ਚੰਡੀਗੜ੍ਹ/ਬਿਊਰੋ ਨਿਊਜ਼
ਲਖੀਮਪੁਰ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਤੇ ਛੱਤੀਸਗੜ੍ਹ ਦੀ ਸਰਕਾਰ ਨੇ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵਲੋਂ ਵੀ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਧਿਆਨ ਰਹੇ ਕਿ ਸ਼ਹੀਦ ਹੋਏ ਚਾਰ ਕਿਸਾਨਾਂ ਵਿਚੋਂ ਤਿੰਨ ਦਾ ਲੰਘੇ ਕੱਲ੍ਹ ਸਸਕਾਰ ਕੀਤਾ ਗਿਆ ਸੀ ਅਤੇ ਚੌਥੇ ਕਿਸਾਨ ਗੁਰਵਿੰਦਰ ਸਿੰਘ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਯੂਪੀ ਦੇ ਲਖੀਮਪੁਰ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ। ਜਿਸ ਦੌਰਾਨ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਸਣੇ 9 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਯੂਪੀ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ 45-45 ਲੱਖ ਰੁਪਏ ਦਿੱਤੇ ਹਨ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।