ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਨੇ ਚੜ੍ਹਾਈ ਗੱਡੀ – ਚਾਰ ਕਿਸਾਨਾਂ ਸਣੇ 9 ਮੌਤਾਂ
ਕੇਂਦਰੀ ਮੰਤਰੀ ਦੇ ਪੁੱਤਰ ਖਿਲਾਫ ਕੇਸ ਦਰਜ – ਕਿਸਾਨ ਆਗੂਆਂ ਨਾਲ ਹੋਏ ਸਮਝੌਤੇ ਤਹਿਤ ਪੀੜਤਾਂ ਦੇ ਵਾਰਸਾਂ ਨੂੰ ਮਿਲਿਆ
45-45 ਲੱਖ ਰੁਪਏ ਦਾ ਮੁਆਵਜ਼ਾ, ਘਰ ਦੇ ਇਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ, ਜ਼ਖ਼ਮੀਆਂ ਨੂੰ 10-10 ਲੱਖ
ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਐਤਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਨੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਕਾਰਨ ਚਾਰ ਕਿਸਾਨਾਂ ਸਣੇ 9 ਵਿਅਕਤੀਆਂ ਦੀ ਮੌਤ ਹੋ ਗਈ। ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਲੋਂ ਲਖੀਮਪੁਰ ਖੀਰੀ ਦੀਆਂ ਘਟਨਾਵਾਂ ਤੋਂ ਬਾਅਦ ਲਗਾਤਾਰ ਤਾਨਾਸ਼ਾਹੀ ਫਰਮਾਨ ਜਾਰੀ ਕੀਤੇ ਗਏ। ਇੰਟਰਨੈਟ ਸੇਵਾ ਪੂਰੀ ਤਰ੍ਹਾਂ ਕਰ ਦਿੱਤੀ ਗਈ ਸੀ। ਪੰਜਾਬ ਸੂਬੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ ਦੇ ਹੁਕਮ ਵੀ ਸੁਣਾਏ ਗਏ। ਧਿਆਨ ਰਹੇ ਕਿ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਵਿਚਾਲੇ ਟਕਰਾਅ ਹੋ ਗਿਆ ਸੀ। ਇਸ ਦੌਰਾਨ ਚਾਰ ਕਿਸਾਨਾਂ ਸਮੇਤ 9 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਦੱਸਿਆ ਜਾ ਰਿਹਾ ਹੈ ਜਦੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਸਨ ਤਾਂ ਭਾਜਪਾ ਆਗੂਆਂ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਸੰਯੁਕਤ ਕਿਸਾਨ ਮੋਰਚੇ ਵਲੋਂ ਘਟਨਾ ਲਈ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਤੇ ਸਾਥੀਆਂ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਜਿਨ੍ਹਾਂ ਚਾਰ ਕਿਸਾਨਾਂ ਦੀ ਜਾਨ ਗਈ ਹੈ ਕਿ ਉਨ੍ਹਾਂ ਵਿਚ ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਦਲਜੀਤ ਸਿੰਘ ਤੇ ਨਛੱਤਰ ਸਿੰਘ ਸ਼ਾਮਲ ਹਨ।
ਇਸੇ ਦੌਰਾਨ ਕਿਸਾਨ ਆਗੂਆਂ ਵੱਲੋਂ ਬਣਾਏ ਦਬਾਅ ਮਗਰੋਂ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਸਾਥੀਆਂ ਖਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮੰਨ ਲਈਆਂ ਹਨ। ਅੰਦੋਲਨਕਾਰੀ ਕਿਸਾਨਾਂ ਤੇ ਸਥਾਨਕ ਪ੍ਰਸ਼ਾਸਨ ਦਰਮਿਆਨ ਹੋਏ ਸਮਝੌਤੇ ਤਹਿਤ ਇਸ ਪੂਰੇ ਮਾਮਲੇ ਦੀ ਹਾਈਕੋਰਟ ਦੇ ਸੇਵਾ ਮੁਕਤ ਜੱਜ ਤੋਂ ਜਾਂਚ ਕਰਵਾਈ ਜਾਵੇਗੀ। ਯੂਪੀ ਪੁਲਿਸ ਨੇ ਇਸ ਪੂਰੇ ਮਾਮਲੇ ਵਿੱਚ ਦੋ ਐੱਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਆਸ਼ੀਸ਼ ਮਿਸ਼ਰਾ ਸਮੇਤ 15 ਵਿਅਕਤੀਆਂ ਦੇ ਨਾਂ ਸ਼ਾਮਲ ਹਨ।
ਸਮਝੌਤੇ ਦੀਆਂ ਹੋਰਨਾਂ ਸ਼ਰਤਾਂ ਵਿੱਚ ਘਟਨਾ ਦੌਰਾਨ ਮਾਰੇ ਗਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦੇ ਮੁਆਵਜ਼ੇ ਦੇ ਨਾਲ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਸਮਝੌਤਾ ਸਿਰੇ ਚੜ੍ਹਨ ਤੋਂ ਪਹਿਲਾਂ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਵਿੱਚ ਰਾਕੇਸ਼ ਟਿਕੈਤ, ਗੁਰਮਨੀਤ ਸਿੰਘ ਮਾਂਗਟ, ਬਾਬਾ ਅਨੂਪ ਸਿੰਘ, ਜਗਤਾਰ ਸਿੰਘ ਵਿਰਕ ਤੇ ਹੋਰ ਆਗੂ ਮੌਜੂਦ ਸਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦੀ ਮੌਜੂਦਗੀ ਵਿੱਚ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਯੂਪੀ ਦੇ ਵਧੀਕ ਡੀਜੀਪੀ (ਕਾਨੂੰਨ ਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਮਗਰੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ, ”ਕਿਸਾਨਾਂ ਨਾਲ ਸਮਝੌਤਾ ਸਿਰੇ ਚੜ੍ਹ ਗਿਆ ਹੈ। ਸਰਕਾਰ ਐਤਵਾਰ ਨੂੰ ਹੋਈ ਹਿੰਸਾ ਦੌਰਾਨ ਮਾਰੇ ਗਏ ਚਾਰ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 45-45 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਇਕ-ਇਕ ਜੀਅ ਨੂੰ ਸਥਾਨਕ ਪੱਧਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।” ਉਨ੍ਹਾਂ ਕਿਹਾ, ”ਸਰਕਾਰ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦੇਣ ਤੋਂ ਇਲਾਵਾ ਇਸ ਪੂਰੇ ਮਾਮਲੇ ਦੀ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਤੋਂ ਜਾਂਚ ਕਰਵਾਏਗੀ। ਕਿਸਾਨਾਂ ਦੀ ਮੰਗ ਮੁਤਾਬਕ ਸਬੰਧਤਾਂ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਜਾਵੇਗੀ।” ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਆਮਦ ਦਾ ਵਿਰੋਧ ਕਰਨ ਨੂੰ ਲੈ ਕੇ ਇਕੱਠੇ ਹੋਏ ਕਿਸਾਨਾਂ ‘ਤੇ ਗੱਡੀਆਂ ਚੜ੍ਹਨ ਮਗਰੋਂ ਭੜਕੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ ਚਾਰ ਭਾਜਪਾ ਵਰਕਰ ਸਨ, ਜੋ ਉਪ ਮੰਤਰੀ ਦੇ ਕਾਫ਼ਲੇ ਵਿੱਚ ਸ਼ਾਮਲ ਕਾਰ ‘ਤੇ ਸਵਾਰ ਸਨ।
ਕੇਂਦਰੀ ਰਾਜ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ :ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਮੋਰਚੇ ਨੇ ਪੱਤਰ ਵਿੱਚ ਲਿਖਿਆ, ”ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਫੌਰੀ ਅਹੁਦੇ ਤੋਂ ਹਟਾ ਕੇ ਉਨ੍ਹਾਂ ਖਿਲਾਫ ਹਿੰਸਾ ਭੜਕਾਉਣ ਤੇ ਫਿਰਕੂ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਜਾਵੇ। ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਉਰਫ ਮੋਨੂ ਤੇ ਉਸ ਦੇ ਸਾਥੀ ਗੁੰਡਿਆਂ ਖਿਲਾਫ਼ ਆਈਪੀਸੀ ਦੀ ਧਾਰਾ 302 (ਕਤਲ) ਕੇਸ ਦਰਜ ਕਰਕੇ ਉਨ੍ਹਾਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ।” ਵੱਖ ਵੱਖ ਕਿਸਾਨ ਯੂਨੀਅਨਾਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਵਿਸ਼ੇਸ਼ ਜਾਂਚ ਟੀਮ ਕੋਲੋਂ ਜਾਂਚ ਕਰਵਾਈ ਜਾਵੇ।
ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਸੈੱਲ ਦੇ ਮੈਂਬਰ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਨੀਆਂ ਗਈਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਮ੍ਰਿਤਕਾਂ ਦੇ ਭੋਗ ਸਮਾਗਮਾਂ ਉਪਰ ਅਗਲੇ ਐਕਸ਼ਨ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਰਵੱਈਏ ਤੋਂ ਅਜਿਹਾ ਨਹੀਂ ਜਾਪਦਾ ਕਿ ਉਹ ਅੱਗੇ ਜਾ ਕੇ ਮੰਗਾਂ ਨਾ ਮੰਨੇ ਤੇ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਅਖਿਲੇਸ਼ ਤੇ ਰਾਮੂਵਾਲੀਆ ਨੂੰ ਵੀ ਪੁਲਿਸ ਨੇ ਹਿਰਾਸਤ ‘ਚ ਲਿਆ
ਲਖੀਮਪੁਰ ਖੀਰੀ ‘ਚ ਕਿਸਾਨਾਂ ਨਾਲ ਹਮਦਰਦੀ ਜਤਾਉਣ ਲਈ ਜਾਣ ਦੀ ਕੋਸ਼ਿਸ਼ ਕਰ ਰਹੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸਕੱਤਰ ਜਨਰਲ ਰਾਮ ਗੋਪਾਲ, ਪਾਰਟੀ ਐੱਮਐੱਲਸੀ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਅਹਿਮਦ ਹਸਨ ਅਤੇ ਹੋਰ ਆਗੂਆਂ ਨੂੰ ਲਖਨਊ ‘ਚ ਅਖਿਲੇਸ਼ ਦੇ ਘਰ ਦੇ ਬਾਹਰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਸੁਖਜਿੰਦਰ ਰੰਧਾਵਾ ਤੇ ਨਾਗਰਾ ਨੂੰ ਯੂਪੀ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਯੂਪੀ ਪੁਲਿਸ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਛੇ ਵਿਧਾਇਕਾਂ ਸਮੇਤ ਜਬਰੀ ਹਿਰਾਸਤ ਵਿੱਚ ਲੈ ਲਿਆ। ਯੂਪੀ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਉੱਪ ਮੁੱਖ ਮੰਤਰੀ ਰੰਧਾਵਾ ਦੀ ਗ੍ਰਿਫ਼ਤਾਰੀ ਮਗਰੋਂ ਸ਼ਾਹਜਹਾਂਪੁਰ ਦੀ ਪੁਲਿਸ ਚੌਕੀ ਅੱਗੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੱਤਰ ਲਿਖ ਕੇ ਪੀੜਤ ਕਿਸਾਨ ਪਰਿਵਾਰਾਂ ਦੇ ਘਰਾਂ ਦਾ ਦੌਰਾ ਕਰਨ ਦੀ ਪ੍ਰਵਾਨਗੀ ਮੰਗੀ ਸੀ ਪ੍ਰੰਤੂ ਯੂਪੀ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਉੱਤਰ ਪ੍ਰਦੇਸ਼ ਸਰਕਾਰ ਨੇ ਸਭ ਰਸਤੇ ਬੰਦ ਕਰ ਦਿੱਤੇ ਤਾਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਛੇ ਕਾਂਗਰਸੀ ਵਿਧਾਇਕ ਯੂਪੀ ਲਈ ਸੜਕੀ ਰਸਤੇ ਰਵਾਨਾ ਹੋ ਗਏ। ਜਦੋਂ ਯਮੁਨਾਨਗਰ ਤੋਂ ਉਪ ਮੁੱਖ ਮੰਤਰੀ ਰੰਧਾਵਾ ਸਹਾਰਨਪੁਰ ਪੁੱਜੇ ਤਾਂ ਉੱਤਰ ਪ੍ਰਦੇਸ਼ ਦੀ ਸੀਮਾ ‘ਤੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਕਾਂਗਰਸੀ ਆਗੂਆਂ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨਾਲ ਖਿੱਚ-ਧੂਹ ਕੀਤੀ। ਰੰਧਾਵਾ ਦੇ ਨਾਲ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰਨਾਂ ਵਿਧਾਇਕਾਂ ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਵੀ ਸਨ। ਉੱਤਰ ਪ੍ਰਦੇਸ਼ ਪੁਲਿਸ ਸਾਰੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸਹਾਰਨਪੁਰ ਇਲਾਕੇ ਦੇ ਥਾਣੇ ਲੈ ਗਈ ਸੀ।
ਕੇਂਦਰੀ ਮੰਤਰੀ ਨੇ ਪਹਿਲਾਂ ਵੀ ਕਿਸਾਨਾਂ ਨੂੰ ਦਿੱਤੀ ਸੀ ਧਮਕੀ
ਲਖਨਊ : ਲਖੀਮਪੁਰ ਖੀਰੀ ‘ਚ ਹੋਏ ਹਿੰਸਕ ਕਾਂਡ ਕਾਰਨ ਵਿਵਾਦਾਂ ‘ਚ ਘਿਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਧਮਕੀ ਦਿੰਦਾ ਦਿਖਾਈ ਦੇ ਰਿਹਾ ਹੈ। ਐਤਵਾਰ ਨੂੰ ਹਿੰਸਕ ਕਾਂਡ ਤੋਂ ਪਹਿਲਾਂ ਨਸ਼ਰ ਵੀਡੀਓ ‘ਚ ਖੀਰੀ ਤੋਂ ਭਾਜਪਾ ਦੇ ਦੋ ਵਾਰ ਸੰਸਦ ਮੈਂਬਰ ਮਿਸ਼ਰਾ ਨੇ ਕਿਹਾ,”ਮੇਰੇ ਸਾਹਮਣੇ ਆਓ, ਤੁਹਾਨੂੰ ਸੁਧਾਰਨ ‘ਚ ਮੈਨੂੰ ਸਿਰਫ਼ ਦੋ ਮਿੰਟ ਲਗਣਗੇ। ਮੈਂ ਸਿਰਫ਼ ਮੰਤਰੀ ਜਾਂ ਸੰਸਦ ਮੈਂਬਰ ਜਾਂ ਵਿਧਾਇਕ ਨਹੀਂ ਹਾਂ। ਸੰਸਦ ਮੈਂਬਰ ਬਣਨ ਤੋਂ ਪਹਿਲਾਂ ਜਿਹੜੇ ਲੋਕ ਮੈਨੂੰ ਜਾਣਦੇ ਹਨ ਉਨ੍ਹਾਂ ਨੂੰ ਪਤਾ ਹੈ ਕਿ ਮੈਂ ਕਿਸੇ ਵੀ ਚੁਣੌਤੀ ਤੋਂ ਭੱਜਣ ਵਾਲਾ ਨਹੀਂ ਹਾਂ। ਜਿਸ ਦਿਨ ਮੈਂ ਚੁਣੌਤੀ ਨੂੰ ਸਵੀਕਾਰ ਕਰ ਲਿਆ ਤਾਂ ਤੁਹਾਨੂੰ ਸਾਰਿਆਂ ਨੂੰ ਨਾ ਸਿਰਫ਼ ਪਾਲੀਆ ਸਗੋਂ ਲਖੀਮਪੁਰ ਵੀ ਖਾਲੀ ਕਰਨਾ ਪਵੇਗਾ।” ਸੂਤਰਾਂ ਨੇ ਕਿਹਾ ਕਿ ਮਿਸ਼ਰਾ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਕਿਸਾਨਾਂ ਨੇ ਪਿਛਲੇ ਮਹੀਨੇ ਪਾਲੀਆ ‘ਚ ਉਸ ਨੂੰ ਕਾਲੇ ਝੰਡੇ ਦਿਖਾਏ ਸਨ। ਸਥਾਨਕ ਕਿਸਾਨ ਆਗੂ ਗੁਰਮੀਤ ਸਿੰਘ ਨੇ ਇਕ ਟੀਵੀ ਚੈਨਲ ਨੂੰ ਦੱਸਿਆ ਕਿ 25 ਸਤੰਬਰ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਮਿਸ਼ਰਾ ਨੂੰ ਕਾਲੇ ਝੰਡੇ ਦਿਖਾਏ ਸਨ।
ਭੁੱਖ ਹੜਤਾਲ ‘ਤੇ ਬੈਠੀ ਪ੍ਰਿਯੰਕਾ ਗਾਂਧੀ
ਲਖਨਊ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਯੂਪੀ ਦੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਲਏ ਜਾਣ ਮਗਰੋਂ ਭੁੱਖ ਹੜਤਾਲ ‘ਤੇ ਬੈਠ ਗਈ। ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਲਈ ਰਵਾਨਾ ਹੋਈ ਪ੍ਰਿਯੰਕਾ ਨੂੰ ਰਾਹ ਵਿੱਚ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਪ੍ਰਿਯੰਕਾ ਹੋਰਨਾਂ ਕਾਂਗਰਸੀ ਆਗੂਆਂ, ਜਿਨ੍ਹਾਂ ਵਿੱਚ ਦੀਪੇਂਦਰ ਹੁੱਡਾ ਵੀ ਸ਼ਾਮਲ ਸਨ, ਨਾਲ ਕਿਸੇ ਤਰ੍ਹਾਂ ਲਖੀਮਪੁਰ ਸਰਹੱਦ ‘ਤੇ ਪੁੱਜੀ, ਪਰ ਪੁਲਿਸ ਨੇ ਕਾਂਗਰਸੀ ਆਗੂ ਨੂੰ ਹਿੰਸਾ ਵਿੱਚ ਮਾਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮਿਲਣ ਤੋਂ ਰੋਕ ਦਿੱਤਾ। ਯੂਪੀ ਕਾਂਗਰਸ ਨੇ ਇਕ ਟਵੀਟ ਵਿੱਚ ਕਿਹਾ, ”ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਹ ਹੁਣ ਭੁੱਖ ਹੜਤਾਲ ‘ਤੇ ਹਨ। ਕਾਂਗਰਸੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਸਰਕਾਰ ਨੂੰ ਸਾਡੀਆਂ ਮੰਗਾਂ ਅੱਗੇ ਝੁਕਣਾ ਹੋਵੇਗਾ। ਨਿਆਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਚੁੱਕਿਆ ਜਾਵੇਗਾ।” ਪਾਰਟੀ ਵੱਲੋਂ ਰਿਲੀਜ਼ ਵੀਡੀਓ ਵਿੱਚ ਪ੍ਰਿਯੰਕਾ ਗਾਂਧੀ ਇਕ ਕਮਰੇ, ਜਿਸ ਵਿੱਚ ਉਸ ਨੂੰ ਰੱਖਿਆ ਗਿਆ ਹੈ, ਦੀ ਸਾਫ਼ ਸਫ਼ਾਈ ਕਰਦੀ ਨਜ਼ਰ ਆ ਰਹੀ ਹੈ। ਪ੍ਰਿਯੰਕਾ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਕਿਸਾਨਾਂ ਨੂੰ ਪੈਰਾਂ ਹੇਠ ਮਧੋਲਣ ਦੀ ਸਿਆਸਤ ਖੇਡ ਰਹੀ ਹੈ। ਇਕ ਟਵੀਟ ‘ਚ ਪ੍ਰਿਯੰਕਾ ਨੇ ਕਿਹਾ, ”ਭਾਜਪਾ ਸਰਕਾਰ ਕਿਸਾਨਾਂ ਨੂੰ ਪੈਰਾਂ ਹੇਠ ਮਧੋਲਣ ਤੇ ਉਨ੍ਹਾਂ ਨੂੰ ਖ਼ਤਮ ਕਰਨ ਦੀ ਸਿਆਸਤ ਖੇਡ ਰਹੀ ਹੈ।’
ਨਿਆਂ ਦੀ ਲੜਾਈ ਜਿੱਤਣਗੇ ਕਿਸਾਨ : ਰਾਹੁਲ
ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਨਿਆਂ ਦੀ ਇਸ ਲੜਾਈ ਨੂੰ ਹਰ ਹਾਲ ਜਿੱਤਣਗੇ। ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਥਿਤ ਪੀੜਤ ਪਰਿਵਾਰਾਂ ਨਾਲ ਮਿਲਣ ਤੋਂ ਰੋਕਣ ਬਾਰੇ ਰਾਹੁਲ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕ ਉਸ (ਪ੍ਰਿਯੰਕਾ) ਦੀ ਦਲੇਰੀ ਤੋਂ ਡਰਦੇ ਹਨ। ਰਾਹੁਲ ਨੇ ਹਿੰਦੀ ਵਿੱਚ ਕੀਤੇ ਟਵੀਟ ‘ਚ ਕਿਹਾ, ”ਪ੍ਰਿਯੰਕਾ ਮੈਨੂੰ ਪਤਾ ਹੈ ਕਿ ਤੁਸੀਂ ਪਿੱਛੇ ਪੈਰੀਂ ਨਹੀਂ ਹੋਵੋਗੇ। ਉਹ ਤੁਹਾਡੀ ਦਲੇਰੀ ਤੋਂ ਡਰਦੇ ਹਨ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਦੇਸ਼ ਦੇ ‘ਅੰਨਦਾਤੇ’ ਨਿਆਂ ਲਈ ਲੜੀ ਜਾ ਰਹੀ ਅਹਿੰਸਕ ਲੜਾਈ ਜਿੱਤਣ।’
ਪੰਜਾਬ ਅਤੇ ਹਰਿਆਣਾ ‘ਚ ਕਿਸਾਨਾਂ ਨੇ ਡੀਸੀ ਦਫ਼ਤਰ ਘੇਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ਹਿੰਸਾ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪੇ। ਇਸ ਦੌਰਾਨ ਸੰਘਰਸ਼ੀ ਅਖਾੜਿਆਂ ਤੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਵਿੱਚ ਵੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ।
ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਦੇ ਪੁੱਤਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਪਰ ਸ਼ਹੀਦ ਕਿਸਾਨਾਂ ਲਈ ਸਰਕਾਰ ਦੇ ਮੂੰਹੋਂ ਹਮਦਰਦੀ ਦੇ ਚਾਰ ਸ਼ਬਦ ਨਹੀਂ ਸਰੇ।
ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਐਡਵੋਕੇਟ ਪ੍ਰੇਮ ਸਿੰਘ ਭੰਗੂ ਅਤੇ ਜੰਗਬੀਰ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਬੌਖਲਾ ਗਈ ਹੈ ਅਤੇ ਉਸ ਨੂੰ ਕਿਸਾਨ ਅੰਦੋਲਨ ਦਾ ਕੋਈ ਤੋੜ ਨਹੀਂ ਲੱਭ ਰਿਹਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ 16 ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ।
ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਖਿਲਾਫ ਹਿੰਸਾ ਭੜਕਾਉਣ ਤੇ ਫਿਰਕੂ ਨਫ਼ਰਤ ਫੈਲਾਉਣ ਦਾ ਕੇਸ ਦਰਜ ਕਰਕੇ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਮੋਨੀ’ ਅਤੇ ਉਸ ਦੇ ਸਾਥੀਆਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਸੇ ਦੌਰਾਨ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਖ਼ਿਲਾਫ਼ ਸੂਬੇ ਭਰ ‘ਚ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਿਸਾਨ ਆਗੂਆਂ ਨੇ ਹਰਿਆਣਾ ਦੇ ਹਿਸਾਰ, ਕਰਨਾਲ, ਅੰਬਾਲਾ, ਕੈਥਲ, ਚੀਕਾ, ਕੁਰੂਕਸ਼ੇਤਰ, ਜੀਂਦ, ਭਿਵਾਨੀ, ਯਮੂਨਾਨਗਰ, ਸਿਰਸਾ ਸਣੇ ਹੋਰਨਾਂ ਸੂਬਿਆਂ ‘ਚ ਮਿੰਨੀ ਸਕੱਤਰੇਤ ਮੂਹਰੇ ਰੋਸ ਪ੍ਰਦਰਸ਼ਨ ਕੀਤੇ। ਹਰਿਆਣਾ ਕਾਂਗਰਸ ਨੇ ਵੀ ਲਖੀਮਪੁਰ ਖੀਰੀ ‘ਚ ਵਾਰੀ ਘਟਨਾ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਖ਼ਿਲਾਫ਼ ਸੂਬੇ ਭਰ ‘ਚ ਰੋਸ ਮੁਜ਼ਾਹਰੇ ਕੀਤੇ।
ਸਿੰਘੂ ਮੋਰਚੇ ‘ਤੇ ਕਿਸਾਨਾਂ ਨੇ ਮੌਨ ਮਾਰਚ ਕੱਢਿਆ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਪਰ ਗੱਡੀਆਂ ਚੜ੍ਹਾਉਣ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਸਿੰਘੂ ਬਾਰਡਰ ਉੱਪਰ ਮੌਨ ਮਾਰਚ ਕੱਢਿਆ ਗਿਆ। ਮਾਰਚ ਵਿੱਚ ਸੀਨੀਅਰ ਕਿਸਾਨ ਆਗੂਆਂ ਤੋਂ ਇਲਾਵਾ ਇਲਾਕੇ ਦੇ ਕਿਸਾਨ ਸ਼ਾਮਲ ਹੋਏ। ਇਸ ਮਗਰੋਂ ਕਿਸਾਨ ਆਗੂਆਂ ਨੇ ਭਖ਼ਵੀਆਂ ਤਕਰੀਰਾਂ ਕੀਤੀਆਂ ਤੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਭਾਜਪਾ ਦੀਆਂ ਚੂਲ਼ਾਂ ਹਿਲਾਉਣ ਵਾਲਾ ਕਰਾਰ ਦਿੱਤਾ। ਜਗਜੀਤ ਸਿੰਘ ਡੱਲੇਵਾਲ, ਕੰਵਲਜੀਤ ਸਿੰਘ ਤੇ ਹੋਰ ਆਗੂਆਂ ਨੇ ਉੱਤਰ ਪ੍ਰਦੇਸ਼ ਸਰਕਾਰ ਤੇ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਕਿਸਾਨ ਆਗੂ ਜਗਮੋਹਨ ਸਿੰਘ ਤੇ ਕਿਰਨਜੀਤ ਸਿੰਘ ਸੇਖੋਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਵਾਪਰੀਆਂ ਘਟਨਾਵਾਂ ਲਈ ਕੇਂਦਰੀ ਰਾਜ ਮੰਤਰੀ ਦਾ ਪੁੱਤਰ ਤੇ ਸਾਥੀ ਜ਼ਿੰਮੇਵਾਰ ਹਨ। ਮੋਨ ਮਾਰਚ ਦੌਰਾਨ ਕਿਸਾਨਾਂ ਨੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਸ਼ਮੂਲੀਅਤ ਕੀਤੀ ਤੇ ਆਪਣਾ ਰੋਸ ਪ੍ਰਗਟਾਇਆ।
ਔਜਲਾ ਦੀ ਅਗਵਾਈ ‘ਚ ਜੱਲ੍ਹਿਆਂਵਾਲਾ ਬਾਗ਼ ਤੱਕ ਮੋਮਬੱਤੀ ਮਾਰਚ
ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਜੱਲ੍ਹਿਆਂਵਾਲਾ ਬਾਗ਼ ਤੱਕ ਮੋਮਬੱਤੀ ਮਾਰਚ ਕੱਢਣ ਮਗਰੋਂ ਸ਼ਹੀਦੀ ਸਮਾਰਕ ਅੱਗੇ ਮੋਮਬੱਤੀਆਂ ਬਾਲ ਕੇ ਲਖੀਮਪੁਰ ਖੀਰੀ ਹਿੰਸਾ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਾਂਗਰਸ ਕਿਸਾਨਾਂ ਦਾ ਸਮਰਥਨ ਜਾਰੀ ਰੱਖੇਗੀ। ਗੁਰਜੀਤ ਸਿੰਘ ਔਜਲਾ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਗੋਲੀਆਂ ਚਲਾਉਣ ਅਤੇ ਉਨ੍ਹਾਂ ਨੂੰ ਵਾਹਨਾਂ ਹੇਠ ਕੁਚਲਣ ਦੀ ਤੁਲਨਾ ਜਨਰਲ ਡਾਇਰ ਵੱਲੋਂ ਜੱਲ੍ਹਿਆਂਵਾਲਾ ਬਾਗ ਵਿੱਚ ਕੀਤੀ ਗਈ ਕਾਰਵਾਈ ਨਾਲ ਕੀਤੀ।