ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੱਤਾ ਦੇ ਨਸ਼ੇ ’ਚ ਭਾਜਪਾ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿੰਸਕ ਨਹੀਂ ਹੋਣਗੇ, ਭਾਜਪਾ ਚਾਹੇ ਜਿੰਨਾ ਮਰਜ਼ੀ ਉਕਸਾ ਲਵੇ। ਉਨ੍ਹਾਂ ਕਿਹਾ ਕਿ ਇਹ ਹੁਣ ਤਕ ਦਾ ਸਭ ਤੋਂ ਵੱਡਾ ਤੇ ਲੰਬੇ ਸਮੇਂ ਤਕ ਚੱਲਣ ਵਾਲਾ ਅੰਦੋਲਨ ਹੈ। ਰਾਜੇਵਾਲ ਨੇ ਕਿਹਾ ਕਿ ਯੂਪੀ ਸਰਕਾਰ ਨੂੰ 8 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਮੁਲਜ਼ਮ ਭਾਜਪਾ ਆਗੂਆਂ ਨੂੰ ਗਿ੍ਰਫ਼ਤਾਰ ਕੀਤਾ ਜਾਵੇ ਨਹੀਂ ਤਾਂ ਕਿਸਾਨ ਵੱਡਾ ਐਕਸ਼ਨ ਲੈਣਗੇ। ਰਾਜੇਵਾਲ ਨੇ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਸ਼ਾਂਤ ਰਹਿਣਾ ਹੀ ਸਾਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਆਗੂ ਲਖੀਮਪੁਰ ’ਚ ਗਏ ਹੋਏ ਹਨ। ਰਾਜੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਰਰ ਲਾਲ ਖੱਟਰ ਦੇ ਬਿਆਨ ਦੀ ਵੀ ਨਿੰਦਾ ਕੀਤੀ ਹੈ ਜਿਸ ਵਿਚ ਉਨ੍ਹਾਂ ਭਾਜਪਾ ਵਰਕਰਾਂ ਨੂੰ ਡੰਡੇ ਚੁੱਕਣ ਲਈ ਕਿਹਾ ਸੀ।