Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਚੋਣਾਂ ਨਵੀਂ ਸਿਆਸੀ ਪਾਰਟੀ ਬਣਾ ਕੇ ਲੜਾਂਗੇ : ਚੜੂਨੀ

ਪੰਜਾਬ ਵਿਧਾਨ ਸਭਾ ਚੋਣਾਂ ਨਵੀਂ ਸਿਆਸੀ ਪਾਰਟੀ ਬਣਾ ਕੇ ਲੜਾਂਗੇ : ਚੜੂਨੀ

ਰਾਜਪੁਰਾ/ਬਿਊਰੋ ਨਿਊਜ਼ : ਰਾਜਪੁਰਾ ਨੇੜਲੇ ਪਿੰਡ ਮਰਦਾਂਪੁਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਚੜੂਨੀ) ਨੇ ਗੱਲਬਾਤ ਕਰਦਿਆਂ ਕਿਹਾ ਕਿ ਪੂੰਜੀਪਤੀ ਘਰਾਣਿਆਂ ਪੱਖੀ ਖੇਤੀ ਕਾਨੂੰਨ ਬਣਾਉਣ ਵਾਲੀ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਮਿਸ਼ਨ ਪੰਜਾਬ 2022 ਤਹਿਤ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨਵੀਂ ਸਿਆਸੀ ਪਾਰਟੀ ਬਣਾ ਦੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣਾਈ ਜਾਵੇਗੀ, ਜੋ ਲੋਕ ਪੱਖੀ ਕਾਨੂੰਨ ਬਣਾਉਣ ਦੇ ਸਮਰੱਥ ਹੋਵੇ। ਚੜੂਨੀ ਆਪਣੇ ਜੱਦੀ ਪਿੰਡ ਮਰਦਾਂਪੁਰ ਵਿੱਚ ਇੱਕ ਸੋਗ ਸਭਾ ਵਿੱਚ ਸ਼ਾਮਲ ਹੋਣ ਆਏ ਸਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵਿਧਾਨ ਸਭਾ ਚੋਣ ਨਹੀਂ ਲੜਨਗੇ ਪਰ ਨਵੀਂ ਸਿਆਸੀ ਪਾਰਟੀ ਵਿੱਚ ਕਿਸੇ ਵੀ ਰਵਾਇਤੀ ਸਿਆਸੀ ਪਾਰਟੀ ਦੇ ਵੱਡੇ ਆਗੂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਵਰਕਰ ਭਾਵੇਂ ਕਿਸੇ ਵੀ ਪਾਰਟੀ ਦਾ ਹੋਵੇ, ਉਹ ਸ਼ਾਮਲ ਹੋ ਸਕੇਗਾ। ਕਿਸਾਨ ਆਗੂ ਨੇ ਕਿਹਾ ਕਿ ਨਵੀਂ ਸਿਆਸੀ ਪਾਰਟੀ ਲਈ ਹਰ ਖੇਤਰ ਦੇ ਲੋਕਾਂ ਨਾਲ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ 10 ਮਹੀਨੇ ਪਹਿਲਾਂ ਪੰਜਾਬ, ਹਰਿਆਣਾ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪਹੁੰਚ ਕੇ ਜਨ ਅੰਦੋਲਨ ਬਣ ਗਿਆ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੇ ਏਕੇ ਨਾਲ ਜਿੱਤ ਵੱਲ ਵਧ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਜ਼ਮੀਨੀ ਹਕੀਕਤ ਸਮਝਦਿਆਂ ਤੁਰੰਤ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।

Check Also

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ

ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …