਕੁੱਝ ਦੇਰ ਲਈ ਰੋਕਿਆ। ਟਿਕਰੀ ਬਾਰਡਰ ਨੇੜੇ ਬਹਾਦਰਗੜ੍ਹ ਰੇਲਵੇ ਸਟੇਸ਼ਨ ਉਪਰ ਵੀ ਧਰਨਾ ਦਿੱਤਾ ਗਿਆ। ਦਿੱਲੀ ਦੇ ਦੁਆਲੇ 10 ਮਹੀਨਿਆਂ ਤੋਂ ਲਗਾਤਾਰ ਲੱਗੇ ਮੋਰਚਿਆਂ ‘ਚ ਕਿਸਾਨਾਂ ਵਿੱਚ ਗਜ਼ਬ ਦਾ ਉਤਸ਼ਾਹ ਨਜ਼ਰ ਆਇਆ ਅਤੇ ਕਿਸਾਨ ਬੁਲਾਰਿਆਂ ਦੀਆਂ ਜੋਸ਼ੀਲੀਆਂ ਤਕਰੀਰਾਂ ਦਾ ਕਿਸਾਨਾਂ ਨੇ ਜ਼ੋਰਦਾਰ ਨਾਅਰੇ ਲਾ ਕੇ ਹਾਂ-ਪੱਖੀ ਜਵਾਬ ਦਿੱਤਾ।

ਪੰਜਾਬ ਕਿਸਾਨਾਂ ਦੇ ਹੱਕ ‘ਚ ਨਿੱਤਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਮੂਹ ਵਰਗਾਂ ਨੇ ਭਰਵਾਂ ਸਮਰਥਨ ਦਿੱਤਾ। ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਬਰਨਾਲਾ, ਸੰਗਰੂਰ, ਬਠਿੰਡਾ, ਮਾਨਸਾ, ਮੋਗਾ ਤੇ ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਕਿਸਾਨ ਰੇਲ ਪਟੜੀਆਂ ‘ਤੇ ਦਰੀਆਂ ਵਿਛਾ ਕੇ ਬੈਠੇ ਰਹੇ ਜਿਸ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਸੂਬੇ ਦੀਆਂ ਸਾਰੀਆਂ ਵੱਡੀਆਂ-ਛੋਟੀਆਂ ਸੜਕਾਂ ਉਪਰ ਸਵੇਰੇ 6 ਵਜੇ ਤੋਂ ਹੀ ਕਿਸਾਨਾਂ ਵੱਲੋਂ ਮੋਰਚਾ ਗੱਡ ਦਿੱਤੇ ਜਾਣ ਕਾਰਨ ਸੁੰਨ ਪੱਸਰੀ ਹੋਈ ਸੀ। ਪੰਜਾਬ ਭਰ ਵਿੱਚ ਜੇਕਰ ਸੜਕਾਂ ‘ਤੇ ਕੋਈ ਦਿਖਾਈ ਦੇ ਰਿਹਾ ਸੀ ਤਾਂ ਅੰਦੋਲਨਕਾਰੀ ਕਿਸਾਨ ਹੀ ਦਿਖਾਈ ਦੇ ਰਹੇ ਸਨ।
ਰੇਲ ਪਟੜੀਆਂ ‘ਤੇ ਰੇਲਾਂ ਦਾ ਚੱਕਾ ਜਾਮ ਹੋਣ ਕਾਰਨ ਯਾਤਰੀ ਸ਼ਾਮ ਤੱਕ ਡੱਬਿਆਂ ‘ਚ ਬੰਦ ਰਹੇ। ਕਈ ਥਾਈਂ ਯਾਤਰੀਆਂ ਲਈ ਕਿਸਾਨਾਂ ਨੇ ਲੰਗਰ ਅਤੇ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਤੇ ਅੰਦੋਲਨ ਦੌਰਾਨ ਪ੍ਰੇਸ਼ਾਨੀ ਲਈ ਅਫਸੋਸ ਵੀ ਪ੍ਰਗਟਾਇਆ। ਪੰਜਾਬ ਵਿੱਚ 600 ਤੋਂ ਵੱਧ ਥਾਵਾਂ ‘ਤੇ ਧਰਨੇ ਲਾਉਂਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਐਕਟ 2020 ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤੇ।
ਸੂਬੇ ਭਰ ‘ਚ ਕਰੀਬ 500 ਥਾਵਾਂ ‘ਤੇ ਸੜਕ ਜਾਮ, 20 ਤੋਂ ਵੱਧ ਥਾਵਾਂ ‘ਤੇ ਰੇਲ ਰੋਕੋ ਧਰਨੇ, ਸਵਾ ਸੌ ਥਾਵਾਂ ‘ਤੇ ਪਹਿਲਾਂ ਤੋਂ ਚਲਦੇ ਪੱਕੇ ਧਰਨੇ ਅਤੇ ਸੈਂਕੜੇ ਥਾਵਾਂ ‘ਤੇ ਸ਼ਹਿਰਾਂ ਦੇ ਬਾਜ਼ਾਰਾਂ ‘ਚ ਅੰਦੋਲਨਕਾਰੀਆਂ ਵੱਲੋਂ ਰੋਸ ਮਾਰਚ ਕੱਢੇ ਗਏ। ਪੰਜਾਬ ਭਰ ਵਿੱਚ ਪੈਂਦੇ ਕੌਮੀ ਹਾਈਵੇਅ, ਰਾਜ ਮਾਰਗ ਸਮੇਤ ਅਹਿਮ ਸੜਕ ਮਾਰਗ ਦਿਨ ਭਰ ਲਈ ਬਿਲਕੁਲ ਬੰਦ ਰਹੇ। ਗੁਆਂਢੀ ਰਾਜਾਂ ਤੋਂ ਸੂਬੇ ‘ਚ ਆਉਣ ਵਾਲੀ ਆਵਜਾਈ ਬੰਦ ਰਹੀ। ਪੰਜਾਬ ਤੇ ਹਰਿਆਣਾ ਤੋਂ ਆਵਾਜਾਈ ਠੱਪ ਹੋਣ ਕਾਰਨ ਚੰਡੀਗੜ੍ਹ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ ਤੇ ਸਰਕਾਰੀ ਦਫ਼ਤਰਾਂ ‘ਚ ਵੀ ਰੌਣਕ ਗਾਇਬ ਸੀ। ਆਵਾਜਾਈ ਠੱਪ ਹੋਣ ਕਾਰਨ ਪੰਜਾਬ ‘ਚ ਵੀ ਸਰਕਾਰੀ, ਅਰਧ ਸਰਕਾਰੀ ਤੇ ਨਿੱਜੀ ਖੇਤਰ ਦੇ ਅਦਾਰੇ ਬੰਦ ਰਹੇ।
ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨਾਂ, ਮੁਲਾਜ਼ਮਾਂ, ਵਕੀਲਾਂ, ਠੇਕਾ ਕਾਮਿਆਂ, ਆਂਗਣਵਾੜੀ ਵਰਕਰਾਂ, ਬਿਜਲੀ ਕਾਮਿਆਂ, ਵਿਦਿਆਰਥੀਆਂ, ਨੌਜਵਾਨਾਂ, ਅਨੇਕਾਂ ਇਨਸਾਫਪਸੰਦ ਜਮਹੂਰੀ ਜਥੇਬੰਦੀਆਂ, ਟਰਾਂਸਪੋਰਟਰਾਂ, ਮੁਲਾਜ਼ਮਾਂ, ਆੜ੍ਹਤੀਆਂ, ਦੁਕਾਨਦਾਰਾਂ, ਸਾਹਿਤਕਾਰਾਂ, ਰੰਗਕਰਮੀਆਂ ਅਤੇ ਵਪਾਰੀਆਂ ਵੱਲੋਂ ਸਹਿਯੋਗ ਕਰਦਿਆਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲ਼ੋਂ ਕਈ ਥਾਈਂ ਸੜਕਾਂ ਜਾਮ ਅਤੇ 5 ਥਾਈਂ ਰੇਲ ਮਾਰਗ ਜਾਮ ਕੀਤੇ ਗਏ।
ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸਕੱਤਰ ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਜ਼ਿਲ੍ਹਿਆਂ, ਬਲਾਕਾਂ ਤੇ ਪਿੰਡਾਂ ਦੇ ਆਗੂ ਸ਼ਾਮਲ ਸਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ, ਜਗਮੋਹਨ ਸਿੰਘ ਪਟਿਆਲਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁਲਵੰਤ ਸਿੰਘ ਸੰਧੂ, ਜੰਗਬੀਰ ਸਿੰਘ ਚੌਹਾਨ ਤੇ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਸੂਬੇ ਭਰ ‘ਚ ਬੰਦ ਦੇ ਸੱਦੇ ਨੂੰ ਸਫ਼ਲ ਕੀਤਾ ਗਿਆ।

