Breaking News
Home / ਭਾਰਤ / ਕਿਸਾਨ ਮਸਲੇ ਸੁਲਝਾਉਣ ਲਈ ਚੰਨੀ ਨੇ ਸ਼ਾਹ ਦਾ ਨਿੱਜੀ ਦਖ਼ਲ ਮੰਗਿਆ

ਕਿਸਾਨ ਮਸਲੇ ਸੁਲਝਾਉਣ ਲਈ ਚੰਨੀ ਨੇ ਸ਼ਾਹ ਦਾ ਨਿੱਜੀ ਦਖ਼ਲ ਮੰਗਿਆ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਬਾਰੇ ਵੀ ਕੀਤੀ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਦੀ ਅਪੀਲ ਵੀ ਕੀਤੀ। ਚੰਨੀ ਨੇ ਪੰਜਾਬ ਵਿਚ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਦਾ ਮੁੱਦਾ ਵੀ ਚੁੱਕਿਆ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦਾਂ ਸੀਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਤੋੜਨ ਵਿਚ ਮਦਦ ਮਿਲੇਗੀ।
ਮੁੱਖ ਮੰਤਰੀ ਚੰਨੀ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਸਮੀ ਮੁਲਾਕਾਤ ਕਰਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਪਲੇਠੀ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਉਨ੍ਹਾਂ ਨੂੰ ਸੁਖਾਵੇਂ ਮਾਹੌਲ ਵਿਚ ਹੋਈ ਗੱਲਬਾਤ ਤੋਂ ਬਾਅਦ ਇਸ ਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ। ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦੇ ਹੋਏ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫ਼ੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਸਬੰਧੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਆਪਕ ਚਰਚਾ ਮਗਰੋਂ ਲਾਂਘਾ ਖੋਲ੍ਹਣ ਬਾਰੇ ਫ਼ੈਸਲਾ ਲੈਣਗੇ।

Check Also

ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ …