ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ‘ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਹਨ ਤੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਵਕੀਲ ਵੀ ਰਹਿ ਚੁੱਕੇ ਹਨ। ਉਹ ਸੈਣੀ ਖਿਲਾਫ ਚੱਲ ਰਹੇ ਕਈ ਮਾਮਲਿਆਂ ਵਿਚ ਉਨ੍ਹਾਂ ਦੀ ਪੈਰਵੀ ਕਰ ਚੁੱਕੇ ਹਨ।
ਪੰਜਾਬ ‘ਚ ਏ.ਜੀ. ਦੀ ਨਿਯੁਕਤੀ ‘ਤੇ ਹੋਇਆ ਵਿਵਾਦ
‘ਆਪ’ ਆਗੂਆਂ ਨੇ ਕਿਹਾ, ਬੇਅਦਬੀ ਮਾਮਲੇ ‘ਚ ਕਿਸ ਤਰ੍ਹਾਂ ਮਿਲੇਗਾ ਇਨਸਾਫ
ਚੰਡੀਗੜ੍ਹ : ਪੰਜਾਬ ਵਿਚ ਨਵੇਂ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਦਿਓਲ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਵੀ ਰਹੇ ਹਨ। ਇਨ੍ਹਾਂ ਅਫਸਰਾਂ ‘ਤੇ ਬੇਦਅਬੀ ਮਾਮਲਿਆਂ ਤੋਂ ਬਾਅਦ ਹੋਏ ਗੋਲੀਕਾਂਡ ਵਿਚ ਭੂਮਿਕਾ ਦਾ ਆਰੋਪ ਹੈ। ਇਨ੍ਹਾਂ ਦੋਵਾਂ ਅਫਸਰਾਂ ਨੂੰ ਜ਼ਮਾਨਤ ਵੀ ਐਡਵੋਕੇਟ ਦਿਓਲ ਨੇ ਹੀ ਦਿਵਾਈ ਸੀ। ਇਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਨਵੀਂ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸੈਣੀ ਨੂੰ ਏ.ਪੀ.ਐੱਸ. ਦਿਓਲ ਬਚਾਉਂਦੇ ਰਹੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਮੇਧ ਸੈਣੀਂ ਨੂੰ ਜਿਸ ਵਿਅਕਤੀ ਨੇ ਜ਼ਮਾਨਤ ਦਿਵਾਈ ਸੀ, ਉਸੇ ਨੂੰ ਹੀ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਲਗਾ ਦਿੱਤਾ ਗਿਆ ਹੈ ਅਤੇ ਇਸ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ। ਧਿਆਨ ਰਹੇ ਕਿ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ।