-1.9 C
Toronto
Wednesday, March 18, 2026
spot_img
Homeਪੰਜਾਬਚਰਨਜੀਤ ਚੰਨੀ ਨੇ ਕੈਬਨਿਟ ਸਾਥੀਆਂ ਸਣੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਰਨਜੀਤ ਚੰਨੀ ਨੇ ਕੈਬਨਿਟ ਸਾਥੀਆਂ ਸਣੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਸਾਥੀਆਂ ਨੂੰ ਨਾਲ ਲੈ ਕੇ ਸੋਮਵਾਰ ਨੂੰ ਰਾਜ ਭਵਨ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਬਾਰੇ ਯਾਦ-ਪੱਤਰ ਸੌਂਪਿਆ. ਮੁੱਖ ਮੰਤਰੀ ਨੇ ਯਾਦ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ‘ਤੇ ਜ਼ੋਰ ਪਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰ ਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ. ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਲਖੀਮਪੁਰ ਖੀਰੀ ਦੀ ਘਟਨਾ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਦਿੱਤਾ ਹੈ। ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਇਸ ਘਿਣਾਉਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨੇ ਵੀ ਅਸਰ-ਰਸੂਖ਼ ਜਾਂ ਪਹੁੰਚ ਵਾਲੇ ਕਿਉਂ ਨਾ ਹੋਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਲਈ ਇਨਸਾਫ਼ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓ.ਪੀ.ਸੋਨੀ., ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਡਾ. ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਲ ਸਨ।
ਪੰਜਾਬ ਮੰਤਰੀ ਮੰਡਲ ਵਲੋਂ ਲਖੀਮਪੁਰ ਘਟਨਾ ‘ਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀਆਂ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਮੰਦਭਾਗੀ ਘਟਨਾ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 2 ਮਿੰਟ ਦਾ ਮੌਨ ਰੱਖਿਆ ਗਿਆ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਿਨਾਉਣੀ ਕਾਰਵਾਈ ਦੇ ਪਰਦੇ ਪਿਛਲੇ ਅਸਲ ਦੋਸ਼ੀਆਂ ਦੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ, ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਜਾਂ ਪਹੁੰਚ ਰੱਖਦੇ ਹੋਣ। ਮੰਤਰੀ ਮੰਡਲ ਨੇ ਤਹੱਈਆ ਕਰਦਿਆਂ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੰਤਰੀ ਮੰਡਲ ਨੇ ਦੁੱਖ ਦੀ ਇਸ ਘੜੀ ‘ਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਜ਼ਾਹਿਰ ਕੀਤੀ ਅਤੇ ਮੀਟਿੰਗ ਹੋਰ ਕਿਸੇ ਕੰਮਕਾਜ ਤੋਂ ਬਿਨਾਂ ਸਮਾਪਤ ਹੋ ਗਈ। ਮੀਟਿੰਗ ‘ਚ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ, ਉਪ ਮੁੱਖ ਮੰਤਰੀ ਓ.ਪੀ ਸੋਨੀ, ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਵਿਜੈਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ, ਰਾਜ ਕੁਮਾਰ ਵੇਰਕਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਸ਼ਾਮਿਲ ਹੋਏ।

 

RELATED ARTICLES
POPULAR POSTS