ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਦੀ ਤੁਰੰਤ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਭਾਜਪਾ ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਅਤਿ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਤੇ ਪੀੜਤ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਕੁਲਵੰਤ ਸਿੰਘ ਮੰਨਣ, ਭਾਈ ਗੁਰਚਰਨ ਸਿੰਘ ਗਰੇਵਾਲ, ਜਰਨੈਲ ਸਿੰਘ ਡੋਗਰਾਂਵਾਲਾ, ਸੁਖਮੀਤ ਸਿੰਘ ਕਾਦੀਆਂ, ਹਰਭਜਨ ਸਿੰਘ ਚੀਮਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਸ਼ਾਮਲ ਹੋਣਗੇ।