ਚੰਡੀਗੜ੍ਹ/ਬਿਊਰੋ ਨਿਊਜ਼
ਪੁਲਿਸ ਨੇ ਲਖੀਮਪੁਰ ਖੀਰੀ ਘਟਨਾ ਮਾਮਲੇ ਸਬੰਧੀ ਦੋ ਐੱਫਆਈਆਰ ਦਰਜ ਕੀਤੀਆਂ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਅਵਸਥੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉੋਧਰ ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਭੇਜ ਕੇ ਲਖੀਮਪੁਰ ਖੀਰੀ ਘਟਨਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁਧ ਕਰੀਬ ਦਸ ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਨਾਰਾਜ਼ਗੀ ਅਜੈ ਕੁਮਾਰ ਮਿਸ਼ਰਾ ਦੇ ਉਸ ਬਿਆਨ ਮਗਰੋਂ ਹੋਰ ਵੱਧ ਗਈ, ਜਿਸ ਵਿੱਚ ਉਸ ਨੇ ਕਿਸਾਨਾਂ ਨੂੰ ਦੋ ਮਿੰਟ ਵਿੱਚ ਸੁਧਰ ਜਾਣ ਤੇ ਲਖੀਮਪੁਰ ਖੀਰੀ ਛੱਡਣ ਦੀ ਚਿਤਾਵਨੀ ਦਿੱਤੀ ਸੀ। ਅਜੈ ਕੁਮਾਰ ਮਿਸ਼ਰਾ ਵੱਲੋਂ ਕੁਝ ਦਿਨ ਪਹਿਲਾਂ ਮੀਟਿੰਗ ਦੌਰਾਨ ਕਿਸਾਨਾਂ ਨੂੰ ਦਿੱਤੀ ਚੇਤਾਵਨੀ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ, ਸਾਹਮਣੇ ਆਓ, ਅਸੀਂ ਤੁਹਾਨੂੰ ਸਿਰਫ ਦੋ ਮਿੰਟ ਵਿੱਚ ਸੁਧਾਰ ਦਿਆਂਗੇ।