ਮਹਾਰਾਸ਼ਟਰ ਦਾ ਸਿੱਖ ਭਾਈਚਾਰਾ ਕਿਸਾਨਾਂ ਦੇ ਹੱਕ ‘ਚ ਨਿੱਤਰਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਨਵੀ ਮੁੰਬਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੜਕ ਕਿਨਾਰੇ ਖੜ੍ਹੇ ਹੋ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਇਆ। ਉਨ੍ਹਾਂ ਹੱਥਾਂ ਕਿਸਾਨਾਂ-ਮਜ਼ਦੂਰਾਂ ਦੇ ਹੱਥ ‘ਚ ਨਾਅਰੇ ਲਿਖੇ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਜਸਪਾਲ ਸਿੰਘ ਸਿੱਧੂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
ਰਾਹੁਲ ਗਾਂਧੀ ਨੇ ਕਿਸਾਨਾਂ ਦੀ ਕੀਤੀ ਹਮਾਇਤ
ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਭਾਰਤ ਬੰਦ ਨੂੰ ਹਮਾਇਤ ਦਿੰਦਿਆਂ ਕਿਹਾ ਕਿ ਕਿਸਾਨਾਂ ਦਾ ਅਹਿੰਸਕ ‘ਸੱਤਿਆਗ੍ਰਹਿ’ ਹਾਲੇ ਵੀ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਤੇ ‘ਸ਼ੋਸ਼ਣ ਕਰਨ ਵਾਲੀ ਸਰਕਾਰ’ ਨੂੰ ਇਹ ਪਸੰਦ ਨਹੀਂ ਹੈ। ਕਾਂਗਰਸ ਨੇ ਆਪਣੇ ਵਰਕਰਾਂ, ਸੂਬਾਈ ਪ੍ਰਧਾਨਾਂ ਤੇ ਹੋਰ ਸੰਗਠਨਾਂ ਨੂੰ ਬੰਦ ਵਿਚ ਹਿੱਸਾ ਲੈਣ ਲਈ ਕਿਹਾ ਸੀ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਕਈ ਗੈਰ-ਐਨਡੀਏ ਪਾਰਟੀਆਂ ਨੇ ਸਮਰਥਨ ਦਿੱਤਾ ਸੀ। ਰਾਹੁਲ ਨੇ ਹਿੰਦੀ ਵਿਚ ਟਵੀਟ ਕੀਤਾ ‘ਕਿਸਾਨੋਂ ਕਾ ਅਹਿੰਸਕ ਅੰਦੋਲਨ ਆਜ ਭੀ ਅਖੰਡ ਹੈ, ਲੇਕਿਨ ਸ਼ੋਸ਼ਣਕਾਰ ਸਰਕਾਰ ਕੋ ਯੇਹ ਨਹੀਂ ਪਸੰਦ ਹੈ, ਇਸ ਲੀਏ ਆਜ ਭਾਰਤ ਬੰਦ ਹੈ।’
ਹਰਿਆਣਾ ਵਿੱਚ ‘ਭਾਰਤ ਬੰਦ’ ਦਾ ਮੁਕੰਮਲ ਅਸਰ
ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਦਾ ਭਾਜਪਾ ਸ਼ਾਸਿਤ ਪ੍ਰਦੇਸ਼ ਹਰਿਆਣਾ ‘ਚ ਮੁਕੰਮਲ ਅਸਰ ਦੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ਦੇ ਟੌਲ ਪਲਾਜ਼ੇ, ਕੌਮੀ ਮਾਰਗ ਅਤੇ ਰੇਲ ਲਾਈਨਾਂ ‘ਤੇ ਧਰਨੇ ਦਿੱਤੇ। ਇਸ ਨਾਲ ਸੂਬੇ ‘ਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਵਾਜਾਈ ਬੰਦ ਰਹੀ। ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਸੂਬੇ ਭਰ ਦੀਆਂ ਦੁਕਾਨਾਂ, ਸਨਅਤ ਅਤੇ ਸਭ ਕੁਝ ਬੰਦ ਰਿਹਾ। ਕਿਸਾਨ ਆਗੂਆਂ ਨੇ ‘ਭਾਰਤ ਬੰਦ’ ਵਿੱਚ ਸਹਿਯੋਗ ਦੇਣ ‘ਤੇ ਹਰ ਵਰਗ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕਦਾ ਹੈ। ਹਰਿਆਣਾ ਦੇ ਕਰਨਾਲ, ਪਾਣੀਪਤ, ਜੀਂਦ, ਹਿਸਾਰ, ਕੁਰੂਕਸ਼ੇਤਰ, ਸੋਨੀਪਤ, ਚੀਕਾ, ਭਿਵਾਨੀ, ਕੈਥਲ, ਅੰਬਾਲਾ ਸਣੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਰਣਨੀਤੀ ਤਹਿਤ ਸਵੇਰ ਤੋਂ ਹੀ ਸੜਕਾਂ ਜਾਮ ਕਰ ਦਿੱਤੀਆਂ ਸਨ।

ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਨੇਹਾ ਦਿੱਤਾ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕਿਸਾਨਾਂ ਨੂੰ ਬਿਨਾ ਸ਼ਰਤ ਗੱਲਬਾਤ ਲਈ ਸੱਦਾ ਭੇਜਿਆ ਜਾਵੇ। ਸੁਖਬੀਰ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਕਿਸਾਨੀ ਮੰਡੀਕਰਨ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਕਿਸਾਨੀ ਸਮੱਸਿਆਵਾਂ ਦਾ ਹੱਲ ਕਰਨ ਲਈ ਉਹ ਤੁਰੰਤ ਨਿੱਜੀ ਪਹਿਲ ਕਦਮੀ ਕਰਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ। ਸੁਖਬੀਰ ਨੇ ਕਿਹਾ ਕਿ ਲੰਘੇ ਕੱਲ੍ਹ ਖੇਤੀ ਕਾਨੂੰਨਾਂ ਖਿਲਾਫ ਹੋਏ ਭਾਰਤ ਬੰਦ ਨੂੰ ਦੇਖ ਕੇ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਅੰਦੋਲਨ ਵਿਚ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ ਵਧਦੇ ਰੋਹ ਨੂੰ ਦੇਖਦਿਆਂ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ ਅਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਵਿਚੋਂ ਅਸਤੀਫਾ ਦੇ ਦਿੱਤਾ ਸੀ।

Check Also

ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ

ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …